Breaking News
Home / ਪੰਜਾਬ / ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ

ਸਿੱਖ ਰੈਫਰੈਂਸ ਲਾਇਬ੍ਰੇਰੀ ਮਾਮਲੇ ਦੀ ਪੜਤਾਲ ਲਈ ਪੰਜ ਮੈਂਬਰੀ ਜਾਂਚ ਕਮੇਟੀ ਦਾ ਗਠਨ

ਜਾਂਚ ਕਮੇਟੀ ਵਿਚ ਪ੍ਰੋ. ਕਿਰਪਾਲ ਸਿੰਘ ਬਡੂੰਗਰ ਅਤੇ ਬੀਬੀ ਜਗੀਰ ਕੌਰ ਵੀ ਸ਼ਾਮਲ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਰੈਫਰੈਂਸ ਲਾਇਬਰੇਰੀ ਦੇ ਅਮੁੱਲੇ ਖਜ਼ਾਨੇ ਦੀ ਵਾਪਸੀ ਸਬੰਧੀ ਅਤੇ ਸਰੂਪ ਨੂੰ ਵੇਚੇ ਜਾਣ ਸਬੰਧੀ ਚਲ ਰਹੇ ਵਿਵਾਦ ਦੌਰਾਨ ਸਮੁੱਚੇ ਮਾਮਲੇ ਦੀ ਜਾਂਚ ਲਈ ਸ਼੍ਰੋਮਣੀ ਕਮੇਟੀ ਵਲੋਂ ਪੰਜ ਮੈਂਬਰੀ ਉਚ ਪੱਧਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਜਾਂਚ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ.ਕਿਰਪਾਲ ਸਿੰਘ ਬਡੂੰਗਰ ਤੇ ਬੀਬੀ ਜਗੀਰ ਕੌਰ, ਸਾਬਕਾ ਸਕੱਤਰ ਦਲਮੇਘ ਸਿੰਘ, ਮੌਜੂਦਾ ਮੁੱਖ ਸਕੱਤਰ ਡਾ.ਰੂਪ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ.ਅਮਰ ਸਿੰਘ ਸ਼ਾਮਲ ਹਨ।
ਇਹ ਪੰਜ ਮੈਂਬਰੀ ਕਮੇਟੀ ਫੌਜ ਵਲੋਂ ਵਾਪਸ ਕੀਤੇ ਗਏ ਸਾਮਾਨ ਅਤੇ ਰੈਫਰੈਂਸ ਲਾਇਬਰੇਰੀ ਵਿਚ ਪੁੱਜੇ ਸਮਾਨ ਦੀ ਜਾਂਚ ਕਰੇਗੀ ਤੇ 1984 ਤੋਂ ਲੈ ਕੇ ਹੁਣ ਤਕ ਦੇ ਸਮੁੱਚੇ ਰਿਕਾਰਡ ਨੂੰ ਵਾਚੇਗੀ। ਇਸੇ ਤਰ੍ਹਾਂ ਪਾਵਨ ਸਰੂਪ ਵੇਚੇ ਜਾਣ ਦੀ ਵੀ ਜਾਂਚ ਕੀਤੀ ਜਾਵੇਗੀ। ਇਹ ਕਮੇਟੀ ਜਾਂਚ ਉਪਰੰਤ ਆਪਣੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪੇਗੀ। ਦੱਸਿਆ ਗਿਆ ਕਿ ਉਚ ਪੱਧਰੀ ਜਾਂਚ ਕਮੇਟੀ ਬਣਾਉਣ ਦਾ ਮੁੱਖ ਮੰਤਵ ਸਚਾਈ ਨੂੰ ਸੰਗਤਾਂ ਸਾਹਮਣੇ ਲਿਆਉਣਾ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਜਾਂਚ ਦੌਰਾਨ ਇਸ ਮਾਮਲੇ ਵਿਚ ਕਿਸੇ ਤਰ੍ਹਾਂ ਦੀ ਊਣਤਾਈ ਸਾਹਮਣੇ ਆਈ ਤਾਂ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਇਹ ਵੀ ਆਖਿਆ ਕਿ ਜੇਕਰ ਇਸ ਸਬੰਧੀ ਲਾਏ ਗਏ ਦੋਸ਼ ਸਾਬਤ ਨਾ ਹੋਏ ਤਾਂ ਸਬੰਧਤਾਂ ਖਿਲਾਫ ਵੀ ਅਦਾਲਤੀ ਕਾਰਵਾਈ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਜੂਨ 1984 ਸਾਕਾ ਨੀਲਾ ਤਾਰਾ ਫੌਜੀ ਹਮਲੇ ਸਮੇਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਸਥਿਤ ਸਿੱਖ ਲਾਇਬਰੇਰੀ ਦਾ ਅਮੁੱਲਾ ਖਜ਼ਾਨਾ ਫੌਜ ਚੁੱਕ ਕੇ ਲੈ ਗਈ ਸੀ, ਜਿਸ ਵਿਚ 500 ਤੋਂ ਵੱਧ ਹੱਥ ਲਿਖਤ ਸਰੂਪ ਅਤੇ 12 ਹਜ਼ਾਰ ਤੋਂ ਵੱਧ ਦੁਰਲੱਭ ਪੁਸਤਕਾਂ ਤੇ ਹੋਰ ਸਮਾਨ ਸ਼ਾਮਲ ਸੀ। ਇਹ ਮਾਮਲਾ ਉਸ ਸਮੇਂ ਉਭਰਿਆ ਸੀ ਜਦੋਂ ਫੌਜ ਵਲੋਂ ਇਥੋਂ ਲਾਇਬਰੇਰੀ ਦਾ ਚੁੱਕਿਆ ਸਾਮਾਨ ਸ਼੍ਰੋਮਣੀ ਕਮੇਟੀ ਨੂੰ ਵਾਪਸ ਕਰ ਦਿੱਤਾ ਗਿਆ ਜਿਸ ਵਿਚੋਂ ਚੁਪ ਚਪੀਤੇ ਇਕ ਸਰੂਪ ਵਿਦੇਸ਼ ਵਿਚ ਵੇਚ ਦਿੱਤਾ ਗਿਆ। ਇਨ੍ਹਾਂ ਗੰਭੀਰ ਦੋਸ਼ਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਵਲੋਂ ਸਮੁੱਚੀ ਸਥਿਤੀ ਦਾ ਪਤਾ ਲਾਉਣ ਲਈ 1984 ਤੋਂ ਬਾਅਦ ਦੇ ਅਧਿਕਾਰੀਆਂ ਤੇ ਮੌਜੂਦਾ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਸੱਦੀ ਗਈ ਜਿਸ ਵਿਚ ਖੁਲਾਸਾ ਹੋਇਆ ਕਿ ਫੌਜ ਵਲੋਂ ਹੁਣ ਤਕ 7 ਵਾਰ ਸਾਮਾਨ ਵਾਪਸ ਕੀਤਾ ਗਿਆ ਹੈ ਪਰ ਉਸ ਵਿਚ ਸਿੱਖ ਰੈਫਰੈਂਸ ਲਾਇਬਰੇਰੀ ਨਾਲ ਸਬੰਧਤ ਸਾਮਾਨ ਸਿਰਫ ਦੋ ਵਾਰ ਹੀ ਵਾਪਸ ਕੀਤਾ ਗਿਆ ਹੈ, ਜਿਸ ਵਿਚ 205 ਹੱਥ ਲਿਖਤ ਸਰੂਪ ਅਤੇ ਕੁਝ ਪੁਸਤਕਾਂ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਮੌਜੂਦਾ ਤੇ ਸਾਬਕਾ ਅਧਿਕਾਰੀਆਂ ਦੀ ਮੀਟਿੰਗ ਮਗਰੋਂ ਕੀਤੀ ਗਈ ਸਿਫਾਰਸ਼ ਮੁਤਾਬਕ ਸਮੁੱਚੇ ਮਾਮਲੇ ਦੀ ਜਾਂਚ ਵਾਸਤੇ ਉਚ ਪੱਧਰੀ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ ਜੋ ਜਲਦੀ ਹੀ ਪਾਰਦਰਸ਼ੀ ਢੰਗ ਨਾਲ ਆਪਣਾ ਕੰਮ ਸ਼ੁਰੂ ਕਰੇਗੀ।
ਸਿੱਖਾਂ ਨੂੰ ਹਨੇਰੇ ‘ਚ ਰੱਖ ਰਹੀ ਹੈ ਸ਼੍ਰੋਮਣੀ ਕਮੇਟੀ : ਭੋਮਾ
ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਮਨਜੀਤ ਸਿੰਘ ਭੋਮਾ, ਮੁੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ ਅਤੇ ਬਲਵਿੰਦਰ ਸਿੰਘ ਖੋਜਕੀਪੁਰ ਨੇ ਸਾਂਝੇ ਬਿਆਨ ਵਿਚ ਕਿਹਾ ਕਿ 1984 ਵਿੱਚ ਸ੍ਰੀ ਦਰਬਾਰ ਸਾਹਿਬ ‘ਤੇ ਹੋਏ ਫੌਜੀ ਹਮਲੇ ਦੌਰਾਨ ਫੌਜ ਵੱਲੋਂ ‘ਸਿੱਖ ਰੈਫਰੈਂਸ ਲਾਇਬ੍ਰੇਰੀ’ ਵਿਚੋਂ ਜੋ ਸਾਮਾਨ ਚੁੱਕਿਆ ਗਿਆ ਸੀ, ਉਸ ਵਿਚੋਂ ਕੁਝ ਸਾਮਾਨ ਬਹੁਤ ਸਮਾਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੀਬੀਆਈ ਰਾਹੀਂ ਪ੍ਰਾਪਤ ਹੋ ਚੁੱਕਾ ਸੀ। ਇਸ ਦਾ ਖੁਲਾਸਾ ਸ਼੍ਰੋਮਣੀ ਕਮੇਟੀ ਨੂੰ ਉਸ ਵੇਲੇ ਕਰਨਾ ਪਿਆ ਜਿਸ ਵੇਲੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਤੱਥਾਂ ਦੇ ਆਧਾਰ ‘ਤੇ ਇਹ ਖੁਲਾਸਾ ਸੰਗਤ ਸਾਹਮਣੇ ਕੀਤਾ। ਇਸ ਤੋਂ ਪਹਿਲਾਂ ਅੱਜ ਤੱਕ ਇਸ ਮਸਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਸੰਗਤ ਨੂੰ ਗੁਮਰਾਹ ਕਰਦੇ ਰਹੇ ਹਨ।

Check Also

ਕਰਜ਼ੇ ’ਚ ਡੁੱਬੇ ਜਗਰਾਓ ਦੇ ਕਿਸਾਨ ਸੁਖਮੰਦਰ ਸਿੰਘ ਨੇ ਪੀਤੀ ਜ਼ਹਿਰ

ਤਿੰਨ ਧੀਆਂ ਦੇ ਪਿਤਾ ਨੇ ਇਲਾਜ਼ ਦੌਰਾਨ ਤੋੜਿਆ ਦਮ ਜਗਰਾਉਂ/ਬਿਊਰੋ ਨਿਊਜ਼ : ਸਮੇਂ-ਸਮੇਂ ਦੀਆਂ ਸਰਕਾਰਾਂ …