Breaking News
Home / ਪੰਜਾਬ / ਕੁੰਵਰ ਵਿਜੇ ਪ੍ਰਤਾਪ ਮਾਮਲੇ ‘ਤੇ ਚੋਣ ਕਮਿਸ਼ਨ ਦੀ ਕਾਰਵਾਈ

ਕੁੰਵਰ ਵਿਜੇ ਪ੍ਰਤਾਪ ਮਾਮਲੇ ‘ਤੇ ਚੋਣ ਕਮਿਸ਼ਨ ਦੀ ਕਾਰਵਾਈ

ਚੀਫ ਸਕੱਤਰ ਤੋਂ ਮੰਗਿਆ ਜਵਾਬ
ਚੰਡੀਗੜ੍ਹ : ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੋਂ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਪਾਲਣਾ ਨਾ ਕੀਤੇ ਜਾਣ ਦੇ ਮਾਮਲੇ ਵਿਚ ਨੋਟਿਸ ਜਾਰੀ ਕਰਕੇ ਵਿਸਥਾਰਤ ਜਵਾਬ ਮੰਗਿਆ ਹੈ। ਕਮਿਸ਼ਨ ਨੇ ਪੁੱਛਿਆ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਮਾਮਲੇ ਵਿਚ ਉਸਦੇ ਆਦੇਸ਼ ਦੀ ਪਾਲਣਾ ਕਿਉਂ ਨਹੀਂ ਕੀਤੀ ਗਈ। ਕਮਿਸ਼ਨ ਨੇ ਇਹ ਨੋਟਿਸ ਅਕਾਲੀ ਦਲ ਮੰਗ ‘ਤੇ ਜਾਰੀ ਕੀਤਾ ਹੈ। ਅਕਾਲੀ ਦਲ ਨੇ ਸ਼ਿਕਾਇਤ ਕੀਤੀ ਸੀ ਕਿ ਸਪੈਸ਼ਲ ਇਨਵੈਸਟੀਗੇਸ਼ਨ ਟੀਮ (ਐਸਆਈਟੀ) ਤੋਂ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦਾ ਕਮਿਸ਼ਨ ਨੇ ਆਦੇਸ਼ ਦਿੱਤਾ ਸੀ, ਪਰ ਸੂਬਾ ਸਰਕਾਰ ਨੇ ਇਸ ਤਰ੍ਹਾਂ ਨਹੀਂ ਕੀਤਾ। ਚੋਣਾਂ ਦੌਰਾਨ ਇਕ ਟੀਵੀ ਇੰਟਰਵਿਊ ਨੂੰ ਲੈ ਕੇ ਅਕਾਲੀ ਦਲ ਨੇ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਪ੍ਰਤੀ ਨਰਾਜ਼ਗੀ ਪ੍ਰਗਟਾਈ ਸੀ। ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਚੋਣ ਕਮਿਸ਼ਨ ਨੂੰ ਇਸਦੀ ਸ਼ਿਕਾਇਤ ਕਰਕੇ ਕਿਹਾ ਕਿ ਕੁੰਵਰ ਚੋਣਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਇਸਦੇ ਬਾਅਦ ਚੋਣ ਕਮਿਸ਼ਨ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਤਬਾਦਲਾ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ। ਪਤਾ ਲੱਗਾ ਹੈ ਕਿ ਸੂਬਾ ਸਰਕਾਰ ਇਸ ਪਿੱਛੇ ਇਹ ਦਲੀਲ ਦੇਣ ਜਾ ਰਹੀ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਟਰਾਂਸਫਰ ਦੇ ਆਦੇਸ ਸਨ ਅਤੇ ਉਨ੍ਹਾਂ ਕੋਲ ਆਰਗੇਨਾਈਜ਼ਡ ਕਰਾਈਮ ਦਾ ਚਾਰਜ ਸੀ ਜਿਥੋਂ ਉਨ੍ਹਾਂ ਨੂੰ ਹਟਾ ਦਿੱਤਾ ਗਿਆ ਸੀ। ਨਾਲ ਉਨ੍ਹਾਂ ਨੂੰ ਚੋਣਾਂ ਤੱਕ ਕਿਸੇ ਵੀ ਕਿਸਮ ਦੀ ਕੋਰਟ ਸਟੇਟਮੈਂਟ ਮੀਡੀਆ ਨੂੰ ਨਾ ਦੇਣ ਦੇ ਬਾਰੇ ਹਦਾਇਤ ਦਿੱਤੀ ਗਈ ਸੀ।
ਕੁੰਵਰ ਵਿਜੇ ਪ੍ਰਤਾਪ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਨੂੰ ਦਿੱਤਾ ਜਵਾਬ
ਦੱਸਿਆ – ਕੁੰਵਰ ਵਿਜੇ ਨੇ ਚੋਣ ਕਮਿਸ਼ਨ ਦੇ ਨਿਯਮਾਂ ਦੀ ਕੋਈ ਉਲੰਘਣਾ ਨਹੀਂ ਕੀਤੀ
ਚੰਡੀਗੜ੍ਹ : 2ਲੋਕ ਸਭਾ ਚੋਣਾਂ ਦੌਰਾਨ ਬਦਲੀ ਦੇ ਬਾਵਜੂਦ ਕੁੰਵਰ ਵਿਜੇ ਪ੍ਰਤਾਪ ਵਲੋਂ ਐਸਆਈਟੀ ਦੀ ਜਾਂਚ ‘ਚ ਸ਼ਾਮਲ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੂੰ ਨੋਟਿਸ ਭੇਜਿਆ ਸੀ। ਪੰਜਾਬ ਸਰਕਾਰ ਵਲੋਂ ਇਸ ਸਬੰਧੀ ਜਵਾਬ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕੀਤੀ ਗਈ ਹੈ । ਦੱਸਿਆ ਗਿਆ ਕਿ ਚੋਣ ਜ਼ਾਬਤੇ ਦੌਰਾਨ ਕੁੰਵਰ ਵਿਜੇ ਪ੍ਰਤਾਪ ਨੇ ਮੀਡੀਆ ਵਿਚ ਕੋਈ ਬਿਆਨ ਨਹੀਂ ਦਿੱਤਾ ਤੇ ਨਾ ਹੀ ਕੋਈ ਅਜਿਹੀ ਕਾਰਵਾਈ ਕੀਤੀ, ਜਿਸ ਨਾਲ ਚੋਣ ਕਮਿਸ਼ਨ ਦੇ ਨਿਯਮਾਂ ਦੀ ਉਲੰਘਣਾ ਹੋਵੇ। ਜ਼ਿਕਰਯੋਗ ਹੈ ਕਿ ਅਕਾਲੀ ਦਲ ਦੀ ਸ਼ਿਕਾਇਤ ‘ਤੇ ਲੰਘੀ 7 ਜੂਨ ਨੂੰ ਚੋਣ ਕਮਿਸ਼ਨ ਨੇ ਪੰਜਾਬ ਸਰਕਾਰ ਨੋਟਿਸ ਭੇਜਿਆ ਸੀ। ਨੋਟਿਸ ਵਿਚ ਪੁੱਛਿਆ ਗਿਆ ਸੀ ਕਿ ਬਦਲੀ ਦੇ ਬਾਵਜੂਦ ਕੁੰਵਰ ਵਿਜੇ ਨੇ ਐਸ.ਆਈ.ਟੀ. ਦਾ ਹਿੱਸਾ ਬਣ ਕੇ ਕਿਉਂ ਕੰਮ ਕੀਤਾ। ਧਿਆਨ ਰਹੇ ਕਿ ਕੁੰਵਰ ਵਿਜੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਐਸ.ਆਈ.ਟੀ. ਦੇ ਮੁੱਖ ਮੈਂਬਰ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …