‘ਆਪ’ ਦੇ ਪੰਜਾਬ ਆਗੂਆਂ ਦੀ ਕੇਜਰੀਵਾਲ ਨਾਲ ਮੀਟਿੰਗ ‘ਚ ਹੋਇਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਵੱਲੋਂ ਪੰਜਾਬ ਅੰਦਰ ਹੱਦੋਂ ਮਹਿੰਗੀਆਂ ਬਿਜਲੀ ਦਰਾਂ ਵਿਰੁੱਧ ਸ਼ੁਰੂ ਕੀਤੇ ਮੋਰਚੇ ਤਹਿਤ ‘ਆਪ’ ਦੇ ਆਗੂ ਅਗਲੇ ਦੋ ਮਹੀਨੇ ਤੋਂ ਪਿੰਡਾਂ ਅਤੇ ਮੁਹੱਲਿਆਂ ਵਿਚ ਜਾ ਕੇ ਮੁਹਿੰਮ ਚਲਾਉਣਗੇ। ਇਹ ਫੈਸਲਾ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਚਲਾਏ ਜਾ ਰਹੇ ਬਿਜਲੀ ਮੋਰਚੇ ਦੀ ਅਗਲੇਰੀ ਰੂਪ ਰੇਖਾ ਲਈ ਦਿੱਲੀ ਵਿੱਚ ਬੁਲਾਈ ਮੀਟਿੰਗ ਵਿਚ ਲਿਆ ਹੈ।
ਕੇਜਰੀਵਾਲ ਦੇ ਸਰਕਾਰੀ ਨਿਵਾਸ ਵਿੱਚ ਹੋਈ ਮੀਟਿੰਗ ਵਿਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਮੰਤਰੀ ਗੋਪਾਲ ਰਾਏ, ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮਨਜੀਤ ਸਿੰਘ ਬਿਲਾਸਪੁਰ, ਮੀਤ ਹੇਅਰ, ਜੈ ਕਿਸ਼ਨ ਸਿੰਘ ਰੌੜੀ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ, ਸੁਖਵਿੰਦਰ ਸੁੱਖੀ, ਜਮੀਲ-ਉਰ-ਰਹਿਮਾਨ, ਦਲਬੀਰ ਸਿੰਘ ਢਿੱਲੋਂ, ਡਾ. ਬਲਬੀਰ ਸਿੰਘ, ਮਨਜੀਤ ਸਿੰਘ ਸਿੱਧੂ, ਸਿਆਸੀ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਸਮੇਤ ਸਾਰੇ ਜ਼ਿਲ੍ਹਾ ਪ੍ਰਧਾਨ, ਹਲਕਾ ਪ੍ਰਧਾਨ, ਲੋਕ ਸਭਾ ਉਮੀਦਵਾਰ ਅਤੇ ਵੱਖ ਵੱਖ ਵਿੰਗਾਂ ਦੇ ਮੁਖੀ ਅਤੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਵਿਧਾਇਕ ਮੀਤ ਹੇਅਰ ਨੂੰ ਬਿਜਲੀ ਮੋਰਚੇ ਦੇ ਸਮੁੱਚੇ ਪ੍ਰਬੰਧ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਇੱਕ ਬਿਜਲੀ ਮੋਰਚਾ ਕਮੇਟੀ ਗਠਿਤ ਕਰਨ ਦਾ ਫ਼ੈਸਲਾ ਲਿਆ ਗਿਆ, ਜੋ ਮਾਹਿਰਾਂ ਦੀ ਮੱਦਦ ਨਾਲ ਪੰਜਾਬ ਦੇ ਲੋਕਾਂ ਨੂੰ ਬਿਜਲੀ ਬਿਲਾਂ ਅਤੇ ਮੀਟਰਾਂ ਆਦਿ ਦੀ ਖ਼ੁਦ ਜਾਂਚ ਕਰਨ ਦੀ ਟਰੇਨਿੰਗ ਅਤੇ ਜਾਣਕਾਰੀ ਦੇਵੇਗੀ। ਦੱਸਣਯੋਗ ਹੈ ਕਿ ਪਹਿਲਾਂ ਅਮਨ ਅਰੋੜਾ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਬਣਾਏ ਗਏ ਸਨ। ਵਿਚਾਰ ਚਰਚਾ ਦੌਰਾਨ ਅਰੋੜਾ ਨੇ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਬਿਜਲੀ ਦੇ ਮੀਟਰ ਤੇਜ਼ ਚੱਲਦੇ ਹਨ ਅਤੇ ਨਿੱਜੀ ਬਿਜਲੀ ਕੰਪਨੀਆਂ ਰਾਹੀਂ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਕੀਤੇ ਸਮਝੌਤੇ ਰੱਦ ਕਰਨ ਵਾਲੇ ਆਪਣੇ ਚੋਣ ਵਾਅਦੇ ਤੋਂ ਹੀ ਮੁੱਕਰ ਗਏ ਹਨ।
ਇਸ ਮੌਕੇ ਕੇਜਰੀਵਾਲ ਨੇ ਪੰਜਾਬ ਦੀ ਲੀਡਸ਼ਿਪ ਨੂੰ ਕਿਹਾ ਕਿ ਬਾਦਲਾਂ ਅਤੇ ਕਾਂਗਰਸੀਆਂ ਦੀਆਂ ਅਜਿਹੀਆਂ ਲੋਕ ਮਾਰੂ ਨੀਤੀਆਂ ਨੂੰ ਘਰ-ਘਰ ਜਾ ਕੇ ਬੇਪਰਦ ਕੀਤਾ ਜਾਵੇ। ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ ਵੀ ਪਿਛਲੀ ਕਾਂਗਰਸ ਸਰਕਾਰ ਨੇ ਨਿੱਜੀ ਬਿਜਲੀ ਕੰਪਨੀਆਂ ਨਾਲ ਗੱਠਜੋੜ ਕੀਤਾ ਸੀ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਸ ਬਿਜਲੀ ਮਾਫ਼ੀਆ ਨੂੰ ਤੋੜ ਕੇ ਦਿੱਲੀ ਦੇ ਲੋਕਾਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਛੇਤੀ ਹੀ ਬਿਜਲੀ ਦੀਆਂ ਦਰਾਂ ਵਿੱਚ ਹੋਰ ਕਟੌਤੀ ਕਰਕੇ ਦਿੱਲੀ ਦੇ ਲੋਕਾਂ ਨੂੰ ਹੋਰ ਰਾਹਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਦਿੱਲੀ ਸਰਕਾਰ ਲੋਕਾਂ ਨੂੰ ਰਾਹਤ ਦੇ ਸਕਦੀ ਹੈ ਤਾਂ ਕੈਪਟਨ ਸਰਕਾਰ ਅਜਿਹਾ ਕਿਉਂ ਨਹੀਂ ਕਰ ਸਕਦੀ? ਉਨ੍ਹਾਂ ਕਿਹਾ ਕਿ ਵਾਅਦੇ ਮੁਤਾਬਿਕ ਸਸਤੀ ਬਿਜਲੀ ਦੇਣਾ ਕੈਪਟਨ ਸਰਕਾਰ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ‘ਆਪ’ ਦਾ ਬਿਜਲੀ ਮੋਰਚਾ ਇੱਕ ਦਿਨ ਕੈਪਟਨ ਸਰਕਾਰ ਨੂੰ ਝੁਕਾ ਦੇਵੇਗਾ। ਇਸ ਮੌਕੇ ਭਗਵੰਤ ਮਾਨ ਨੇ ਕਿਹਾ ਕਿ ਉਹ ਮਹਿੰਗੀ ਬਿਜਲੀ ਅਤੇ ਬਾਦਲ, ਕਾਂਗਰਸੀਆਂ ਵੱਲੋਂ ਕਥਿਤ ਤੌਰ ‘ਤੇ ਨਿੱਜੀ ਬਿਜਲੀ ਕੰਪਨੀਆਂ ਤੋਂ ਖਾਧੇ ਜਾ ਰਹੇ ਮੋਟੇ ਕਮਿਸ਼ਨ ਦਾ ਮੁੱਦਾ ਪਾਰਲੀਮੈਂਟ ਵਿਚ ਉਠਾਉਣਗੇ, ਕਿਉਂਕਿ ਇਹ ਦਲਾਲੀ ਸਿੱਧੀ ਆਮ ਬਿਜਲੀ ਖਪਤਕਾਰਾਂ ਦੀਆਂ ਜੇਬਾਂ ਵਿਚੋਂ ਦਿੱਤੀ ਜਾ ਰਹੀ ਹੈ।
ਮਹਿੰਗੀਆਂ ਬਿਜਲੀ ਦਰਾਂ ਖਿਲਾਫ ਰਾਜਪਾਲ ਨੂੰ ਮਿਲਿਆ ‘ਆਪ’ ਦਾ ਵਫਦ
ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਪੰਜਾਬ ਵਿਚ ਬਿਜਲੀ ਦੀਆਂ ਮਹਿੰਗੀਆਂ ਦਰਾਂ ਦੇ ਵਿਰੋਧ ਵਿੱਚ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ.ਪੀ. ਸਿੰਘ ਬਦਨੌਰ ਮੁਲਾਕਾਤ ਕੀਤੀ ਅਤੇ ਕੈਪਟਨ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਵਾਅਦਾ ਖ਼ਿਲਾਫ਼ੀਆਂ ਦਾ ਚਿੱਠਾ ਖੋਲ੍ਹਿਆ। ਵਫ਼ਦ ਦੀ ਅਗਵਾਈ ਕਰ ਰਹੇ ਹਰਪਾਲ ਸਿੰਘ ਚੀਮਾ ਅਤੇ ਬਿਜਲੀ ਅੰਦੋਲਨ ਦੇ ਕੋਆਰਡੀਨੇਟਰ ਅਮਨ ਅਰੋੜਾ ਨੇ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ। ਵਫ਼ਦ ਨੇ ਮੰਗ ਕੀਤੀ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੌਰਾਨ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਨਾਲ ਮਹਿੰਗੀਆਂ ਦਰਾਂ ਅਤੇ ਪੰਜਾਬ ਵਿਰੋਧੀ ਸ਼ਰਤਾਂ ਤਹਿਤ ਬਿਜਲੀ ਖਰੀਦ ਸਮਝੌਤੇ (ਪੀਪੀਏਜ਼) ਤੁਰੰਤ ਰੱਦ ਕੀਤੇ ਜਾਣ, ਕਿਉਂਕਿ ਇਨ੍ਹਾਂ ਮਾਰੂ ਸ਼ਰਤਾਂ ਵਾਲੇ ਸਮਝੌਤਿਆਂ ਕਾਰਨ ਪੰਜਾਬ ਨੂੰ 25 ਸਾਲਾਂ ਦੌਰਾਨ 70 ਹਜ਼ਾਰ ਕਰੋੜ ਰੁਪਏ ਦੀ ਵੱਡੀ ਰਾਸ਼ੀ ਬਿਨਾ ਵਜ੍ਹਾ ਇਨ੍ਹਾਂ ਨਿੱਜੀ ਥਰਮਲ ਪਲਾਂਟਾਂ ਨੂੰ ਅਦਾ ਕਰਨੀ ਪੈ ਰਹੀ ਹੈ। ਵਫ਼ਦ ਨੇ ਦੱਸਿਆ ਕਿ ਸ਼ਰਤਾਂ ਮੁਤਾਬਕ ਭਾਵੇਂ ਪੰਜਾਬ ਇਨ੍ਹਾਂ ਪ੍ਰਾਈਵੇਟ ਥਰਮਲ ਪਲਾਂਟਾਂ ਤੋਂ ਇੱਕ ਯੂਨਿਟ ਵੀ ਬਿਜਲੀ ਨਹੀਂ ਖਰੀਦਦਾ ਪਰ ਫਿਰ ਵੀ ਪੰਜਾਬ ਸਰਕਾਰ ਇਨ੍ਹਾਂ ਨੂੰ ਸਾਲਾਨਾ 2800 ਕਰੋੜ ਰੁਪਏ ਬਤੌਰ ਫਿਕਸ ਚਾਰਜਿਜ਼ ਅਦਾ ਕਰਦੀ ਰਹੇਗੀ, ਜਿਸ ਕਾਰਨ ਪਹਿਲਾਂ ਹੀ ਵਿੱਤੀ ਸੰਕਟ ਵਿੱਚੋਂ ਲੰਘ ਰਹੇ ਪੰਜਾਬ ਲਈ ਇਹ ਸੌਦਾ ਘਾਤਕ ਸਾਬਤ ਹੋ ਰਿਹਾ ਹੈ। ਵਫ਼ਦ ਵਿੱਚ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ ਤੇ ਕੁਲਵੰਤ ਸਿੰਘ ਪੰਡੋਰੀ, ਹਰਚੰਦ ਸਿੰਘ ਬਰਸਟ, ਕੋਰ ਕਮੇਟੀ ਮੈਂਬਰ ਕੁਲਦੀਪ ਸਿੰਘ ਧਾਲੀਵਾਲ ਅਤੇ ਸਟੇਟ ਮੀਡੀਆ ਇੰਚਾਰਜ ਮਨਜੀਤ ਸਿੰਘ ਸਿੱਧੂ ਆਦਿ ਸ਼ਾਮਲ ਸਨ।