ਹਰਦੀਪ ਪੁਰੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੰਮ੍ਰਿਤਸਰ ਨੂੰ ਇੱਕ ਹੋਰ ਤੋਹਫਾ ਦਿੱਤਾ ਹੈ। ਉਨ੍ਹਾਂ ਨੇ ਮੁੰਬਈ-ਪਟਨਾ-ਅੰਮ੍ਰਿਤਸਰ ਹਵਾਈ ਉਡਾਣ ਦਾ ਐਲਾਨ ਕੀਤਾ ਅਤੇ ਇਹ ਉਡਾਣ 27 ਸਤੰਬਰ ਤੋਂ ਸ਼ੁਰੂ ਹੋ ਜਾਵੇਗੀ। ਪੁਰੀ ਨੇ ਦੱਸਿਆ ਕਿ ਏਅਰ ਇੰਡੀਆ 27 ਸਤੰਬਰ ਤੋਂ ਮੁੰਬਈ-ਪਟਨਾ-ਅੰਮ੍ਰਿਤਸਰ ਅਤੇ ਮੁੰਬਈ-ਨੈਰੋਬੀ ਰੂਟਾਂ ‘ਤੇ ਨਵੀਆਂ ਉਡਾਣਾਂ ਸ਼ੁਰੂ ਕਰੇਗਾ। ਉਨ੍ਹਾਂ ਟਵੀਟ ਕਰਕੇ ਕਿਹਾ, ”ਮੈਨੂੰ ਇਹ ਐਲਾਨ ਕਰਦਿਆਂ ਖ਼ੁਸ਼ੀ ਹੋ ਰਹੀ ਹੈ ਕਿ 27 ਸਤੰਬਰ ਨੂੰ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਏਅਰ ਇੰਡੀਆ ਵੱਲੋਂ ਮੁੰਬਈ ਤੋਂ ਨੈਰੋਬੀ ਲਈ (ਹਫ਼ਤੇ ਵਿਚ ਚਾਰ ਦਿਨ) ਸਿੱਧੀ ਉਡਾਣ ਸ਼ੁਰੂ ਕੀਤੀ ਜਾਵੇਗੀ।” ਉਨ੍ਹਾਂ ਕਿਹਾ ਕਿ ਮੁੰਬਈ-ਪਟਨਾ-ਅੰਮ੍ਰਿਤਸਰ ਉਡਾਣ ਦੇ ਸ਼ੁਰੂ ਹੋਣ ਨਾਲ ਗੁਰੂ ਕੀ ਨਗਰੀ ਨੂੰ ਸ੍ਰੀ ਪਟਨਾ ਸਾਹਿਬ ਨਾਲ ਜੋੜਨ ਦੀ ਚਿਰੋਕਣੀ ਮੰਗ ਪੂਰੀ ਹੋ ਜਾਵੇਗੀ। ਧਿਆਨ ਰਹੇ ਕਿ ਪੁਰੀ ਨੇ ਪਿਛਲੇ ਦਿਨੀਂ ਕੌਮੀ ਕੈਰੀਅਰ ਵੱਲੋਂ 27 ਸਤੰਬਰ ਤੋਂ ਅੰਮ੍ਰਿਤਸਰ-ਦਿੱਲੀ-ਟੋਰਾਂਟੋ ਉਡਾਣ ਸ਼ੁਰੂ ਕਰਨ ਦਾ ਐਲਾਨ ਵੀ ਕੀਤਾ ਸੀ।
Check Also
ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀਆਂ ਜ਼ਿਮਨੀ ਚੋਣਾਂ ਦੇ ਨਤੀਜੇ ਭਲਕੇ 23 ਨਵੰਬਰ ਨੂੰ
ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਵਿਚਾਲੇ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਚਾਰ ਵਿਧਾਨ …