Breaking News
Home / ਪੰਜਾਬ / ਨਕੋਦਰ ‘ਚ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ‘ਚ ਹਾਈਕੋਰਟ ਵਲੋਂ ਦਰਬਾਰਾ ਸਿੰਘ ਤੇ ਆਲਮ ਨੂੰ ਨੋਟਿਸ

ਨਕੋਦਰ ‘ਚ ਪੁਲਿਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ‘ਚ ਹਾਈਕੋਰਟ ਵਲੋਂ ਦਰਬਾਰਾ ਸਿੰਘ ਤੇ ਆਲਮ ਨੂੰ ਨੋਟਿਸ

ਹਾਈਕੋਰਟ ਨੇ 14 ਅਗਸਤ ਤੱਕ ਮੰਗਿਆ ਜਵਾਬ
ਜਲੰਧਰ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਿੰਨ ਦਹਾਕੇ ਪਹਿਲਾਂ ਨਕੋਦਰ ਵਿਚ ਪੁਲਿਸ ਦੀਆਂ ਗੋਲੀਆਂ ਨਾਲ ਮਾਰੇ ਗਏ ਚਾਰ ਸਿੱਖ ਨੌਜਵਾਨਾਂ ਦੇ ਮਾਮਲੇ ਵਿੱਚ ਸੂਬੇ ਦੇ ਸਾਬਕਾ ਮੁੱਖ ਸਕੱਤਰ ਦਰਬਾਰਾ ਸਿੰਘ ਗੁਰੂ, ਸਾਬਕਾ ਪੁਲਿਸ ਮੁਖੀ ਮੁਹੰਮਦ ਇਜ਼ਹਾਰ ਆਲਮ ਅਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੂੰ ਨੋਟਿਸ ਜਾਰੀ ਕੀਤਾ ਹੈ। ਇਨ੍ਹਾਂ ਨੂੰ 14 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਦੱਸਣਯੋਗ ਹੈ ਕਿ 1986 ਵਿੱਚ ਵਾਪਰੇ ਇਸ ਕਾਂਡ ਵੇਲੇ ਦਰਬਾਰਾ ਸਿੰਘ ਗੁਰੂ ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਸਨ, ਜਿਨ੍ਹਾਂ ਕੋਲ ਡੀਸੀ ਦੀਆਂ ਤਾਕਤਾਂ ਵਰਤਣ ਦੇ ਵੀ ਅਧਿਕਾਰ ਸਨ। ਇਜ਼ਹਾਰ ਆਲਮ ਉਦੋਂ ਜ਼ਿਲ੍ਹੇ ਦੇ ਐੱਸਐੱਸਪੀ ਸਨ। ਹੁਣ ਇਹ ਦੋਵੇਂ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਮੁੱਖ ਅਹੁਦਿਆਂ ‘ਤੇ ਬਿਰਾਜਮਾਨ ਹਨ। ਦਰਬਾਰਾ ਸਿੰਘ ਗੁਰੂ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਲੰਘੀਆਂ ਲੋਕ ਸਭਾ ਚੋਣਾਂ ਵਿਚ ਫਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਵੀ ਬਣਾਇਆ ਸੀ।
ਗੋਲੀ ਕਾਂਡ ਵਿਚ ਮਾਰੇ ਗਏ ਚਾਰ ਵਿਅਕਤੀਆਂ ਵਿਚੋਂ ਇੱਕ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਬਲਦੇਵ ਸਿੰਘ ਲਿੱਤਰਾਂ ਨੇ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿਚ ਉੱਚ ਅਧਿਕਾਰੀਆਂ ਦੀ ਸਿੱਟ ਬਣਾਈ ਜਾਵੇ, ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਈ ਜਾਵੇ ਅਤੇ ਦੋਸ਼ੀਆਂ ਵਿਰੁੱਧ ਆਈਪੀਸੀ ਦੀ ਧਾਰਾ 302 ਤਹਿਤ ਕੇਸ ਦਰਜ ਕੀਤਾ ਜਾਵੇ। ਪਟੀਸ਼ਨਰ ਬਲਦੇਵ ਸਿੰਘ ਵੱਲੋਂ ਹਾਈਕੋਰਟ ਵਿਚ ਇਹ ਕੇਸ ਵਕੀਲ ਐੱਚ.