Breaking News
Home / ਹਫ਼ਤਾਵਾਰੀ ਫੇਰੀ / ਅੰਤਰਰਾਸ਼ਟਰੀ ਨਗਰ ਕੀਰਤਨ ਲਈ ਇਮਰਾਨ ਤੇ ਕੈਪਟਨ ਨੂੰ ਸੱਦਾ

ਅੰਤਰਰਾਸ਼ਟਰੀ ਨਗਰ ਕੀਰਤਨ ਲਈ ਇਮਰਾਨ ਤੇ ਕੈਪਟਨ ਨੂੰ ਸੱਦਾ

550 ਸਾਲਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ 25 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਜਾਏ ਜਾਣ ਵਾਲੇ ਅੰਤਰਰਾਸ਼ਟਰੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਲਈ ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ, ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਗਵਰਨਰ ਅਤੇ ਮੁੱਖ ਮੰਤਰੀਆਂ ਸਮੇਤ ਹੋਰਨਾਂ ਨੂੰ ਸੱਦਾ ਪੱਤਰ ਭੇਜੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਨਗਰ ਕੀਰਤਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਹੈ। ਮੀਟਿੰਗ ਵਿਚ ਪਾਕਿਸਤਾਨ ਸਰਕਾਰ ਨੂੰ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਪੱਤਰ ਭੇਜਣ ਦਾ ਫੈਸਲਾ ਹੋਇਆ ਹੈ, ਜਿਸ ਨੂੰ ਅਮਲ ਵਿੱਚ ਲਿਆਉਂਦਿਆਂ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ, ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਅਹਿਮਦ ਖਾਨ, ਗਵਰਨਰ ਚੌਧਰੀ ਮੁਹੰਮਦ ਸਰਵਰ, ਔਕਾਫ਼ ਬੋਰਡ ਦੇ ਚੇਅਰਮੈਨ ਡਾ. ਆਮਿਰ ਅਹਿਮਦ ਅਤੇ ਪੀਜੀਪੀਸੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੱਦਾ ਪੱਤਰ ਭੇਜੇ ਗਏ ਹਨ। ਜਾਣਕਾਰੀ ਦਿੰਦਿਆਂ ਲੌਂਗੋਵਾਲ ਨੇ ਦੱਸਿਆ ਕਿ ਨਗਰ ਕੀਰਤਨ ਸਬੰਧੀ ਵੀਜ਼ਾ ਪ੍ਰਕਿਰਿਆ ਲਈ ਪਹਿਲੀ ਸੂਚੀ ਵੀ ਪਾਕਿਸਤਾਨ ਸਰਕਾਰ ਨੂੰ ਭੇਜ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਣ ਵਾਲੇ ਨਗਰ ਕੀਰਤਨ ਦੀਆਂ ਤਿਆਰੀਆਂ ਜਾਰੀ ਹਨ। ਉਨ੍ਹਾਂ ਨੇ ਪਾਕਿਸਤਾਨ ਵੱਸਦੇ ਸਿੱਖਾਂ ਅਤੇ ਹੋਰ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਵੀ ਨਗਰ ਕੀਰਤਨ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ਵਿਖੇ ਤਿੰਨ ਸੈਮੀਨਾਰ ਕਰਵਾਉਣ ਦਾ ਵੀ ਪ੍ਰੋਗਰਾਮ ਹੈ। ਇਸ ਸਬੰਧੀ ਮੁੱਖ ਸਕੱਤਰ ਡਾ. ਰੂਪ ਸਿੰਘ ਪਾਕਿਸਤਾਨੀ ਪੰਜਾਬ ਦੇ ਗਵਰਨਰ ਨਾਲ ਗੱਲਬਾਤ ਕਰ ਚੁੱਕੇ ਹਨ। ਇਸ ਦੌਰਾਨ ਮੀਟਿੰਗ ਵਿੱਚ ਅੰਤ੍ਰਿੰਗ ਕਮੇਟੀ ਮੈਂਬਰ ਖੁਸ਼ਵਿੰਦਰ ਸਿੰਘ ਭਾਟੀਆ, ਮੈਂਬਰ ਸੁਖਵਰਸ਼ ਸਿੰਘ ਪੰਨੂ, ਬਾਵਾ ਸਿੰਘ ਗੁਮਾਨਪੁਰਾ, ਸੁਰਜੀਤ ਸਿੰਘ ਭਿੱਟੇਵੱਡ, ਹਰਜਾਪ ਸਿੰਘ ਸੁਲਤਾਨਵਿੰਡ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਟਨ ਅਮਰਿੰਦਰ ਨੂੰ ਸਵਾਗਤੀ ਸਮਾਰੋਹ ਲਈ ਸੱਦਾ ਪੱਤਰ : ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨਗਰ ਕੀਰਤਨ ਦੇ ਅਟਾਰੀ ਸਰਹੱਦ ਵਿਖੇ ਸਵਾਗਤੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਹੈ।ਇਸ ਤੋਂ ਇਲਾਵਾ ਨਗਰ ਕੀਰਤਨ ਦੇ ਰੂਟ ਉੱਤੇ ਸੁਰੱਖਿਆ ਅਤੇ ਹੋਰ ਪ੍ਰਬੰਧ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।

Check Also

ਕਮਲਾ ਹੈਰਿਸ ਉਪ ਰਾਸ਼ਟਰਪਤੀ ਲਈ ਉਮੀਦਵਾਰ

ਅਮਰੀਕੀ ਚੋਣਾਂ ਵਿਚ ਡੈਮੋਕਰੇਟਿਕ ਪਾਰਟੀ ਦੇ ਰਾਸ਼ਟਰਪਤੀ ਉਮੀਦਵਾਰ ਜੋਅ ਬਿਡੇਨ ਨੇ ਕੀਤਾ ਐਲਾਨ ਵਾਸ਼ਿੰਗਟਨ/ਬਿਊਰੋ ਨਿਊਜ਼ …