Breaking News
Home / ਪੰਜਾਬ / ਬਰਗਾੜੀ ਕਲੋਜ਼ਰ ਰਿਪੋਰਟ

ਬਰਗਾੜੀ ਕਲੋਜ਼ਰ ਰਿਪੋਰਟ

ਕਾਂਗਰਸ ਦੇ ਛੇ ਮੰਤਰੀਆਂ ਤੇ ਵਿਧਾਇਕਾਂ ਨੇ ਸੁਖਬੀਰ ਬਾਦਲ ਖ਼ਿਲਾਫ਼ ਖੋਲ੍ਹਿਆ ਮੋਰਚਾ
ਪਾਪਾਂ ਦੀ ਸਜ਼ਾ ਭੁਗਤਣ ਲਈ ਸੁਖਬੀਰ ਬਾਦਲ ਰਹੇ ਤਿਆਰ : ਰੰਧਾਵਾ
ਚੰਡੀਗੜ੍ਹ : ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਤੇ ਛੇ ਕਾਂਗਰਸੀ ਵਿਧਾਇਕਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਬਰਗਾੜੀ ਕਲੋਜ਼ਰ ਰਿਪੋਰਟ ਮਾਮਲੇ ਵਿੱਚ ਸੀਬੀਆਈ ਦਾ ਵਿਰੋਧ ਕਰਨ ਦੇ ਬਿਆਨ ਉਤੇ ਆੜੇ ਹੱਥੀਂ ਲੈਂਦਿਆਂ ਨਸੀਹਤ ਦਿੱਤੀ ਹੈ ਕਿ ਉਹ ਮੱਗਰਮੱਛ ਦੇ ਹੰਝੂ ਵਹਾਉਣਾ ਬੰਦ ਕਰੇ ਅਤੇ ਆਪਣੇ ਕੀਤੇ ਪਾਪਾਂ ਦੀ ਸਜ਼ਾ ਭੁਗਤਣ ਲਈ ਤਿਆਰ ਰਹੇ। ਰੰਧਾਵਾ ਅਤੇ ਕਾਂਗਰਸੀ ਵਿਧਾਇਕਾਂ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਹਰਪ੍ਰਤਾਪ ਅਜਨਾਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਿੰਦਰਮੀਤ ਸਿੰਘ ਪਾਹੜਾ, ਫਤਹਿਜੰਗ ਸਿੰਘ ਬਾਜਵਾ ਤੇ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਜੇਕਰ ਸੁਖਬੀਰ ਸੱਚੇ ਦਿਲੋਂ ਸੀਬੀਆਈ ਦੇ ਫੈਸਲੇ ਦਾ ਵਿਰੋਧ ਕਰਦਾ ਹੈ ਅਤੇ ਗੁਰੂ ਗ੍ਰੰਥ ਸਾਹਿਬ ਨੂੰ ਸਰਵਉੱਚ ਮੰਨਦੇ ਹਨ ਤਾਂ ਉਹ ਆਪਣੀ ਪਤਨੀ ਹਰਸਿਮਰਤ ਕੌਰ ਬਾਦਲ ਕੋਲੋਂ ਕੇਂਦਰੀ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦਿਵਾਉਣ ਕਿਉਂਕਿ ਉਹ ਕੇਂਦਰ ਸਰਕਾਰ ਵਿਚ ਭਾਈਵਾਲ ਹੈ ਜਿਸ ਅਧੀਨ ਸੀਬੀਆਈ ਆਉਂਦੀ ਹੈ। ਉਨ੍ਹਾਂ ਕਿਹਾ ਕਿ ਅਸਲ ਵਿੱਚ ਸੀਬੀਆਈ ਬਾਦਲਾਂ ਨੂੰ ਬਚਾਉਣਾ ਚਾਹੁੰਦੀ ਹੈ ਜੋ ਬੇਅਦਬੀ ਮਾਮਲਿਆਂ ਵਿੱਚ ਸਿੱਧੇ ਤੌਰ ਉਤੇ ‘ਦੋਸ਼ੀ’ ਹਨ ਅਤੇ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਲਈ ਪੱਬਾਂ ਭਾਰ ਸਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਵਾਸਤੇ 2012 ਵਿੱਚ ਆਪਣੀ ਸਰਕਾਰ ਵੇਲੇ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਬਠਿੰਡਾ ਕੋਰਟ ਵਿੱਚ ਦਾਇਰ ਚਾਰਜਸ਼ੀਟ ਵਾਪਸ ਲੈ ਲਈ ਸੀ ਜਿਹੜੀ ਡੇਰਾ ਮੁਖੀ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਾਉਣ ਦੇ ਮਾਮਲੇ ਵਿੱਚ ਦਾਇਰ ਸੀ। ਕਾਂਗਰਸੀ ਆਗੂਆਂ ਨੇ ਕਿਹਾ ਕਿ ਸੀਬੀਆਈ ਇਨ੍ਹਾਂ ਕੇਸਾਂ ਦੇ ਮਾਮਲੇ ਵਿੱਚ ਕਠਪੁਤਲੀ ਦਾ ਕੰਮ ਕਰ ਰਹੀ ਹੈ ਜੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਗੰਭੀਰ ਨਹੀਂ ਸੀ। ਸੀਬੀਆਈ ਉਦੋਂ ਹਰਕਤ ਵਿੱਚ ਆਈ ਜਦੋਂ ਡੀਆਈਜੀ ਆਰ ਐਸ ਖੱਟੜਾ ਦੀ ਅਗਵਾਈ ਵਿੱਚ ਬਣਾਈ ਪੰਜਾਬ ਪੁਲਿਸ ਦੀ ਐਸਆਈਟੀ ਨੇ ਇਨ੍ਹਾਂ ਕੇਸਾਂ ਦੀ ਪੈਰਵੀ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਸੀਬੀਆਈ ਦੀ ਨੀਅਤ ‘ਤੇ ਪਹਿਲਾਂ ਹੀ ਸ਼ੱਕ ਸੀ ਜਿਸ ਕਾਰਨ ਕੋਟਕਪੂਰਾ ਤੇ ਬਹਿਬਲ ਕਲਾਂ ਮਾਮਲੇ ਦੇ ਕੇਸ ਸੀਬੀਆਈ ਤੋਂ ਵਾਪਸ ਲੈ ਲਏ ਸਨ।
ਕਲੋਜ਼ਰ ਰਿਪੋਰਟ ਅਕਾਲੀ ਦਲ ਦੀ ਸਾਜ਼ਿਸ਼ ਕਰਾਰ
ਫਰੀਦਕੋਟ: ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਦੋਸ਼ ਲਾਇਆ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਸੀਬੀਆਈ ਵੱਲੋਂ ਜਿਹੜੀ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਗਈ ਹੈ, ਉਸ ਵਿੱਚ ਅਕਾਲੀ ਦਲ ਦੀ ਵੱਡੀ ਭੂਮਿਕਾ ਹੈ। ਵਿਧਾਇਕ ਨੇ ਕਿਹਾ ਕਿ ਕਲੋਜ਼ਰ ਰਿਪੋਰਟ ਲਈ ਅਕਾਲੀ ਦਲ ਤੇ ਭਾਜਪਾ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀ ਦਲ ਕਲੋਜ਼ਰ ਰਿਪੋਰਟ ਦਾ ਹਕੀਕਤ ਵਿਚ ਵਿਰੋਧ ਕਰਨਾ ਚਾਹੁੰਦਾ ਹੈ ਤਾਂ ਉਹ ਹਰਸਿਮਰਤ ਬਾਦਲ ਤੋਂ ਅਸਤੀਫ਼ਾ ਦਿਵਾਉਣ। ਕਾਂਗਰਸੀ ਵਿਧਾਇਕ ਨੇ ਦੋਸ਼ ਲਾਇਆ ਕਿ ਕਲੋਜ਼ਰ ਰਿਪੋਰਟ ਅਦਾਲਤ ਵਿੱਚ ਪੇਸ਼ ਕਰਨ ਦੀ ਸਮੁੱਚੀ ਪ੍ਰਕਿਰਿਆ ਨੂੰ ਸੀਬੀਆਈ ਨੇ ਗੁਪਤ ਰੱਖਿਆ।
ਬਰਗਾੜੀ ਬੇਅਦਬੀ ਮਾਮਲਿਆਂ ਦਾ ਢੁੱਕਵਾਂ ਹੱਲ ਕੱਢੇਗੀ ਪੰਜਾਬ ਸਰਕਾਰ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਦਾ ਕੋਈ ਢੁੱਕਵਾਂ ਹੱਲ ਜ਼ਰੂਰ ਕੱਢੇਗੀ। ਕੈਪਟਨ ਅਮਰਿੰਦਰ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਜਿਹੇ ਸੰਵੇਦਨਸ਼ੀਲ ਮਾਮਲੇ ‘ਤੇ ਰਾਜਨੀਤੀ ਨਾ ਕਰਨ ਦੀ ਗੱਲ ਵੀ ਕਹੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਮਾਮਲੇ ਦੀ ਪੜਤਾਲ ਕਰ ਰਹੀ ਸੀਬੀਆਈ ਨੇ ਕੇਸ ਬੰਦ ਕਰਨ ਲਈ ਅਦਾਲਤ ਵਿੱਚ ਅਰਜ਼ੀ ਦੇ ਦਿੱਤੀ ਸੀ। ਇਸ ਤੋਂ ਬਾਅਦ ਅਕਾਲੀ ਦਲ ਨੇ ਵੀ ਇਸ ਕਲੋਜ਼ਰ ਰਿਪੋਰਟ ਨੂੰ ਖਾਰਜ ਕਰਨ ਦਾ ਐਲਾਨ ਕਰਦਿਆਂ ਆਪਣੇ ਵਕੀਲਾਂ ਦੀ ਟੀਮ ਨਾਲ ਇਸ ਰਿਪੋਰਟ ਦੀ ਅਦਾਲਤ ਵਿੱਚ ਖ਼ਿਲਾਫ਼ਤ ਕਰਨ ਦੀ ਗੱਲ ਕਹੀ ਸੀ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …