ਬਾਦਲਾਂ ਤੇ ਕੈਪਟਨ ਅਮਰਿੰਦਰ ਦੇ ਦੋਸਤਾਨਾ ਮੈਚ ਕਾਰਨ ਹਾਰੀ ‘ਆਪ’ : ਕੇਜਰੀਵਾਲ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਿੱਲੀ ਵਿੱਚ ਪੰਜਾਬ ਦੇ ਵਿਧਾਇਕ ਦਲ ਨਾਲ ਕੀਤੀ ਮੀਟਿੰਗ ਵਿੱਚ ਪਾਰਟੀ ਦੀ ਹਾਰ ਦਾ ਮੁੱਖ ਕਾਰਨ ਲੋਕ ਸਭਾ ਚੋਣਾਂ ਵਿਚ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਕਾਂਗਰਸ ਵੱਲੋਂ ਤੀਸਰੀਆਂ ਧਿਰਾਂ ਨੂੰ ਹਰਾਉਣ ਲਈ ਖੇਡੇ ਦੋਸਤਾਨਾ ਮੈਚ ਨੂੰ ਦੱਸਿਆ ਹੈ।
ਮੀਟਿੰਗ ਵਿਚ ‘ਆਪ’ ਦੇ ਪਾਰਟੀ ਨਾਲ ਜੁੜੇ 11 ਵਿਧਾਇਕਾਂ ਵਿਚੋਂ 9 ਵਿਧਾਇਕ ਸ਼ਾਮਲ ਹੋਏ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਮੀਟਿੰਗ ਵਿਚ ਸ਼ਾਮਲ ਨਹੀਂ ਹੋਏ। ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਵੀ ਆਪਣੇ ਸੰਸਦੀ ਰੁਝੇਵਿਆਂ ਕਾਰਨ ਮੀਟਿੰਗ ਵਿੱਚ ਨਹੀ ਪੁੱਜ ਸਕੇ। ਮੀਟਿੰਗ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਮੀਟਿੰਗ ਵਿੱਚ ਇਹ ਸਿੱਟਾ ਕੱਢਿਆ ਗਿਆ ਹੈ ਕਿ ਬਾਦਲ ਅਤੇ ਕੈਪਟਨ ਪੰਜਾਬ ਵਿੱਚ ਕਿਸੇ ਤੀਸਰੀ ਧਿਰ ਦੇ ਉਭਾਰ ਨੂੰ ਰੋਕਣ ਲਈ ਹਮੇਸ਼ਾ ਇੱਕ ਹੋ ਜਾਂਦੇ ਹਨ ਅਤੇ ਇਨ੍ਹਾਂ ਚੋਣਾਂ ਵਿੱਚ ਵੀ ਇਨ੍ਹਾਂ ਦੋਵਾਂ ਨੇ ਕਈ ਹਲਕਿਆਂ ਵਿੱਚ ਦੋਸਤਾਨਾ ਮੈਚ ਖੇਡਿਆ ਹੈ। ਮੀਟਿੰਗ ਵਿੱਚ ਸ਼ਾਮਲ ਵਿਧਾਇਕ ਤੇ ਲੋਕ ਸਭਾ ਚੋਣਾਂ ਲਈ ਚੋਣ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਸੰਪਰਕ ਕਰਨ ‘ਤੇ ਦੱਸਿਆ ਕਿ ਪਾਰਟੀ ਨੇ ਵਿਚਾਰ ਚਰਚਾ ਤੋਂ ਬਾਅਦ ਇਹ ਸਿੱਟਾ ਕੱਢਿਆ ਹੈ ਕਿ ਬਾਦਲ ਅਤੇ ਕੈਪਟਨ ਪਰਿਵਾਰ ਸੂਬੇ ਵਿਚ ਪੂਰੀ ਤਰ੍ਹਾਂ ਮਿਲ ਕੇ ਸਿਆਸਤ ਕਰਦੇ ਹਨ। ਉਨ੍ਹਾਂ ਦੱਸਿਆ ਕਿ ਕੇਜਰੀਵਾਲ ਨੇ ਵਿਧਾਇਕਾਂ ਨੂੰ ਲੋਕ ਮੁੱਦਿਆਂ ਨੂੰ ਉਭਾਰਨ ਅਤੇ ਆਮ ਜਨਤਾ ਵਿੱਚ ਸਰਗਰਮ ਹੋਣ ਦੀ ਸਲਾਹ ਦਿੱਤੀ ਹੈ। ਇਸ ਤਹਿਤ ਪੰਜਾਬ ਇਕਾਈ ਨੇ ਕੈਪਟਨ ਸਰਕਾਰ ਵੱਲੋਂ ਚੋਣ ਜ਼ਾਬਤੇ ਤੋਂ ਤੁਰੰਤ ਬਾਅਦ ਬਿਜਲੀ ਦੀਆਂ ਦਰਾਂ ਵਿਚ ਕੀਤੇ ਵਾਧੇ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ। ਬਿਜਲੀ ਦਰਾਂ ਦੇ ਵਿੱਚ ਵਾਧੇ ਦੇ ਮੁੱਦੇ ਉੱਤੇ ਪਹਿਲਾਂ ਪਾਰਟੀ ਦੇ ਵਿਧਾਇਕ ਦਲ ਦਾ ਵਫਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲ ਕੇ ਬਿਜਲੀ ਦਰਾਂ ਵਿੱਚ ਵਾਧਾ ਵਾਪਸ ਲੈਣ ਦੀ ਮੰਗ ਕਰੇਗਾ ਅਤੇ ਇਸ ਤੋਂ ਬਾਅਦ ਅਗਲੀ ਰਣਨੀਤੀ ਐਲਾਨੀ ਜਾਵੇਗੀ। ਅਰੋੜਾ ਨੇ ਦੱਸਿਆ ਕਿ ਹੁਣ ਅਗਲੇ ਪੜਾਅ ਵਿੱਚ ਕੇਜਰੀਵਾਲ ਪਾਰਟੀ ਦੇ ਹਾਰੇ 12 ਉਮੀਦਵਾਰਾਂ ਨਾਲ ਵੀ ਮੀਟਿੰਗ ਕਰਨਗੇ। ਮੀਟਿੰਗ ਵਿਚ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਉਪ ਨੇਤਾ ਸਰਵਜੀਤ ਕੌਰ ਮਾਣੂਕੇ, ਪ੍ਰੋਫੈਸਰ ਬਲਜਿੰਦਰ ਕੌਰ, ਰੁਪਿੰਦਰ ਕੌਰ ਰੂਬੀ, ਜੈ ਕਿਸ਼ਨ ਸਿੰਘ ਰੋੜੀ, ਕੁਲਵੰਤ ਸਿੰਘ ਪੰਡੋਰੀ, ਮੀਤ ਹੇਅਰ ਅਤੇ ਪ੍ਰਿੰਸੀਪਲ ਬੁੱਧ ਰਾਮ ਸ਼ਾਮਲ ਸਨ।
ਭਗਵੰਤ ਮਾਨ ਨੂੰ ਮਿਲਿਆ ਪਛਾਣ ਪੱਤਰ-318
ਪਾਰਟੀ ਪ੍ਰਧਾਨ ਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਦੱਸਿਆ ਕਿ ਉਸ ਨੂੰ ਇਸ ਵਾਰ ਪਛਾਣ ਪੱਤਰ ਨੰਬਰ-318 ਮਿਲਿਆ ਹੈ ਜਦਕਿ ਪਿਛਲੀ ਵਾਰ ਪਛਾਣ ਪੱਤਰ ਨੰਬਰ 335 ਮਿਲਿਆ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਹਲਕਾ ਸੰਗਰੂਰ ਨੂੰ 335 ਦੀ ਥਾਂ 318 ਲੜੀ ‘ਤੇ ਰੱਖਿਆ ਹੈ। ਮਾਨ ਨੇ ਦੱਸਿਆ ਕਿ ਉਹ ਆਪਣੇ ਸੰਸਦੀ ਕੰਮਾਂ ਕਾਰਨ ਰੁਝੇ ਸਨ, ਜਿਸ ਕਾਰਨ ਮੀਟਿੰਗ ਵਿੱਚ ਨਹੀਂ ਜਾ ਸਕੇ ਅਤੇ ਉਂਜ ਵੀ ਮੀਟਿੰਗ ਵਿਧਾਇਕਾਂ ਨਾਲ ਹੀ ਸੀ।
ਆਮ ਆਦਮੀ ਪਾਰਟੀ ਛੱਡ ਚੁੱਕੇ ਵਿਧਾਇਕਾਂ ਖਿਲਾਫ ਕਾਰਵਾਈ ਕਰਨ ਦੇ ਰੌਂਅ ‘ਚ ਨਹੀਂ ਸਪੀਕਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਦਲਬਦਲੀ ਵਿਰੋਧੀ ਕਾਨੂੰਨ ਤਹਿਤ ‘ਆਪ’ ਛੱਡ ਚੁੱਕੇ ਵਿਧਾਇਕਾਂ ਖ਼ਿਲਾਫ਼ ਕਾਰਵਾਈ ਕਰਨ ਦੇ ਰੌਂਅ ਵਿਚ ਨਹੀਂ ਹਨ। ਪਿਛਲੇ ਛੇ ਮਹੀਨਿਆਂ ਵਿਚ ਆਮ ਆਦਮੀ ਪਾਰਟੀ (ਆਪ) ਦੇ ਚਾਰ ਵਿਧਾਇਕ ਹੋਰ ਪਾਰਟੀਆਂ ਵਿਚ ਸ਼ਾਮਲ ਹੋ ਚੁੱਕੇ ਹਨ ਪਰ ਇਕ ਵੀ ਮਾਮਲੇ ‘ਚ ਕਾਰਵਾਈ ਨਹੀਂ ਹੋਈ। ‘ਆਪ’ ਦਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਤਾਂ ਸਪੀਕਰ ਦੀ ਹਾਜ਼ਰੀ ਵਿਚ ਹੀ ਕਾਂਗਰਸ ‘ਚ ਸ਼ਾਮਲ ਹੋਇਆ ਸੀ। ਕਾਨੂੰਨ ਮੁਤਾਬਕ ਜੇਕਰ ਕਿਸੇ ਵਿਧਾਇਕ ਦੀ ਦਲਬਦਲੀ ਸਬੰਧੀ ਜਾਣਕਾਰੀ ਸਪੀਕਰ ਨੂੰ ਦਿੱਤੀ ਜਾਂਦੀ ਹੈ ਤਾਂ ਉਸ ਕੋਲ ਅਜਿਹੇ ਮੈਂਬਰ ਨੂੰ ਅਯੋਗ ਠਹਿਰਾਉਣ ਦੇ ਪੂਰੇ ਅਖ਼ਤਿਆਰ ਹੁੰਦੇ ਹਨ। ਸੁਖਪਾਲ ਖਹਿਰਾ ਅਤੇ ਮਾਸਟਰ ਬਲਦੇਵ ਸਿੰਘ ਨੇ ਜਨਵਰੀ ਵਿਚ ‘ਆਪ’ ਤੋਂ ਅਸਤੀਫ਼ਾ ਦੇ ਕੇ ਨਵੀਂ ਸਿਆਸੀ ਪਾਰਟੀ ਬਣਾ ਲਈ ਸੀ। ਦੋਵੇਂ ਆਗੂਆਂ ਨੇ ਤਾਂ ਪੰਜਾਬ ਏਕਤਾ ਪਾਰਟੀ ਬਣਾ ਲਈ ਸੀ ਅਤੇ ਲੋਕ ਸਭਾ ਚੋਣ ਵੀ ਲੜੀ ਸੀ ਪਰ ਉਨ੍ਹਾਂ ਦੀ ਵਿਧਾਇਕੀ ਅਜੇ ਵੀ ਕਾਇਮ ਹੈ।
ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਖਹਿਰਾ ਨੂੰ ਅਯੋਗ ਠਹਿਰਾਉਣ ਲਈ ਸਪੀਕਰ ਨਾਲ ਮੁਲਾਕਾਤ ਵੀ ਕੀਤੀ ਸੀ। ਸੰਦੋਆ ਦੇ ਮਾਮਲੇ ਵਿਚ ਵੀ ‘ਆਪ’ ਆਗੂ ਦਿਨੇਸ਼ ਚੱਢਾ ਨੇ ਸਪੀਕਰ ਨੂੰ ਪੱਤਰ ਲਿਖ ਕੇ ਉਸ ਨੂੰ ਅਯੋਗ ਠਹਿਰਾਉਣ ਸਬੰਧੀ ਕਾਰਵਾਈ ਕਰਨ ਲਈ ਕਿਹਾ ਸੀ। ਇਥੋਂ ਤਕ ਕਿ ਖੁਦ ਸੰਦੋਆ ਨੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਉਨ੍ਹਾਂ ਕਾਂਗਰਸ ਵਿਚ ਸ਼ਾਮਲ ਹੋਣ ਬਾਰੇ ਸਪੀਕਰ ਨੂੰ ਜਾਣਕਾਰੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮਾਨਸਾ ਤੋਂ ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਅਪਰੈਲ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ ਅਤੇ ਉਨ੍ਹਾਂ ਤੈਅ ਨੇਮਾਂ ਮੁਤਾਬਕ ਅਸਤੀਫ਼ਾ ਵੀ ਦੇ ਦਿੱਤਾ ਸੀ ਪਰ ਉਹ ਵੀ ਅਜੇ ਵਿਧਾਇਕ ਬਣੇ ਹੋਏ ਹਨ। ਚੀਮਾ ਨੇ ਕਿਹਾ ਕਿ ਉਨ੍ਹਾਂ ਛੇ ਮਹੀਨੇ ਪਹਿਲਾਂ ਸਪੀਕਰ ਨੂੰ ਮਿਲ ਕੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਲਈ ਕਿਹਾ ਸੀ ਪਰ ਅਜੇ ਤਕ ਕੋਈ ਕਾਰਵਾਈ ਨਹੀਂ ਹੋਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਪੀਕਰ ਕਾਂਗਰਸ ਪਾਰਟੀ ਦੇ ਹੱਕ ਵਿਚ ਸੰਵਿਧਾਨਕ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨੇਮਾਂ ਨੂੰ ਛਿੱਕੇ ਟੰਗਣ ਲਈ ਉਹ ਸਪੀਕਰ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਸਪੀਕਰ ਰਾਣਾ ਕੇਪੀ ਸਿੰਘ ਨਾਲ ਜਦੋਂ ਇਸ ਬਾਬਤ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਫੋਨ ਨਹੀਂ ਸੁਣਿਆ।