ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ਮੌਕੇ ਦਿੱਤੀ ਵਧਾਈ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਕਮੇਟੀ ਨੇ ਬੁੱਧਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਥਾਪਨਾ ਦਿਵਸ ਮਨਾਇਆ। ਇਸ ਮੌਕੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸਥਾਪਨਾ ਦਿਵਸ ‘ਤੇ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਵਿਰੋਧੀਆਂ ਵੱਲੋਂ ਸਿੱਖ ਮਨਾਂ ਵਿਚ ਅਕਾਲ ਤਖ਼ਤ ਦਾ ਮਾਣ-ਸਨਮਾਨ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ, ਸਿੱਖ ਕੌਮ ਨੂੰ ਸੁਚੇਤ ਹੋਣ ਦੀ ਲੋੜ ਹੈ। ਸਥਾਪਨਾ ਦਿਵਸ ਦੇ ਸਬੰਧ ਵਿਚ ਅਕਾਲ ਤਖ਼ਤ ਸਾਹਿਬ ‘ਤੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਰਾਗੀਆਂ ਨੇ ਕੀਰਤਨ ਕੀਤਾ। ਸ੍ਰੀ ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਤੇ ਹੁਕਮਨਾਮਾ ਗਿਆਨੀ ਗੁਰਮੁਖ ਸਿੰਘ ਨੇ ਦਿੱਤਾ। ਉਨ੍ਹਾਂ ਅਕਾਲ ਤਖ਼ਤ ਦੀ ਸਿਰਜਣਾ ਬਾਰੇ ਸੰਗਤ ਨੂੰ ਜਾਣੂ ਕਰਾਇਆ। ਉਨ੍ਹਾਂ ਸੰਗਤ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।
ਇਸ ਦੌਰਾਨ ਜਥੇਦਾਰ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਦੇ ਸਿਰਜਣਾ ਦਿਵਸ ‘ਤੇ ਵਧਾਈ ਦਿੰਦਿਆਂ ਸਮੁੱਚੀ ਕੌਮ ਨੂੰ ਸੁਚੇਤ ਕੀਤਾ ਕਿ ਸਿੱਖ ਵਿਰੋਧੀਆਂ ਵਲੋਂ ਸਿੱਖਾਂ ਦੇ ਮਨਾਂ ਵਿਚ ਅਕਾਲ ਤਖ਼ਤ ਦੇ ਮਾਣ-ਸਨਮਾਨ ਨੂੰ ਖ਼ਤਮ ਕਰਨ ਦੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸਿੱਖ ਸੰਗਤ ਨੂੰ ਇਨ੍ਹਾਂ ਯਤਨਾਂ ਪ੍ਰਤੀ ਸੁਚੇਤ ਹੋਣਾ ਚਾਹੀਦਾ ਹੈ ਅਤੇ ਅਕਾਲ ਤਖ਼ਤ ਨੂੰ ਸਮਰਪਿਤ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਸਮਿਆਂ ਦੀਆਂ ਸਰਕਾਰਾਂ ਨੇ ਸਿੱਧੇ-ਅਸਿੱਧੇ ਤੌਰ ‘ਤੇ ਅਕਾਲ ਤਖ਼ਤ ਨੂੰ ਢਾਹ ਲਾਉਣ ਦਾ ਯਤਨ ਕੀਤਾ ਹੈ ਪਰ ਅਕਾਲ ਤਖ਼ਤ ਨੇ ਹਮੇਸ਼ਾਂ ਹੀ ਦਮਨਕਾਰੀ ਨੀਤੀਆਂ ਦਾ ਮੋੜਵਾਂ ਜਵਾਬ ਦਿੱਤਾ ਹੈ। ਇਸ ਲਈ ਲੋੜ ਹੈ ਕਿ ਸਮੁੱਚੀ ਕੌਮ ਅਕਾਲ ਤਖ਼ਤ ਨੂੰ ਸਮਰਪਿਤ ਹੋ ਕੇ ਕੌਮੀ ਤੌਰ ‘ਤੇ ਵਿਚਰੇ ਅਤੇ ਸਮੁੱਚੀ ਮਨੁੱਖਤਾ ਵਿਚ ਗੁਰੂ ਸਾਹਿਬ ਦੇ ਫਲਸਫੇ ਦਾ ਪ੍ਰਚਾਰ ਪ੍ਰਸਾਰ ਕਰੇ। ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਣਾ ਬਾਰੇ ਵੀ ਚਾਨਣਾ ਪਾਇਆ ਤੇ ਕਿਹਾ ਕਿ ਸੰਸਥਾਵਾਂ ਦੀ ਸਿਰਜਣਾ ਲਈ ਰਾਜ ਮਿਸਤਰੀ ਜਾਂ ਕਾਰੀਗਰਾਂ ਦੀ ਲੋੜ ਨਹੀਂ ਹੁੰਦੀ। ਸਗੋਂ ਕੌਮ ਦੇ ਬਜ਼ੁਰਗ ਅਤੇ ਵਿਦਵਾਨ ਸਹਾਈ ਹੁੰਦੇ ਹਨ ਅਤੇ ਇਨ੍ਹਾਂ ਦੀ ਸਿਰਜਣਾ ‘ਚ ਦਿਨ, ਮਹੀਨੇ ਨਹੀਂ ਸਗੋਂ ਸਦੀਆਂ ਲੱਗ ਜਾਂਦੀਆਂ ਹਨ।
Check Also
ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ
ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …