Breaking News
Home / ਪੰਜਾਬ / ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਇਕ ਵਾਰ ਫਿਰ ਚੋਣ ਮੈਦਾਨ ‘ਚ

ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਬੀਬੀ ਪਰਮਜੀਤ ਕੌਰ ਖਾਲੜਾ ਇਕ ਵਾਰ ਫਿਰ ਚੋਣ ਮੈਦਾਨ ‘ਚ

ਤਰਨਤਾਰਨ/ਬਿਊਰੋ ਨਿਊਜ਼ : ਮਨੁੱਖੀ ਅਧਿਕਾਰਾਂ ਦੇ ਮੁੱਦੇ ਨੂੰ ਲੈ ਕੇ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਇਕ ਫਿਰ ਚੋਣ ਮੈਦਾਨ ਵਿੱਚ ਆਈ ਬੀਬੀ ਪਰਮਜੀਤ ਕੌਰ ਖਾਲੜਾ ਨੇ ਖਡੂਰ ਸਾਹਿਬ ਹਲਕੇ ਦੀ ਚੋਣ ਨੂੰ ਦੁਨੀਆ ਭਰ ਵਿਚ ਖਿੱਚ ਦਾ ਕੇਂਦਰ ਬਣਾ ਦਿੱਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ 1999 ਵਿੱਚ ਤਰਨਤਾਰਨ ਲੋਕ ਸਭਾ ਤੋਂ ਸੰਸਦੀ ਚੋਣ ਲੜੀ ਸੀ ਅਤੇ ਉਸ ਮੌਕੇ ਵੀ ਉਹ ਬਹੁਤ ਵਧੀਆ ਢੰਗ ਨਾਲ ਆਪਣੀ ਗੱਲ ਕਹਿਣ ਵਿੱਚ ਸਫਲ ਰਹੇ ਸਨ। ਬੀਬੀ ਖਾਲੜਾ ਦੇ ਪਤੀ ਜਸਵੰਤ ਸਿੰਘ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੇ ਘਾਣ ਦਾ ਮਾਮਲਾ ਪੂਰੀ ਦੁਨੀਆ ਵਿਚ ਉਠਾਇਆ ਸੀ, ਜਿਸ ਲਈ ਉਸ ਨੂੰ ਆਪਣੀ ਜਾਨ ਦੀ ਕੁਰਬਾਨੀ ਦੇਣੀ ਪਈ ਸੀ। ਬੀਬੀ ਖਾਲੜਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦੀ ਤਸੱਲੀ ਹੈ ਕਿ ਉਹ ਆਪਣੇ ਮੁੱਦੇ ਬਾਰੇ ਲੋਕਾਂ ਨੂੰ ਸਮਝਾਉਣ ਵਿਚ ਸਫ਼ਲ ਰਹੇ ਹਨ, ਜਿਸ ਕਰਕੇ ਲੋਕਾਂ ਨੇ ਖੁਦ ਹੀ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਅਪਣਾ ਲਿਆ ਹੈ ਅਤੇ ਹਲਕੇ ਦੇ ਲੋਕ ਆਪਣੀਆਂ ਰਾਜਸੀ ਬੰਦਸ਼ਾਂ ਨੂੰ ਤੋੜ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਚਲਾ ਰਹੇ ਹਨ। ਬੀਬੀ ਪਰਮਜੀਤ ਕੌਰ ਖਾਲੜਾ ਨੇ ਮਨੁੱਖੀ ਅਧਿਕਾਰਾਂ ਦੀ ਵਿਆਖਿਆ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਤੋਂ ਤਾਂ ਵਾਂਝੇ ਰੱਖਿਆ ਜਾ ਰਿਹਾ ਹੈ, ਕਿਸਾਨ ਨੂੰ ਉਸ ਦੇ ਹੱਕ ਨਾ ਮਿਲਣ ਕਰਕੇ ਉਹ ਆਤਮਹੱਤਿਆ ਕਰਨ ਲਈ ਮਜਬੂਰ ਹਨ, ਫਿਰਕਿਆਂ, ਜਾਤਾਂ, ਧਰਮਾਂ ਤੇ ਲਿੰਗ ਦੇ ਆਧਾਰ ‘ਤੇ ਦੇਸ਼ ਅੰਦਰ ਵਿਤਕਰੇ ਕੀਤੇ ਜਾ ਰਹੇ ਹਨ, ਜਿਹੜੇ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹਨ। ਉਨ੍ਹਾਂ ਆਪਣੇ ਅਤੇ ਰਵਾਇਤੀ ਧਿਰਾਂ ਵਿਚ ਫਰਕ ਨੂੰ ਸਪਸ਼ਟ ਕਰਦਿਆਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ-ਭਾਜਪਾ ਕੋਲ ਲੋਕਾਂ ਲਈ ਕੁਝ ਵੀ ਨਹੀਂ ਹੈ ਜਦਕਿ ਉਨ੍ਹਾਂ ਲੋਕਾਂ ਦੇ ਭਖਦੇ ਮੁੱਦਿਆਂ ਨੂੰ ਆਪਣੀ ਪਰਮ ਅਗੇਤ ਬਣਾਇਆ ਹੋਇਆ ਹੈ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …