ਸਾਰੇ ਕਿਸਾਨਾਂ ਨੂੰ ਮਿਲਣਗੇ ਸਾਲਾਨਾ 6 ਹਜ਼ਾਰ ਰੁਪਏ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਨੇ ਆਪਣੇ ਦੂਸਰੇ ਕਾਰਜਕਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿਚ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਨੁਸਾਰ ਹੁਣ ਸਾਰੇ ਕਿਸਾਨਾਂ ਨੂੰ ਸਾਲਾਨਾ ਛੇ ਹਜ਼ਾਰ ਰੁਪਏ ਮਿਲਣਗੇ। ਇਸ ਤੋਂ ਇਲਾਵਾ, ਛੋਟੇ ਤੇ ਦਰਮਿਆਨੇ ਕਿਸਾਨਾਂ ਲਈ ਪੈਨਸ਼ਨ ਯੋਜਨਾ ਦਾ ਵੀ ਐਲਾਨ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਕਿਸਾਨ ਯੋਜਨਾ ਪਹਿਲਾਂ ਸਿਰਫ਼ ਛੋਟੇ ਅਤੇ ਦਰਮਿਆਨੇ ਕਿਸਾਨਾਂ ਲਈ ਹੀ ਸੀ ਪਰ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸ ਯੋਜਨਾ ਵਿਚ ਸਾਰੇ ਕਿਸਾਨਾਂ ਨੂੰ ਸ਼ਾਮਲ ਕਰਨ ਦਾ ਵਾਅਦਾ ਕੀਤਾ ਸੀ, ਜਿਸ ਉੱਤੇ ਪਹਿਲੀ ਕੈਬਨਿਟ ਮੀਟਿੰਗ ਵਿਚ ਹੀ ਮੋਹਰ ਲਗਾ ਦਿੱਤੀ ਗਈ ਹੈ। ਇਸ ਯੋਜਨਾ ਦਾ 14.5 ਕਰੋੜ ਕਿਸਾਨਾਂ ਨੂੰ ਸਿੱਧਾ ਲਾਭ ਹੋਵੇਗਾ। ਮੋਦੀ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਬੱਚਿਆਂ ਨੂੰ ਦਿੱਤੀ ਜਾਣ ਵਾਲੀ ਵਜ਼ੀਫ਼ਾ ਰਾਸ਼ੀ ਵਧਾਉਣ ਦਾ ਫ਼ੈਸਲਾ ਵੀ ਲਿਆ ਹੈ। ਇਸ ਨਾਲ ਖ਼ਜ਼ਾਨੇ ‘ਤੇ ਸਾਲਾਨਾ 87,000 ਕਰੋੜ ਰੁਪਏ ਦਾ ਬੋਝ ਪਏਗਾ। ਪੈਨਸ਼ਨ ਸਕੀਮ ਲਈ ਵੀ 10,000 ਕਰੋੜ ਰੁਪਏ ਦਾ ਪ੍ਰਬੰਧ ਕਰਨਾ ਪਵੇਗਾ। ਇਸ ਤੋਂ ਪਹਿਲਾਂ 75,000 ਕਰੋੜ ਵਾਲੀ ਕਿਸਾਨ ਸਨਮਾਨ ਸਿੱਧੀ ਯੋਜਨਾ ਦਾ ਐਲਾਨ ਅੰਤ੍ਰਿਮ ਬਜਟ ਵਿਚ ਕੀਤਾ ਗਿਆ ਸੀ ਤੇ ਉਸ ਵੇਲੇ ਇਸ ਵਿਚ 12.5 ਕਰੋੜ ਛੋਟੇ ਤੇ ਸੀਮਾਂਤ ਕਿਸਾਨਾਂ ਨੂੰ ਸ਼ਾਮਲ ਕੀਤਾ ਗਿਆ ਸੀ। ਹੁਣ ਇਸ ਵਿਚ ਦੋ ਕਰੋੜ ਹੋਰ ਕਿਸਾਨ ਜੋੜੇ ਗਏ ਹਨ।
ਕੈਬਨਿਟ ਦੀ ਬੈਠਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ। ਕੈਬਨਿਟ ਦੀ ਪਹਿਲੀ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ, ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਸਣੇ ਹੋਰ ਮੰਤਰੀ ਸ਼ਾਮਲ ਹੋਏ। ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ, ਨਰਿੰਦਰ ਸਿੰਘ ਤੋਮਰ ਅਤੇ ਡਾਕਟਰ ਜਿਤੇਂਦਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰ ਕੇ ਕੈਬਨਿਟ ਦੇ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਜਾਵੜੇਕਰ ਨੇ ਦੱਸਿਆ ਕਿ ਸਰਕਾਰ ਨੇ ਪਹਿਲੀ ਮੀਟਿੰਗ ਵਿਚ ਚਾਰ ਫ਼ੈਸਲੇ ਲਏ ਹਨ। ਇਨ੍ਹਾਂ ਵਿਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਜੋ ਪਹਿਲਾਂ ਸਿਰਫ਼ ਦੋ ਏਕੜ ਜ਼ਮੀਨ ਵਾਲੇ ਕਿਸਾਨਾਂ ਲਈ ਹੀ ਸੀ, ਹੁਣ ਇਸ ਯੋਜਨਾ ਵਿਚ ਤਿੰਨ ਕਰੋੜ ਹੋਰ ਕਿਸਾਨ ਸ਼ਾਮਲ ਹੋਣਗੇ।
ਪੇਂਡੂ ਵਿਕਾਸ ਤੇ ਖੇਤੀ ਮੰਤਰੀ ਤੋਮਰ ਨੇ ਕਿਹਾ ਕਿ ਇਸ ਦੇ ਨਾਲ ਹੀ ਮੋਦੀ ਸਰਕਾਰ ਨੇ ਛੋਟੇ ਵਪਾਰੀਆਂ ਤੇ ਦੁਕਾਨਦਾਰਾਂ ਦੇ ਨਾਲ-ਨਾਲ ਕਿਸਾਨਾਂ ਲਈ ਵੀ ਕਿਸਾਨ ਪੈਨਸ਼ਨ ਯੋਜਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅਨੁਸਾਰ 60 ਸਾਲ ਦੀ ਉਮਰ ਤੋਂ ਬਾਅਦ ਤਿੰਨ ਹਜ਼ਾਰ ਰੁਪਏ ਪੈਨਸ਼ਨ ਛੋਟੇ ਤੇ ਦਰਮਿਆਨੇ ਕਿਸਾਨਾਂ ਨੂੰ ਹਰ ਮਹੀਨੇ ਮਿਲਿਆ ਕਰੇਗੀ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …