Breaking News
Home / ਪੰਜਾਬ / ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੇ ਚਲਾਨ ‘ਚ ਬਾਦਲਾਂ ਦਾ ਨਾਂ ਵੀ ਛੇਤੀ!

ਬੇਅਦਬੀ ਤੇ ਗੋਲੀ ਕਾਂਡ ਮਾਮਲੇ ਦੇ ਚਲਾਨ ‘ਚ ਬਾਦਲਾਂ ਦਾ ਨਾਂ ਵੀ ਛੇਤੀ!

ਫਰੀਦਕੋਟ : ਐਸਆਈਟੀ ਵਲੋਂ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ ਦੀ ਘਟਨਾ ਬਾਰੇ ਫਰੀਦਕੋਟ ਦੀ ਅਦਾਲਤ ਵਿਚ ਦਾਖਲ ਕਰੀਬ ਦੋ ਹਜ਼ਾਰ ਪੇਜ਼ ਦੇ ਚਲਾਨ ਵਿਚ ਕਈ ਸਨਸਨੀਖੇਜ਼ ਖੁਲਾਸੇ ਕੀਤੇ ਗਏ ਹਨ। ਚਲਾਨ ਵਿਚ ਐਸਆਈਟੀ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਉਸ ਸਮੇਂ ਦੀ ਡੀਜੀਪੀ ਸੁਮੇਧ ਸਿੰਘ ਸੈਣੀ, ਤੱਤਕਾਲੀਨ ਡੀਆਈਜੀ ਫਿਰੋਜ਼ਪੁਰ ਅਮਰ ਸਿੰਘ ਚਹਿਲ ਸਮੇਤ ਕੁਝ ਹੋਰਾਂ ਨੂੰ ਜਾਂਚ ਦੇ ਦਾਇਰੇ ਵਿਚ ਲਿਆਉਣ ਦਾ ਜ਼ਿਕਰ ਕੀਤਾ ਹੈ। ਇਨ੍ਹਾਂ ਖਿਲਾਫ ਜਲਦ ਹੀ ਸਪਲੀਮੈਂਟਰੀ ਚਲਾਨ ਪੇਸ਼ ਕਰਨ ਦੀ ਗੱਲ ਕਹੀ ਜਾ ਰਹੀ ਹੈ।
ਉਮਰਾਨੰਗਲ, ਚਰਨਜੀਤ ਸ਼ਰਮਾ ਤੇ ਮਨਤਾਰ ਬਰਾੜ ਖ਼ਿਲਾਫ਼ ਐਸ.ਆਈ.ਟੀ. ਵਲੋਂ ਚਲਾਨ ਪੇਸ਼
ਫ਼ਰੀਦਕੋਟ : ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਮੈਂਬਰ ਕੁੰਵਰ ਵਿਜੈ ਪ੍ਰਤਾਪ ਦੀ ਟੀਮ ਵਿੱਚ ਵਾਪਸੀ ਤੋਂ ਕੁਝ ਘੰਟਿਆਂ ਬਾਅਦ ਹੀ ਜਾਂਚ ਟੀਮ ਨੇ ਕੋਟਕਪੂਰਾ ਗੋਲੀ ਕਾਂਡ ਵਿੱਚ ਪੰਜਾਬ ਦੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਸਾਬਕਾ ਸੰਸਦੀ ਸਕੱਤਰ ਮਨਤਾਰ ਸਿੰਘ ਬਰਾੜ, ਏਡੀਸੀਪੀ ਪਰਮਜੀਤ ਸਿੰਘ ਪੰਨੂੰ, ਡੀਐੱਸਪੀ ਬਲਜੀਤ ਸਿੰਘ, ਐਸਐਚਓ ਗੁਰਦੀਪ ਸਿੰਘ ਪੰਧੇਰ ਖ਼ਿਲਾਫ਼ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਹੈ। ਅਦਾਲਤ ਨੇ ਚਲਾਨ ਪੇਸ਼ ਹੋਣ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ 6 ਜੂਨ ਤੱਕ ਮੁਲਤਵੀ ਕਰ ਦਿੱਤੀ ਹੈ। ਜੁਡੀਸ਼ੀਅਲ ਮੈਜਿਸਟ੍ਰੇਟ ਏਕਤਾ ਉੱਪਲ ਨੇ ਇਸ ਮਾਮਲੇ ਵਿੱਚ ਆਈ.ਜੀ. ਉਮਰਾਨੰਗਲ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ ਜਦੋਂ ਕਿ ਚਰਨਜੀਤ ਸ਼ਰਮਾ ਪਟਿਆਲਾ ਜੇਲ੍ਹ ਵਿੱਚ ਬੰਦ ਹੈ। ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਹੈ ਕਿ 6 ਜੂਨ ਨੂੰ ਸਾਬਕਾ ਐੱਸ.ਐੱਸ.ਪੀ ਸ਼ਰਮਾ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।
ਦੱਸਣਯੋਗ ਹੈ ਕਿ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਨੇ ਕੋਟਕਪੂਰਾ ਚੌਕ ਵਿੱਚ ਸ਼ਾਂਤਮਈ ਰੋਸ ਧਰਨਾ ਦਿੱਤਾ ਸੀ। 13 ਅਕਤੂਬਰ 2015 ਦੀ ਰਾਤ ਨੂੰ ਪੁਲਿਸ ਨੇ ਧਰਨਾ ਦੇ ਰਹੀ ਸੰਗਤ ਉੱਪਰ ਲਾਠੀਚਾਰਜ ਕਰ ਦਿੱਤਾ ਸੀ, ਜਿਸ ਵਿੱਚ ਸੌ ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ ਸਨ।

Check Also

ਪੰਜਾਬ, ਚੰਡੀਗੜ੍ਹ ਤੇ ਹਿਮਾਚਲ ’ਚ ਨਾਮਜ਼ਦਗੀਆਂ ਭਰਨ ਦਾ ਕੰਮ ਹੋਇਆ ਮੁਕੰਮਲ

ਲੋਕ ਸਭਾ ਚੋਣਾਂ ਦੇ 7ਵੇਂ ਗੇੜ ਦੌਰਾਨ 1 ਜੂਨ ਨੂੰ ਪੈਣੀਆਂ ਹਨ ਵੋਟਾਂ ਚੰਡੀਗੜ੍ਹ/ਬਿਊਰੋ ਨਿਊਜ਼ …