Breaking News
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ

ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਮਾਗਮਾਂ ‘ਚ ਸ਼ਾਮਲ ਹੋਣਗੇ ਮੋਦੀ
ਅਕਾਲੀ ਦਲ ਦੇ ਵਫਦ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ
ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕਰਵਾਏ ਜਾ ਰਹੇ ਸਮਾਗਮਾਂ ਵਿਚ ਸ਼ਿਰਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਮੀ ਭਰ ਦਿੱਤੀ ਹੈ। ਉਹ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮ ਵਿਚ ਹਿੱਸਾ ਲੈਣਗੇ। ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸੋਮਵਾਰ ਨੂੰ ਨਵੀਂ ਦਿੱਲੀ ਵਿਚ ਪ੍ਰਧਾਨ ਮੰਤਰੀ ਨੂੰ ਮਿਲਿਆ ਅਤੇ ਉਨ੍ਹਾਂ ਨੂੰ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ।
ਵਫ਼ਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤੋਂ ਇਲਾਵਾ ਡੀਐਸਜੀਐਮਸੀ ਅਤੇ ਸ੍ਰੀ ਪਟਨਾ ਸਾਹਿਬ ਬੋਰਡ ਦੇ ਨੁਮਾਇੰਦੇ ਵੀ ਹਾਜ਼ਰ ਸਨ। ਵਫ਼ਦ ਨੇ ਮੋਦੀ ਨੂੰ ਪਹਿਲੀ ਪਾਤਸ਼ਾਹੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਕੀਤੇ ਜਾ ਰਹੇ ਵੱਖ- ਵੱਖ ਪ੍ਰੋਗਰਾਮਾਂ ਤੋਂ ਵੀ ਜਾਣੂ ਕਰਵਾਇਆ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਲਤਾਨਪੁਰ ਲੋਧੀ ਵਿਚ ਹੋਣ ਵਾਲੇ ਸਮਾਗਮ ਵਿਚ ਭਾਗ ਲੈਣ ਲਈ ਸਹਿਮਤ ਹੋ ਗਏ ਹਨ ਅਤੇ ਉਨ੍ਹਾਂ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਨਗਰ ਕੀਰਤਨ ਆਰੰਭ ਕਰਵਾਉਣ ਲਈ ਵਿਦੇਸ਼ ਮੰਤਰਾਲੇ ਨੂੰ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅਕਾਲੀ ਵਫ਼ਦ ਨੇ ਪ੍ਰਧਾਨ ਮੰਤਰੀ ਨੂੰ ਇਹ ਵੀ ਦੱਸਿਆ ਕਿ ਦੁਨੀਆ ਭਰ ਵਿਚ ਬੈਠੀ ਸਿੱਖ ਸੰਗਤ ਗੁਰੂ ਨਾਨਕ ਦੇਵ ਦੇ ਚਰਨ ਛੋਹ ਵਾਲੀਆਂ ਸਾਰੀਆਂ ਥਾਂਵਾਂ ਉੱਤੇ ਢੁੱਕਵੇਂ ਯਾਦਗਾਰੀ ਸਮਾਗਮ ਕਰਵਾ ਕੇ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਨੂੰ ਮਨਾਉਣਾ ਚਾਹੁੰਦੀ ਹੈ। ਪ੍ਰਧਾਨ ਮੰਤਰੀ ਨੇ ਵਿਦੇਸ਼ਾਂ ਵਿਚ ਭਾਰਤੀ ਦੂਤਾਵਾਸਾਂ ਜ਼ਰੀਏ ਅਜਿਹੇ ਸਾਰੇ ਸਮਾਗਮ ਕਰਵਾਉਣ ਦਾ ਭਰੋਸਾ ਦਿਵਾਇਆ ਹੈ ਅਤੇ ਪ੍ਰਬੰਧਕਾਂ ਨੂੰ ਲੋੜੀਂਦੀ ਮਦਦ ਦੇਣ ਦਾ ਵੀ ਭਰੋਸਾ ਦਿਵਾਇਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਾਰੀਆਂ ਥਾਵਾਂ ਦੀ ਸੂਚੀ ਤਿਆਰ ਕੀਤੀ ਜਾ ਰਹੀ ਹੈ, ਜਿੱਥੇ ਇਹ ਸਾਰੇ ਸਮਾਗਮ ਕਰਵਾਏ ਜਾਣਗੇ ਅਤੇ ਇਹ ਸੂਚੀ ਜਲਦੀ ਹੀ ਸਿੱਖ ਸੰਗਤ ਵਾਸਤੇ ਜਾਰੀ ਕਰ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੋਦੀ ਨੇ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ ਪੁਰਬ ਨੂੰ ਸਮੁੱਚੇ ਵਿਸ਼ਵ ਲਈ ਇਕ ਵਿਲੱਖਣ ਮੌਕਾ ਕਰਾਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਆਖਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਦੇ ਮੁਬਾਰਕ ਦਿਹਾੜੇ ਸਮੇਂ ਸ਼ਾਮਲ ਹੋਣਾ ਉਨ੍ਹਾਂ ਦੀ ਖ਼ੁਸ਼ਨਸੀਬੀ ਹੋਵੇਗੀ ਕਿਉਂਕਿ ਗੁਰੂ ਸਾਹਿਬ ਸਮੁੱਚੀ ਲੋਕਾਈ ਲਈ ਮਾਰਗ ਦਰਸ਼ਕ ਹਨ। ਵਫ਼ਦ ਵਿਚ ਸੰਸਦ ਮੈਂਬਰ ਬਲਵਿੰਦਰ ਸਿੰਘ ਭੂੰਦੜ, ਡੀਐਸਜੀਐਮਸੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਸ੍ਰੀ ਪਟਨਾ ਸਾਹਿਬ ਦੇ ਨੁਮਾਇੰਦੇ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ।
ਸ਼ਤਾਬਦੀ ਸਮਾਗਮਾਂ ਦਾ ਸਿਆਸੀਕਰਨ ਨਾ ਕਰਨ ਸੁਖਬੀਰ: ਚਰਨਜੀਤ ਚੰਨੀ
ਚੰਡੀਗੜ੍ਹ : ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦਾ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ ਨੂੰ ਗੌਰਵਮਈ ਬਣਾਉਣ ਲਈ ਸੂਬਾ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਹਾਲੀਆ ਦਿੱਲੀ ਫੇਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਮੰਤਰੀ ਨੂੰ 550ਵੇਂ ਪ੍ਰਕਾਸ਼ ਪੁਰਬ ਦੇ ਜਸ਼ਨ ਵਿੱਚ ਸ਼ਾਮਲ ਹੋਣ ਲਈ ਪਹਿਲਾਂ ਹੀ ਸੱਦਾ ਦੇ ਚੁੱਕੇ ਹਨ। ਲਿਹਾਜ਼ਾ ਸ਼੍ਰੋਮਣੀ ਅਕਾਲੀ ਦਲ ਨੂੰ ਹੁਣ ਪ੍ਰਧਾਨ ਮੰਤਰੀ ਨੂੰ ਵੱਖਰਾ ਸੱਦਾ ਦੇਣ ਦੀ ਕੋਈ ਲੋੜ ਨਹੀਂ ਹੈ। ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇ ਫੈਸਲੇ ਲਈ ਸਿਹਰਾ ਲੈਣ ਦੀ ਥਾਂ ਸੁਖਬੀਰ ਬਾਦਲ ਨੂੰ ਚਾਹੀਦਾ ਹੈ ਕਿ ਉਹ ਸ਼ਤਾਬਦੀ ਸਮਾਗਮਾਂ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਏਕਤਾ ਤੇ ਸਦਭਾਵਨਾ ਦੀ ਸੱਚੀ ਭਾਵਨਾ ਨਾਲ ਨੇਪਰੇ ਚਾੜਨ ਵਿੱਚ ਸਹਿਯੋਗ ਦੇਣ।

ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਮਨਾਇਆ ਜਾਵੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਪੰਜਾਬ ਸਰਕਾਰ, ਸ਼੍ਰੋਮਣੀ ਕਮੇਟੀ ਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਸਾਂਝੇ ਤੌਰ ‘ਤੇ ਇਕ ਮੰਚ ਤੋਂ ਮਨਾਉਣ ਲਈ ਇਥੇ ਅਕਾਲ ਤਖ਼ਤ ਸਾਹਿਬ ਦੇ ਸਕਤਰੇਤ ਵਿਚ ਸਾਂਝੀ ਮੀਟਿੰਗ ਹੋਈ। ਇਸ ਵਿਚ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਪੰਜਾਬ ਸਰਕਾਰ ਦੇ ਮੰਤਰੀ ਤੇ ਹੋਰ ਪਤਵੰਤੇ ਸ਼ਾਮਲ ਸਨ।
ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਇੱਕ ਮੰਚ ਤੋਂ ਸਾਂਝੇ ਤੌਰ ‘ਤੇ ਮਨਾਉਣ ਲਈ ਦਿੱਤੇ ਆਦੇਸ਼ ‘ਤੇ ਸਾਂਝੀ ਮੀਟਿੰਗ ਹੋਈ। ਇਸ ਸਬੰਧ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੋਵਾਂ ਨੂੰ ਹੀ ਪੱਤਰ ਭੇਜੇ ਗਏ ਸਨ।
ਇਸ ਸਬੰਧੀ ਦੋਵਾਂ ਧਿਰਾਂ ਵਲੋਂ ਹੀ ਹਾਂ-ਪੱਖੀ ਹੁੰਗਾਰਾ ਮਿਲਿਆ ਹੈ। ਮੁੱਖ ਮੰਤਰੀ ਵਲੋਂ ਕੈਬਨਿਟ ਮੰਤਰੀਆਂ ਦਾ ਵਫ਼ਦ ਮੀਟਿੰਗ ਲਈ ਭੇਜਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਮੀਟਿੰਗ ਸਦਭਾਵਨਾ ਵਾਲੇ ਮਾਹੌਲ ਵਿਚ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਸਮੁੱਚਾ ਸਮਾਗਮ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਾਂਝੇ ਤੌਰ ‘ਤੇ ਮਨਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਿਆਂ ਦੇ ਪ੍ਰਬੰਧ ਤੋਂ ਇਲਾਵਾ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ। ਮੁੱਖ ਸਮਾਗਮ ਮੌਕੇ ਸਟੇਜ ‘ਤੇ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਤੋਂ ਲੈ ਕੇ ਕੜਾਹ ਪ੍ਰਸਾਦਿ ਵਰਤਾਉਣ ਤਕ ਸਾਰਾ ਪ੍ਰਬੰਧ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ। ਸਰਕਾਰ ਵਲੋਂ ਸੰਗਤ ਦੀ ਰਿਹਾਇਸ਼, ਪਾਰਕਿੰਗ, ਟਰੈਫਿਕ ਤੇ ਹੋਰ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਮੁੱਖ ਮੰਤਰੀ ਦੇ ਇਸ ਸਬੰਧੀ ਹਾਂ-ਪੱਖੀ ਹੁੰਗਾਰੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਰਹੇਗਾ। ਉਨ੍ਹਾਂ ਆਖਿਆ ਕਿ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਲਈ ਹੋਰਨਾਂ ਪਾਰਟੀਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।
ਮੀਟਿੰਗ ਵਿਚ ਸਰਕਾਰ ਵਲੋਂ ਸ਼ਾਮਲ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਦਿੱਤੇ ਆਦੇਸ਼ ਮੁਤਾਬਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਹ ਸਮਾਗਮ ਸਾਂਝੇ ਤੌਰ ‘ਤੇ ਮਨਾਉਣ ਲਈ ਮੰਤਰੀਆਂ ਦਾ ਵਫ਼ਦ ਮੀਟਿੰਗ ਲਈ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਗੱਲਬਾਤ ਦਾ ਸਿਲਸਿਲਾ ਜਾਰੀ ਰਹੇਗਾ। ਮੁੱਖ ਮੰਤਰੀ ਖ਼ੁਦ ਵੀ ਇਸ ਸਬੰਧੀ ਮੀਟਿੰਗ ਕਰਨਗੇ। ਇਸੇ ਦੌਰਾਨ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਗੁਰਦੁਆਰਾ ਕਰਤਾਰਪੁਰ ਲਾਂਘੇ ਦੇ ਚੱਲ ਰਹੇ ਕੰਮ ਬਾਰੇ ਵੀ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਗਈ ਹੈ। ਇਸ ਦੌਰਾਨ ਲਾਂਘੇ ਨੂੰ ਖੋਲਣ ਅਤੇ 550 ਸਾਲਾ ਸਮਾਗਮਾਂ ਦੀਆਂ ਤਰੀਕਾਂ ਵੱਖ-ਵੱਖ ਰੱਖਣ ਬਾਰੇ ਵੀ ਆਖਿਆ ਗਿਆ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਨ੍ਹਾਂ ਸਮਾਗਮਾਂ ਸਬੰਧੀ ਜੋ ਵੀ ਫ਼ੈਸਲਾ ਕੀਤਾ ਜਾਵੇਗਾ, ਸ਼੍ਰੋਮਣੀ ਕਮੇਟੀ ਉਸ ਨੂੰ ਪੂਰਾ ਕਰੇਗੀ।
ਗੌਲਫ ਅਤੇ ਗੱਪਸ਼ੱਪ
ਪੰਜਾਬ ਸਰਕਾਰ ਦੇ ਅਧਿਕਾਰੀ ਆਮ ਦਿਨਾਂ ‘ਚ ਤਾਂ ਇਕ-ਦੂਜੇ ਨਾਲ ਜ਼ਿਆਦਾ ਗੱਲਬਾਤ ਨਹੀਂ ਕਰ ਪਾਉਂਦੇ। ਜੇਕਰ ਕਿਸੇ ਅਧਿਕਾਰੀ ਦੀ ਦੂਜੇ ਅਧਿਕਾਰੀ ਨਾਲ ਗੱਲਬਾਤ ਹੁੰਦੀ ਹੈ ਤਾਂ ਉਹ ਕੇਵਲ ਦਫ਼ਤਰ ਦੇ ਕੰਮਕਾਜ ਨੂੰ ਹੀ ਲੈ ਕੇ ਹੁੰਦੀ ਹੈ ਪ੍ਰੰਤੂ ਸ਼ਨੀਵਾਰ ਅਤੇ ਐਤਵਾਰ ਦੇ ਦਿਨ ਅਧਿਕਾਰੀ ਗੌਲਫ ਕਲੱਬ ‘ਚ ਗੱਪਸ਼ੱਪ ਕਰਦੇ ਹੋਏ ਨਜ਼ਰ ਆਉਂਦੇ ਹਨ। ਇਨ੍ਹਾਂ ਅਧਿਕਾਰੀਆਂ ਦਰਮਿਆਨ ਸਰਕਾਰ ਦੇ ਕੰਮਕਾਜ ਅਤੇ ਤਾਜ਼ਾ ਮੁੱਦਿਆਂ ਨੂੰ ਲੈ ਕੇ ਖੂਬ ਗੱਪਸ਼ੱਪ ਚਲਦੀ ਹੈ। ਅਧਿਕਾਰੀ ਕਈ ਘੰਟੇ ਗੋਲਫ ਖੇਡਦੇ ਹੋਏ ਪੂਰੇ ਹਫ਼ਤੇ ਦੀ ਗੱਪਸ਼ੱਪ ਕਰਦੇ ਨਹੀਂ ਥੱਕਦੇ।
ਕੈਪਟਨ ਦਾ ਦੌਰਾ ਰਿਹਾ ਚਰਚਾ ‘ਚ
ਬੇਸ਼ੱਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦਿੱਲੀ ਦੌਰੇ ਦੇ ਦੌਰਾਨ ਕੇਵਲ ਕੇਂਦਰੀ ਮੰਤਰੀਆਂ ਨੂੰ ਹੀ ਮਿਲੇ ਪ੍ਰੰਤੂ ਕੈਪਟਨ ਦੇ ਦਿੱਲੀ ਜਾਣ ਦੇ ਨਾਲ ਇਸ ਗੱਲ ਨੂੰ ਲੈ ਕੇ ਵੀ ਚਰਚਾਵਾਂ ਹੋਣ ਲੱਗੀਆਂ ਸਨ ਕਿ ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਰਾਹੁਲ ਗਾਂਧੀ ਨਾਲ ਵੀ ਮੁਲਾਕਾਤ ਕਰਨਗੇ। ਪ੍ਰੰਤੂ ਉਨ੍ਹਾਂ ਦੀ ਰਾਹੁਲ ਗਾਂਧੀ ਨਾਲ ਮੁਲਾਕਾਤ ਨਹੀਂ ਹੋ ਸਕੀ। ਕੈਪਟਨ ਨੇ ਇਕ ਹੋਰ ਆਗੂ ਨਾਲ ਗੱਲਬਾਤ ਹੋਣ ਤੋਂ ਬਾਅਦ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਸਿੱਧੂ ਦਾ ਵਿਭਾਗ ਨਹੀਂ ਬਦਲਿਆ ਜਾਵੇਗਾ।
ਮੰਤਰੀ-ਅਫ਼ਸਰਾਂ ਦੀ ਕਿਰਕਿਰੀ
ਪੰਜਾਬ ਦੀਆਂ ਜੇਲ੍ਹਾਂ ‘ਚ ਪਹਿਲਾਂ ਵੀ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਸ ਨਾਲ ਜੇਲ੍ਹ ਵਿਭਾਗ ਦੀ ਕਿਰਕਿਰੀ ਹੁੰਦੀ ਰਹੀ ਹੈ। ਕਦੇ ਵੀ ਜੇਲ੍ਹ ਤੋਂ ਕੈਦੀਆਂ ਦਾ ਸੋਸ਼ਲ ਮੀਡੀਆ ‘ਤੇ ਆਨਲਾਈਨ ਹੋਣਾ ਤੇ ਕਦੇ ਜੇਲ੍ਹ ਤੋਂ ਖੂੰਖਾਰ ਅੱਤਵਾਦੀਆਂ ਦਾ ਜੇਲ੍ਹ ਤੋਂ ਫਰਾਰ ਹੋ ਜਾਣਾ। ਪ੍ਰੰਤੂ ਇਸ ਵਾਰ ਜੇਲ੍ਹ ‘ਚ ਕੈਦੀਆਂ ਵੱਲੋਂ ਕੀਤੇ ਹੰਗਾਮੇ ਨੇ ਇਕ ਵਾਰ ਫਿਰ ਤੋਂ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੂੰ ਹੀ ਨਹੀਂ ਬਲਕਿ ਮੰਤਰੀ ਤੱਕ ਦੀ ਕਿਰਕਿਰੀ ਕਰਵਾ ਦਿੱਤੀ। ਇੰਨਾ ਹੀ ਨਹੀਂ ਵਿਰੋਧੀ ਧਿਰਾਂ ਨੇ ਤਾਂ ਜੇਲ੍ਹ ਮੰਤਰੀ ਦੇ ਅਸਤੀਫ਼ੇ ਦੀ ਮੰਗ ਵੀ ਕਰ ਦਿੱਤੀ। ਜਿਸ ਤੋਂ ਬਾਅਦ ਮੰਤਰੀ ਨੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਖਿਲਾਫ਼ ਕਾਰਵਾਈ ਵੀ ਕੀਤੀ।
ਨਹੀਂ ਘਟ ਰਹੀਆਂ ਮੁਸ਼ਕਿਲਾਂ
ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦਾ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਾਰਾਜ਼ਗੀ ਦਾ ਦੌਰ ਖਤਮ ਨਹੀਂ ਹੋਇਆ ਉਥੇ ਹੀ ਹੁਣ ਸਿੱਧੂ ਦੇ ਪੁਰਾਣੇ ਵਿਭਾਗ ‘ਚ ਵਿਜੀਲੈਂਸ ਵੱਲੋਂ ਉਨ੍ਹਾਂ ਪ੍ਰੋਜੈਕਟਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ‘ਚ ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਪ੍ਰੋਜੈਕਟਾਂ ਨੂੰ ਸਿੱਧੂ ਦੇ ਨਜ਼ੀਦੀਆਂ ਨੂੰ ਅਲਾਟ ਕਰ ਦਿੱਤਾ ਗਿਆ ਹੈ। ਜੇਕਰ ਜਾਂਚ ਦੇ ਦੌਰਾਨ ਵਿਜੀਲੈਂਸ ਦੇ ਹੱਥ ਕੁਝ ਅਜਿਹੇ ਦਸਤਾਵੇਜ਼ ਲਗਦੇ ਹਨ ਤਾਂ ਇਸ ਨਾਲ ਸਿੱਧੂ ਦੇ ਲਈ ਹੋਰ ਮੁਸ਼ਕਿਲਾਂ ਖੜ੍ਹੀਆਂ ਹੋ ਸਕਦੀਆਂ ਹਨ। ਇਸ ਤੋਂ ਬਾਅਦ ਸਿੱਧੂ ਵੀ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਸਕਦੇ ਹਨ।

Check Also

ਚੋਣਾਂ ਨੇੜੇ ਆਉਂਦੀਆਂ ਦੇਖ ਸਿਆਸੀ ਆਗੂਆਂ ਨੇ ਡੇਰਿਆਂ ਦੇ ਚੱਕਰ ਲਗਾਉਣੇ ਕੀਤੇ ਸ਼ੁਰੂ

ਪ੍ਰਤਾਪ ਬਾਜਵਾ, ਪ੍ਰਨੀਤ ਕੌਰ ਤੇ ਕੁਲਦੀਪ ਧਾਲੀਵਾਲ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ …