ਫੌਰੀ ਦਖਲ ਦੇ ਕੇ ਕਾਰਵਾਈ ਕੀਤੇ ਜਾਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪ੍ਰਦੇਸ਼ ਕਾਂਗਰਸ ਦੇ ਇੱਕ ਦਰਜਨ ਵਿਧਾਇਕਾਂ ਨੇ ਸੂਬੇ ਦੀ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਕੋਲੋਂ ਮੰਗ ਕੀਤੀ ਹੈ ਕਿ ਉਹ ਇਸ ਮਾਮਲੇ ਵਿੱਚ ਫੌਰੀ ਦਖ਼ਲ ਦੇਣ।
ਰਾਜਪਾਲ ਨੂੰ ਮਿਲੇ ਵਫ਼ਦ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਮੰਨਿਆ ਹੈ ਕਿ ਸੂਬੇ ਵਿੱਚ 57 ਗੈਂਗਸਟਰ ਹਨ ਪਰ ਖਾਸ ਕਾਰਨਾਂ ਕਰਕੇ ਪੁਲਿਸ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ। ਇਸ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ। ਵਿਧਾਇਕ ਦਲ ਦੇ ਸਾਬਕਾ ਆਗੂ ਸੁਨੀਲ ਜਾਖੜ ਦੀ ਅਗਵਾਈ ਹੇਠ ਮਿਲੇ ਵਫ਼ਦ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਗੈਂਗਸਟਰ ਸ਼ਰੇਆਮ ਘੁੰਮ ਰਹੇ ਹਨ ਪਰ ਪੁਲਿਸ ਕਾਰਵਾਈ ਨਹੀਂ ਕਰ ਰਹੀ।
ਪਿਛਲੇ ਕੁਝ ਸਮੇਂ ਵਿੱਚ ਨਾਮਧਾਰੀ ਮਾਤਾ ਚੰਦ ਕੌਰ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਅਤੇ ਉਸ ਦੇ ਕਾਤਲ ਅਜੇ ਤੱਕ ਫੜੇ ਨਹੀਂ ਗਏ। ਕੁਝ ਦਿਨ ਪਹਿਲਾਂ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਪਰ ਖੁਸ਼ਕਿਸਮਤੀ ਨਾਲ ਉਹ ਬਚ ਗਏ। ਫਿਰੌਤੀ ਅਤੇ ਜਾਨਲੇਵਾ ਹਮਲੇ ਦਾ ਵਰਤਾਰਾ ਆਮ ਹੋ ਗਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਇਸ ਸਮੁੱਚੀ ਸਥਿਤੀ ਲਈ ਹਾਕਮ ਧਿਰ ਅਤੇ ਖਾਸ ਤੌਰ ‘ਤੇ ਅਕਾਲੀ ਦਲ ਜ਼ਿੰਮੇਵਾਰ ਹੈ ਕਿਉਂਕਿ ਇਸ ਪਾਰਟੀ ਦੇ ਆਗੂਆਂ ਨੇ ਥਾਣਿਆਂ ‘ਤੇ ઠਕਬਜ਼ੇ ਜਮਾ ਲਏ ਹਨ ਤੇ ਇਸ ਸਥਿਤੀ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਜਾਖੜ ਨੇ ਕਿਹਾ ਕਿ ਵਫ਼ਦ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਵਾਸੀਆਂ ਨੂੰ ਪਹਿਲਾਂ ਦਹਿਸ਼ਤਗਰਦੀ ਦੇ ਦੌਰ ਵਿੱਚ ਬਹੁਤ ਸੰਤਾਪ ਝੱਲਣਾ ਪਿਆ ਹੈ। ਇਸ ਲਈ ਵਿਗੜ ਰਹੀ ਸਥਿਤੀ ਵਿੱਚ ਸੁਧਾਰ ਲਈ ਫੌਰੀ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਰਾਜਪਾਲ ਨੇ ਸਥਿਤੀ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸੂਬੇ ਦੇ ਪੁਲਿਸ ਮੁਖੀ ਕੋਲੋਂ ਅਮਨ ਕਾਨੂੰਨ ਦੀ ਸਥਿਤੀ ਬਾਰੇ ઠਰਿਪੋਰਟ ਮੰਗ ਲਈ ਹੈ।ਰਾਜਪਾਲ ਨੂੰ ਮਿਲੇ ਵਫਦ ਵਿੱਚ ਜਾਖੜ ਤੋਂ ਇਲਾਵਾ ਸੁਖਜਿੰਦਰ ਰੰਧਾਵਾ, ਅਜੀਤ ਇੰਦਰ ਸਿੰਘ ਮੋਫਰ, ਤ੍ਰਿਪਤ ਰਾਜਿੰਦਰ ਬਾਜਵਾ, ਸੰਗਤ ਸਿੰਘ ਗਿਲਜੀਆਂ, ਜੋਗਿਦਰ ਸਿੰਘ, ਸੁਖ ਸਰਕਾਰੀਆ, ਅਰੁਣਾ ਚੌਧਰੀ, ਕਰਨ ਕੌਰ ਬਰਾੜ, ਸੁਰਿੰਦਰ ਡਾਬਰ, ਅਮਰੀਕ ਸਿੰਘ, ਤਰਲੋਚਨ ਸਿੰਘ ਅਤੇ ਗੁਰਚਰਨ ਸਿੰਘ ਬੋਪਾਰਾਏ ਸ਼ਾਮਲ ਸਨ। ਦਿਲਚਸਪ ਗੱਲ ਹੈ ਕਿ ਰਾਜਪਾਲ ਨੂੰ ਮਿਲੇ ਵਫ਼ਦ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਚਰਨਜੀਤ ਸਿੰਘ ਚੰਨੀ ਸ਼ਾਮਲ ਨਹੀਂ ਸਨ। ਇਹ ਪਤਾ ਲੱਗਾ ਹੈ ਕਿ ਉਨ੍ਹਾਂ ਨੂੰ ਵਫ਼ਦ ਦੇ ਰਾਜਪਾਲ ਨੂੰ ਮਿਲਣ ਬਾਰੇ ਜਾਣਕਾਰੀ ਨਹੀਂ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …