ਹਾਈਕੋਰਟ ਨੇ ਦਿੱਤੀ ਜ਼ਮਾਨਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਵਿਚ ਦੋਸ਼ੀ ਵਜੋਂ ਗ੍ਰਿਫ਼ਤਾਰ ਕੀਤੇ ਮੋਗਾ ਦੇ ਸਾਬਕਾ ਐਸ ਐਸ ਪੀ ਚਰਨਜੀਤ ਸ਼ਰਮਾ ਦੀ ਜ਼ਮਾਨਤ ਦੀ ਅਰਜ਼ੀ ਮਨਜ਼ੂਰ ਕਰ ਲਈ। ਚਰਨਜੀਤ ਸ਼ਰਮਾ ਅੱਜ ਕੱਲ੍ਹ ਪਟਿਆਲਾ ਜੇਲ੍ਹ ਵਿਚ ਬੰਦ ਹੈ। ਸ਼ਰਮਾ ਨੇ ਖਰਾਬ ਸਿਹਤ ਦੇ ਆਧਾਰ ‘ਤੇ ਜ਼ਮਾਨਤ ਲਈ ਅਰਜ਼ੀ ਲਾਈ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਵਿਸ਼ੇਸ਼ ਜਾਂਚ ਟੀਮ ਨੇ ਲੰਘੇ ਕੱਲ੍ਹ ਹੀ ਚਰਨਜੀਤ ਸ਼ਰਮਾ ਤੇ ਹੋਰ ਮੁਲਜ਼ਮਾਂ ਖਿਲਾਫ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਸੀ। ਸ਼ਰਮਾ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸਾਬਕਾ ਐਸਐਸਪੀ ਦਿਲ ਦੇ ਮਰੀਜ਼ ਹਨ ਅਤੇ ਉਨ੍ਹਾਂ ਦਾ ਇਲਾਜ ਜ਼ਰੂਰੀ ਹੈ। ਸਰਕਾਰੀ ਵਕੀਲ ਨੇ ਇਸ ਦਾ ਵਿਰੋਧ ਕੀਤਾ ਪਰ ਫਿਰ ਵੀ ਅਦਾਲਤ ਨੇ ਸ਼ਰਮਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ।