Breaking News
Home / ਭਾਰਤ / ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ ਜਾਣਕਾਰੀ

ਕੈਪਟਨ ਅਮਰਿੰਦਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਤੋਂ ਬਾਅਦ ਦਿੱਤੀ ਜਾਣਕਾਰੀ

550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਦਾ ਹਿੱਸਾ ਬਣਨਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਸੰਬੰਧੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਦੂਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣਨ ‘ਤੇ ਮੋਦੀ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਨੇ ਦੱਸਿਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਮਨਾਏ ਜਾ ਰਹੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਵੀ ਉਨ੍ਹਾਂ ਪ੍ਰਧਾਨ ਮੰਤਰੀ ਨਾਲ ਵਿਚਾਰ ਚਰਚਾ ਕੀਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨੇ ਵਿਸ਼ਵਾਸ ਦਿਵਾਇਆ ਕਿ ਉਹ ਮੁੱਖ ਸਮਾਗਮ ਦਾ ਹਿੱਸਾ ਵੀ ਬਣਨਗੇ ਅਤੇ ਸਮਾਗਮਾਂ ਦੇ ਪ੍ਰਬੰਧ ਲਈ ਜੋ ਵੀ ਮਦਦ ਦੀ ਲੋੜ ਹੋਵੇਗੀ, ਉਨ੍ਹਾਂ ਵਲੋਂ ਕੀਤੀ ਜਾਵੇਗੀ ।
ਮੁੱਖ ਮੰਤਰੀ ਨੇ ਮੋਦੀ ਨਾਲ ਪੰਜਾਬ ‘ਤੇ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਕਰਜ਼ੇ ਦਾ ਮੁੱਦਾ ਵੀ ਵਿਚਾਰਿਆ। ਜ਼ਿਕਰਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਦੇਸ਼ ‘ਚ ਪਸਰ ਰਹੇ ਪਾਣੀ ਦੇ ਸੰਕਟ ਬਾਰੇ ਵੀ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਦੇਸ਼ ਵਿੱਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਜਿੱਠਣ ਅਤੇ ਰਾਸ਼ਟਰ ਪੱਧਰੀ ਨੀਤੀ ਤਿਆਰ ਕਰਨ ਲਈ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਸਰਬ ਪਾਰਟੀ ਮੀਟਿੰਗ ਸੱਦਣ ਲਈ ਕਿਹਾ। ਸ਼ੇਖਾਵਤ ਨਾਲ ਸ਼ਿਸ਼ਟਾਚਾਰ ਮੀਟਿੰਗ ਦੌਰਾਨ ਐੱਸਵਾਈਐੱਲ ਮੁੱਦੇ ‘ਤੇ ਕੋਈ ਵੀ ਵਿਚਾਰ ਨਹੀਂ ਹੋਇਆ ਕਿਉਂਕਿ ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ।
ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਣੀ ਰਾਸ਼ਟਰੀ ਸਮੱਸਿਆ ਹੈ ਅਤੇ ਇਸ ਨੂੰ ਰਾਸ਼ਟਰੀ ਪੱਧਰ ‘ਤੇ ਵਿਚਾਰੇ ਅਤੇ ਹੱਲ ਕੀਤੇ ਜਾਣ ਦੀ ਜ਼ਰੂਰਤ ਹੈ। ਮੀਟਿੰਗ ਵਿਚ ਸ਼ੇਖਾਵਤ ਨੇ ‘ਪੰਜਾਬ ਬਿਜਲੀ ਬਚਾਓ, ਪੈਸਾ ਕਮਾਓ’ ਸਕੀਮ ਦੀ ਪ੍ਰਸ਼ੰਸਾ ਕੀਤੀ। ਸਿੰਜਾਈ ਮਕਸਦਾਂ ਲਈ 85 ਫ਼ੀਸਦੀ ਪਾਣੀ ਦੀ ਵਰਤੋਂ ਕੀਤੇ ਜਾਣ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਜੇ ਖੇਤੀਬਾੜੀ ਲਈ ਵਰਤੇ ਜਾ ਰਹੇ ਪਾਣੀ ਵਿਚੋਂ 10 ਫ਼ੀਸਦੀ ਪਾਣੀ ਬਚਾ ਲਿਆ ਜਾਵੇ ਤਾਂ ਅਗਲੇ 50 ਸਾਲਾਂ ਵਿੱਚ ਪਾਣੀ ਦਾ ਸੰਕਟ ਹੱਲ ਹੋ ਸਕਦਾ ਹੈ। ਕੇਂਦਰੀ ਮੰਤਰੀ ਮੁਤਾਬਕ ਪੰਜਾਬ ਨੂੰ ਇਸ ਮੁਹਿੰਮ ਦੀ ਅਗਵਾਈ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਵਾਸਤੇ ਲੋਕਾਂ ਨੂੰ ਉਤਸ਼ਾਹਤ ਕਰਨਾ ਚਾਹੀਦਾ ਹੈ। ਕੈਪਟਨ ਨੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਖੇਤਰ ਵਾਰ ਵੀ ਕੀਤੀ ਜਾ ਸਕਦੀ ਹੈ ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਨੂੰ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਾਣੀ ਵਰਗੇ ਕੁਦਰਤੀ ਸਰੋਤ ਨੂੰ ਬਚਾਉਣ ਵਾਸਤੇ ਇਹ ਮੀਟਿੰਗਾਂ ਆਮ ਸਹਿਮਤੀ ਪੈਦਾ ਕਰਨ ‘ਚ ਮਦਦਗਾਰ ਸਾਬਤ ਹੋਣਗੀਆਂ। ਇਸ ਦੌਰਾਨ ਪੰਜਾਬ ਦੇ ਬੁੱਢੇ ਨਾਲੇ ਦੀ ਸਮੱਸਿਆ ਬਾਰੇ ਵੀ ਵਿਚਾਰ ਕੀਤਾ ਗਿਆ ਤੇ ਕੈਪਟਨ ਨੇ ਸ਼ੇਖਾਵਤ ਨੂੰ ਭਰੋਸਾ ਦਿਵਾਇਆ ਕਿ ਇਸਦੀ ਸਫਾਈ ਦੇ ਕੰਮ ਦੀ ਪ੍ਰਕਿਰਿਆ ਚੱਲ ਰਹੀ ਹੈ।
ਕੈਪਟਨ ਨੇ ਜਲ ਸ਼ਕਤੀ ਮੰਤਰੀ ਸ਼ੇਖਾਵਤ ਨੂੰ ਦਿੱਤਾ ਸੁਝਾਅ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰ ਕੇ ਸੁਝਾਅ ਦਿੱਤਾ ਹੈ ਕਿ ਦੇਸ਼ ਵਿਚ ਪਾਣੀ ਦੀ ਨਿੱਘਰ ਰਹੀ ਸਥਿਤੀ ਨਾਲ ਨਜਿੱਠਣ ਵਾਸਤੇ ਆਮ ਸਹਿਮਤੀ ਪੈਦਾ ਕਰਨ ਤੇ ਰਾਸ਼ਟਰ ਵਿਆਪੀ ਨੀਤੀ ਤਿਆਰ ਕਰਨ ਲਈ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਸਰਬ-ਪਾਰਟੀ ਮੀਟਿੰਗ ਸੱਦੀ ਜਾਵੇ।
ਕੈਪਟਨ ਅਮਰਿੰਦਰ ਵੱਲੋਂ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ
ਸੰਸਦ ਮੈਂਬਰਾਂ ਨੇ ਕਿਹਾ – ਪੰਜਾਬ ਦੇ ਮਸਲੇ ਹੱਲ ਕਰਵਾਉਣ ਲਈ ਅਵਾਜ਼ ਚੁੱਕਦੇ ਰਹਾਂਗੇ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਮੁੱਖ ਮੰਤਰੀ ਨੇ ਦੱਸਿਆ ਕਿ ਸੰਸਦ ਮੈਂਬਰਾਂ ਨੂੰ ਮਿਲ ਕੇ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੋਈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਲਗਾਤਾਰ ਸਦਨ ਵਿਚ ਪੰਜਾਬ ਤੇ ਪੰਜਾਬੀਆਂ ਦੇ ਗੰਭੀਰ ਮੁੱਦਿਆਂ ਨੂੰ ਬੇਬਾਕੀ ਨਾਲ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਇਹੀ ਸਾਡੀ ਅਸਲ ਜ਼ਿੰਮੇਵਾਰੀ ਹੈ ਕਿ ਜਿਨ੍ਹਾਂ ਲੋਕਾਂ ਨੇ ਸਾਡੇ ‘ਤੇ ਵਿਸ਼ਵਾਸ ਕਰਕੇ ਸਾਨੂੰ ਚੁਣਿਆ ਹੈ ਅਸੀਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਕਰੀਏ। ਇਸ ਮੌਕੇ ਸੰਸਦ ਮੈਂਬਰਾਂ ਨੇ ਵੀ ਕਿਹਾ ਕਿ ਉਹ ਪੰਜਾਬ ਦੀ ਜਨਤਾ ਦੇ ਮਸਲਿਆਂ ਦਾ ਹੱਲ ਕਰਵਾਉਣ ਲਈ ਪੂਰੀ ਕੋਸ਼ਿਸ਼ ਕਰਨਗੇ ਅਤੇ ਸਦਨ ਵਿਚ ਅਵਾਜ਼ ਵੀ ਉਠਾਉਂਦੇ ਰਹਿਣਗੇ। ਧਿਆਨ ਰਹੇ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਕੈਪਟਨ ਅਮਰਿੰਦਰ ਨਾਲ ਮੁਲਾਕਾਤ ਨਹੀਂ ਕੀਤੀ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …