ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸੋਢੀ ਨੇ ਕੀਤਾ ਸਪੱਸ਼ਟ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵੱਲੋਂ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮਾਂ ਲਈ 550 ਪਰਵਾਸੀ ਪੰਜਾਬੀਆਂ ਨੂੰ ਸੱਦਾ ਪੱਤਰ ਦਿੱਤਾ ਜਾਵੇਗਾ। ਇਹ ਐਲਾਨ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਨਵੇਂ ਬਣੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਨਵੇਂ ਵਿਭਾਗ ਦਾ ਅਹੁਦਾ ਸੰਭਾਲਣ ਮੌਕੇ ਕੀਤਾ। ਰਾਣਾ ਗੁਰਮੀਤ ਸਿੰਘ ਸੋਢੀ ਨੇ ਬੁੱਧਵਾਰ ਨੂੰ ਨਵੇਂ ਵਿਭਾਗ ਦਾ ਅਹੁਦਾ ਸੰਭਾਲਦਿਆਂ ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫਤਰ ਵਿਖੇ ਨਵੇਂ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 500ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਦੇ ਇਤਿਹਾਸਕ ਪਲਾਂ ਦਾ ਗਵਾਹ ਬਣਾਉਣ ਲਈ ਵਿਦੇਸ਼ਾਂ ਵਿੱਚ ਬੈਠੇ ਪੰਜਾਬੀਆਂ ਨੂੰ ਜੋੜਨ ਲਈ ਫ਼ੈਸਲਾ ਕੀਤਾ ਗਿਆ ਹੈ ਜਿਸ ਲਈ 550 ਐੱਨਆਰਆਈਜ਼ ਨੂੰ ਸੱਦਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਗੁਰਦੁਆਰਿਆਂ ਦੇ ਦਰਸ਼ਨ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਜਾਇਦਾਦ ਨਾਲ ਸਬੰਧਤ ਮਾਮਲੇ ਮਾਲ ਵਿਭਾਗ ਨਾਲ ਜੁੜੇ ਹੁੰਦੇ ਹਨ ਜਿਸ ਲਈ ਉਹ ਮਾਲ ਵਿਭਾਗ ਨਾਲ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਅਧਿਕਾਰੀ ਹੇਠਲੇ ਪੱਧਰ ‘ਤੇ ਨੋਡਲ ਅਫਸਰ ਵਜੋਂ ਤਾਇਨਾਤ ਕੀਤੇ ਜਾਣਗੇ। ਸੋਢੀ ਨੇ ਕਿਹਾ ਕਿ ਸੰਸਾਰ ਦੇ ਵੱਖ-ਵੱਖ ਦੇਸ਼ਾਂ ਵਿੱਚ ਨਾਮਣਾ ਖੱਟ ਰਹੇ ਪਰਵਾਸੀ ਪੰਜਾਬੀਆਂ ਦੀ ‘ਅਚੀਵਰ ਐਵਾਰਡ’ ਦੇਣ ਲਈ ਚੋਣ ਕਰਨ ਦੀ ਵੀ ਹਦਾਇਤ ਕੀਤੀ। ਇਹ ਐਵਾਰਡ ਅਗਲੇ ਸਾਲ ਤੋਂ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਐੱਨਆਰਆਈਜ਼ ਨਾਲ ਸਬੰਧਤ ਵੱਖ-ਵੱਖ ਵਿੰਗਾਂ ਵਿੱਚ ਪਏ ਹੱਲ ਹੋਏ ਅਤੇ ਪੈਂਡਿੰਗ ਪਏ ਮਾਮਲਿਆਂ ਦੀ ਰਿਪੋਰਟ ਅਤੇ ਹਰ ਸਾਲ ਵਿਦੇਸ਼ ਪੜ੍ਹਨ ਵਾਲੇ ਜਾਣ ਵਾਲੇ ਵਿਦਿਆਰਥੀਆਂ ਦਾ ਰਿਕਾਰਡ ਵਿਭਾਗ ਕੋਲ ਰੱਖਣ ਦੇ ਨਿਰਦੇਸ਼ ਦਿੱਤੇ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …