ਚੰਡੀਗੜ੍ਹ/ਬਿਊਰੋ ਨਿਊਜ਼ : ਲੋਕ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮਿਲੀ ਹਾਰ ਮਗਰੋਂ ਪਾਰਟੀ ਆਗੂਆਂ ਵਲੋਂ ਅਸਤੀਫ਼ੇ ਦੇਣ ਦਾ ਦੌਰ ਜਾਰੀ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਵਿਦੇਸ਼ੀ ਮਾਮਲਿਆਂ ਸਬੰਧੀ ਕਮੇਟੀ ਦੀ ਉਪ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਪਾਰਟੀ ਦੇ ਜਨਰਲ ਸਕੱਤਰ ਕੇ.ਸੀ. ਵੇਨੂਗੋਪਾਲ ਨੂੰ ਭੇਜਿਆ ਹੈ। ਆਪਣੇ ਅਸਤੀਫੇ ਵਿਚ ਬਾਜਵਾ ਨੇ ਲਿਖਿਆ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਹੋਰ ਪਾਰਟੀ ਨੇਤਾਵਾਂ ਲਈ ਜਵਾਬਦੇਹੀ ਦੀ ਇਕ ਉਦਾਹਰਨ ਪੇਸ਼ ਕੀਤੀ ਹੈ, ਜਿਸ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਅਹੁਦੇਦਾਰਾਂ ਨੂੰ ਖ਼ੁਦ ਆਪਣੇ ਅਹੁਦਿਆਂ ਤੋਂ ਲਾਂਭੇ ਹੋ ਜਾਣਾ ਚਾਹੀਦਾ ਹੈ ਅਤੇ ਪਾਰਟੀ ਦੀ ਪ੍ਰਣਾਲੀ ਸਹੀ ਢੰਗ ਨਾਲ ਚਲਾਉਣ ਲਈ ਰਾਹੁਲ ਗਾਂਧੀ ਨੂੰ ਪੂਰੀ ਖੁੱਲ੍ਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਰਕਿੰਗ ਕਮੇਟੀ ਦੇ ਮੈਂਬਰਾਂ, ਅਹੁਦੇਦਾਰਾਂ, ਸੂਬਾ ਪ੍ਰਧਾਨਾਂ ਸਮੇਤ ਸਾਰੇ ਮੁੱਖ ਮੰਤਰੀਆਂ ਨੂੰ ਵੀ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਅਹੁਦੇਦਾਰਾਂ ਵਲੋਂ ਜ਼ਿੰਮੇਵਾਰੀ ਲੈ ਕੇ ਅਸਤੀਫ਼ਾ ਦੇਣ ਨਾਲ ਰਾਹੁਲ ਗਾਂਧੀ ਦੇ ਹੱਥ ਮਜ਼ਬੂਤ ਹੋਣਗੇ ਅਤੇ ਉਹ ਖੁੱਲ੍ਹ ਕੇ ਪਾਰਟੀ ਵਿਚ ਉਸਾਰੂ ਬਦਲਾਅ ਕਰਦੇ ਹੋਏ ਅਹੁਦੇਦਾਰਾਂ ਦੀ ਮੁੜ ਚੋਣ ਕਰ ਸਕਣਗੇ।