ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੀਤਾ ਸੀ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਜਨਰਲ ਵਰਗ ਨੂੰ ਰਾਹਤ ਦਿੰਦਿਆਂ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕਰ ਦਿੱਤਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਨੇ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂਕਰਨ ਦਾ ਐਲਾਨ ਕੀਤਾ ਸੀ। ਕੈਪਟਨ ਸਰਕਾਰ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ ਅਤੇ ਇਸ ਨਾਲ ਆਰਥਿਕ ਤੌਰ ‘ਤੇ ਕਮਜ਼ੋਰ ਜਨਰਲ ਵਰਗ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਰਕਾਰ ਦੇ ਫੈਸਲੇ ਨਾਲ ਸੂਬਾ ਸਰਕਾਰ ਦੀਆਂ ਨੌਕਰੀਆਂ ਵਿੱਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ ਦੇ ਵਿਅਕਤੀਆਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਹ ਫ਼ੈਸਲਾ ਸਿੱਧੀ ਭਰਤੀ ਤੇ ਹੋਰ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ। ਜ਼ਿਕਰਯੋਗ ਹੈ ਕਿ ਜਨਰਲ ਵਰਗ ਦੇ ਉਨ੍ਹਾਂ ਵਿਅਕਤੀਆਂ ਨੂੰ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ। ਇਸ ਤੋਂ ਇਲਾਵਾ ਜਿਨ੍ਹਾਂ ਦੇ ਪਰਿਵਾਰ ਦੀ ਕੁੱਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ।