Breaking News
Home / ਪੰਜਾਬ / ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਵੱਲੋਂ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ

ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਵੱਲੋਂ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ

ਪੰਜਾਬੀਆਂ ਦੀ ਆਨ ਤੇ ਸ਼ਾਨ ਨੂੰ ਸੱਟ ਨਾ ਮਾਰਨ ਦਾ ਕੀਤਾ ਵਚਨ
ਸੰਗਰੂਰ : ਆਮ ਆਦਮੀ ਪਾਰਟੀ ਦੇ 11 ਵਿਧਾਇਕਾਂ ਨੇ ਦੇਸ਼-ਵਿਦੇਸ਼ ਵਿਚ ਵਸਦੇ ਸਮੁੱਚੇ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ ਜਾਰੀ ਕੀਤੀ ਹੈ। ਚਿੱਠੀ ਵਿਚ ‘ਆਪ’ ਦੇ ਵਿਧਾਇਕਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਇਨ੍ਹਾਂ ਦੇ ਸਿਆਸੀ ਏਜੰਟਾਂ ਉਤੇ ‘ਆਪ’ ਦਾ ਵਜੂਦ ਖ਼ਤਮ ਕਰਨ ਲਈ ਰਚੀਆਂ ਜਾ ਰਹੀਆਂ ਸਾਜਿਸ਼ਾਂ ਦੇ ਦੋਸ਼ ਲਾਉਂਦਿਆਂ ਪੰਜਾਬੀਆਂ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ ਹੈ। ਇਸ ਵਿਚ ਮੀਡੀਆ ਦੇ ਇੱਕ ਹਿੱਸੇ ਉਪਰ ਸਰਕਾਰ ਦੇ ਪ੍ਰਭਾਵ ਹੇਠ ਕੂੜ ਪ੍ਰਚਾਰ ਕਰਨ ਦਾ ਦੋਸ਼ ਵੀ ਲਾਇਆ ਹੈ। ਵਿਧਾਇਕਾਂ ਨੇ ਰੱਬ ਨੂੰ ਹਾਜ਼ਰ-ਨਾਜ਼ਰ ਰੱਖ ਕੇ ਵਚਨ ਵੀ ਕੀਤਾ ਕਿ ਉਹ ਪੰਜਾਬੀਆਂ ਦੀ ਆਨ ਤੇ ਸ਼ਾਨ ਨੂੰ ਸੱਟ ਨਹੀਂ ਮਾਰਨਗੇ।ਇਥੇ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਤੇ ਵਿਧਾਇਕ ਅਮਨ ਅਰੋੜਾ ਅਤੇ ਵਿਰੋਧੀ ਧਿਰ ਦੇ ਨੇਤਾ ਵਿਧਾਇਕ ਹਰਪਾਲ ਸਿੰਘ ਚੀਮਾ ਨੇ ਸਾਂਝੀ ਪ੍ਰੈੱਸ ਕਾਨਫਰੰਸ ਦੌਰਾਨ 11 ਵਿਧਾਇਕਾਂ ਦੇ ਦਸਤਖ਼ਤਾਂ ਹੇਠ ਤਿੰਨ ਸਫ਼ਿਆਂ ਦੀ ਜਾਰੀ ਕੀਤੀ ਖੁੱਲ੍ਹੀ ਚਿੱਠੀ ਪੰਜਾਬੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਲੋਕ ਸਭਾ ਚੋਣਾਂ ਦੌਰਾਨ ਆਪਣੇ ਅਸਲੀ ਮੁੱਦਿਆਂ ‘ਤੇ ਕੇਂਦਰਤ ਰਹਿਣ। ਇਸ ਚਿੱਠੀ ਉਪਰ ਅਰੋੜਾ ਅਤੇ ਚੀਮਾ ਸਣੇ ਪ੍ਰਿੰਸੀਪਲ ਬੁੱਧ ਰਾਮ, ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰੋ. ਬਲਜਿੰਦਰ ਕੌਰ ਅਤੇ ਕੁਲਵੰਤ ਸਿੰਘ ਪੰਡੋਰੀ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ‘ਆਪ’ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਕਰਕੇ ਸੁਖਬੀਰ ਸਿੰਘ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਵਿਧਾਨ ਸਭਾ ਦੇ ਸਪੀਕਰ ‘ਤੇ ਵੀ ਆਹੁਦੇ ਦੀ ਮਾਣ ਮਰਿਆਣਾ ਦਾ ਘਾਣ ਕਰਨ ਦਾ ਦੋਸ਼ ਲਾਇਆ। ‘ਆਪ’ ਵਿਧਾਇਕਾਂ ਨੇ ਅਫ਼ਵਾਹਾਂ ਨੂੰ ਸਾਜਿਸ਼ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਵਿਚੋਂ ਕੋਈ ਵੀ ਕਾਂਗਰਸ ਜਾਂ ਅਕਾਲੀਆਂ ਵਿਚ ਸ਼ਾਮਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵਿਚੋਂ ਕੋਈ ਵਿਧਾਇਕ ‘ਆਪ’ ਛੱਡਦਾ ਹੈ ਤਾਂ ਸਮਝੋ ਉਹ ਪੰਜਾਬ ਤੇ ਪੰਜਾਬੀਆਂ ਦਾ ਗੱਦਾਰ ਹੈ। ਉਨ੍ਹਾਂ ‘ਆਪ’ ਛੱਡ ਕੇ ਕਾਂਗਰਸ ਵਿਚ ਸ਼ਾਮਲ ਹੋਏ ਦੋ ਵਿਧਾਇਕਾਂ ਨੇ ਪਾਰਟੀ ਦੀ ਪਿੱਠ ‘ਚ ਛੁਰਾ ਮਾਰਿਆ ਹੈ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …