9.8 C
Toronto
Tuesday, October 28, 2025
spot_img
Homeਪੰਜਾਬਸੁਖਬੀਰ ਸਿੰਘ ਬਾਦਲ ਤੇ ਸੋਮ ਪ੍ਰਕਾਸ਼ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਬੀਰ ਸਿੰਘ ਬਾਦਲ ਤੇ ਸੋਮ ਪ੍ਰਕਾਸ਼ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫਾ

ਲਾਲਾਬਾਦ ਤੇ ਫਗਵਾੜਾ ਹਲਕਿਆਂ ਦੀਆਂ ਹੀ ਜ਼ਿਮਨੀ ਚੋਣਾਂ ਹੋਣ ਦੇ ਆਸਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਜਲਾਲਾਬਾਦ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਵਿਧਾਨ ਸਭਾ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਗਏ ਤੇ ਮੋਦੀ ਸਰਕਾਰ ਵਿਚ ਰਾਜ ਮੰਤਰੀ ਬਣੇ ਸੋਮ ਪ੍ਰਕਾਸ਼ ਨੇ ਹਾਲ ਦੀ ਘੜੀ ਵਿਧਾਇਕ ਵਜੋਂ ਅਸਤੀਫ਼ਾ ਨਹੀਂ ਦਿੱਤਾ। ਉਹ ਸਾਲ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਫਗਵਾੜਾ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ ਸਨ। ਵਿਧਾਨ ਸਭਾ ਸਕੱਤਰੇਤ ਦੇ ਸੂਤਰਾਂ ਅਨੁਸਾਰ ਜਲਾਲਾਬਾਦ ਅਤੇ ਫਗਵਾੜਾ ਦੋਵਾਂ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਵੱਲੋਂ ਅਸਤੀਫ਼ਾ ਦੇਣ ਸਬੰਧੀ ਇਕੱਠੀ ਰਿਪੋਰਟ ਹੀ ਚੋਣ ਕਮਿਸ਼ਨ ਨੂੰ ਭੇਜੀ ਜਾਵੇਗੀ ਤੇ ਜ਼ਿਮਨੀ ਚੋਣਾਂ ਦਾ ਐਲਾਨ ਕਮਿਸ਼ਨ ਵੱਲੋਂ ਕੀਤਾ ਜਾਵੇਗਾ। ਕਮਿਸ਼ਨ ਛੇ ਮਹੀਨਿਆਂ ਦੇ ਅੰਦਰ ਜ਼ਿਮਨੀ ਚੋਣ ਕਰਾਉਣ ਲਈ ਸੰਵਿਧਾਨਿਕ ਤੌਰ ‘ਤੇ ਪਾਬੰਦ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਫਿਰੋਜ਼ਪੁਰ ਹਲਕੇ ਤੋਂ ਸੰਸਦ ਮੈਂਬਰ ਚੁਣੇ ਗਏ ਹਨ। ਨਰਿੰਦਰ ਮੋਦੀ ਸਰਕਾਰ ਵਿਚ ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਸੋਮ ਪ੍ਰਕਾਸ਼ ਨੇ ਅੱਜ ਫਗਵਾੜਾ ਹਲਕੇ ਦੀ ਵਿਧਾਇਕੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਸੋਮ ਪ੍ਰਕਾਸ਼ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਜਿੱਤ ਕੇ ਕੇਂਦਰੀ ਰਾਜ ਮੰਤਰੀ ਬਣੇ ਹਨ। ਉਨ੍ਹਾਂ ਨੇ ਅੱਜ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਸੋਮ ਪ੍ਰਕਾਸ਼ ਨੇ ਹੁਸ਼ਿਆਰਪੁਰ ਲੋਕ ਸਭਾ ਤੋਂ ਕਾਂਗਰਸੀ ਉਮੀਦਵਾਰ ਰਾਜ ਕੁਮਾਰ ਨੂੰ 46 ਹਜ਼ਾਰ ਤੋਂ ਵੱਧ ਵੋਟਾਂ ਨਾਲ ਹਰਾਇਆ ਸੀ। ਇਸੇ ਦੌਰਾਨ ਇਹ ਤੱਥ ਵੀ ਸਾਹਮਣੇ ਆਇਆ ਹੈ ਕਿ ਆਮ ਆਦਮੀ ਪਾਰਟੀ ਦੇ ਬਾਗ਼ੀ ਵਿਧਾਇਕਾਂ ਦੇ ਅਸਤੀਫ਼ਿਆਂ ਸਬੰਧੀ ਫ਼ੈਸਲਾ ਲਟਕ ਗਿਆ ਹੈ। ਸੂਤਰਾਂ ਮੁਤਾਬਕ ਸਪੀਕਰ ਵੱਲੋਂ ਸੁਖਪਾਲ ਸਿੰਘ ਖਹਿਰਾ, ਨਾਜਰ ਸਿੰਘ ਮਾਨਸ਼ਾਹੀਆ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਅਸਤੀਫ਼ੇ ਸਬੰਧੀ ਸਥਿਤੀ ਸਪੱਸ਼ਟ ਕਰਨ ਲਈ 30 ਜੁਲਾਈ ਨੂੰ ਸੱਦਿਆ ਗਿਆ ਹੈ। ਇਸੇ ਤਰ੍ਹਾਂ ‘ਆਪ’ ਦੇ ਇਕ ਹੋਰ ਬਾਗ਼ੀ ਵਿਧਾਇਕ ਮਾਸਟਰ ਬਲਦੇਵ ਸਿੰਘ ਖ਼ਿਲਾਫ਼ ਦਾਇਰ ਹੋਈ ਪਟੀਸ਼ਨ ‘ਤੇ ਸੁਣਵਾਈ 20 ਅਗਸਤ ਨੂੰ ਹੋਵੇਗੀ। ਇਸ ਤਰ੍ਹਾਂ ਸੂਬੇ ਵਿਚ ਹਾਲ ਦੀ ਘੜੀ ਜਲਾਲਾਬਾਦ ਅਤੇ ਫਗਵਾੜਾ ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਹੋਣ ਦੇ ਹੀ ਆਸਾਰ ਹਨ।

RELATED ARTICLES
POPULAR POSTS