ਸੀ. ਅਰੋੜਾ ਵੱਲੋਂ ਲੜਿਆ ਜਾ ਰਿਹਾ ਹੈ। ਅਰੋੜਾ ਨੇ ਕਿਹਾ ਕਿ ਇਸ ਮਾਮਲੇ ਵਿਚ ਗੁਰੂ ਤੇ ਆਲਮ ‘ਤੇ ਦੋਸ਼ ਸਨ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਵਿਚ ਚਾਰ ਜਣੇ ਮਾਰੇ ਗਏ ਸਨ, ਜਿਨ੍ਹਾਂ ਵਿਚ ਪਟੀਸ਼ਨਕਰਤਾ ਦਾ ਪੁੱਤਰ ਵੀ ਸ਼ਾਮਲ ਸੀ। ਜਾਂਚ ਰਿਪੋਰਟ ਦਾ ਹਵਾਲਾ ਦਿੰਦਿਆਂ ਵਕੀਲ ਅਰੋੜਾ ਨੇ ਕਿਹਾ ਕਿ ਇਹ ਗੱਲ ਸਾਹਮਣੇ ਆਈ ਸੀ ਕਿ ਸਬੰਧਤ ਪੁਲਿਸ ਅਧਿਕਾਰੀ ਅਸ਼ਵਨੀ ਕੁਮਾਰ ਸ਼ਰਮਾ ਨੇ ਇਕੱਠ ‘ਤੇ ਕੋਈ ਸਵਾਲ ਨਹੀਂ ਉਠਾਇਆ ਸੀ, ਨਾ ਹੀ ਉਨ੍ਹਾਂ ਨੂੰ ਜਾਣ ਲਈ ਕਿਹਾ ਗਿਆ ਤੇ ਨਾ ਕਿਸੇ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ।
ਜ਼ਿਕਰਯੋਗ ਹੈ ਕਿ 2 ਫਰਵਰੀ 1986 ਨੂੰ ਨਕੋਦਰ ਦੇ ਗੁਰੂ ਨਾਨਕਪੁਰਾ ਵਿਚਲੇ ਗੁਰਦੁਆਰਾ ਗੁਰੂ ਅਰਜਨ ਦੇਵ ਵਿਚ ਗੁਰੂ ਗ੍ਰੰਥ ਸਾਹਿਬ ਦੀਆਂ ਪੰਜ ਪਵਿੱਤਰ ਬੀੜਾਂ ਅਗਨ ਭੇਟ ਹੋ ਗਈਆਂ ਸਨ। ਦੋ ਦਿਨਾਂ ਬਾਅਦ 4 ਫਰਵਰੀ 1986 ਨੂੰ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੇ ਸਿੱਖਾਂ ‘ਤੇ ਪੁਲਿਸ ਨੇ ਗੋਲੀਆਂ ਚਲਾ ਦਿੱਤੀਆਂ ਸਨ। ਗੋਲੀਆਂ ਲੱਗਣ ਨਾਲ ਚਾਰ ਸਿੱਖ ਨੌਜਵਾਨਾਂ ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਲਮਣ ਸਿੰਘ ਗੌਰਸੀਆਂ ਅਤੇ ਹਰਮਿੰਦਰ ਸਿੰਘ ਰਾਏਪੁਰ ਚਲੂਪਰ ਦੀ ਮੌਤ ਹੋ ਗਈ ਸੀ ਤੇ ਕਈ ਜਣੇ ਫੱਟੜ ਵੀ ਹੋ ਗਏ ਸਨ। ਪੰਜਾਬ ਵਿਧਾਨ ਸਭਾ ਵਿਚ ਇਸ ਮਾਮਲੇ ਨੂੰ ਵਿਧਾਇਕ ਐੱਚਐੱਸ ਫੂਲਕਾ ਨੇ ਉਠਾਇਆ ਸੀ ਤੇ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਭੇਜ ਕੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਦੀ ਮੰਗ ਕੀਤੀ ਸੀ। ਲੋਕ ਸਭਾ ਦੇ ਸਾਬਕਾ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਆਪਣੇ ਕਾਰਜਕਾਲ ਦੌਰਾਨ ਉਸ ਵੇਲੇ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਨਕੋਦਰ ਬੇਅਦਬੀ ਕਾਂਡ ਬਾਰੇ ਪੱਤਰ ਦੇ ਕੇ ਘਟਨਾ ਦੀ ਜਾਂਚ ਨਵੇਂ ਸਿਰੇ ਤੋਂ ਕਰਾਉਣ ਦੀ ਮੰਗ ਕੀਤੀ ਸੀ ਤੇ ਡਾ. ਗਾਂਧੀ ਨੇ ਨਕੋਦਰ ਬੇਅਦਬੀ ਕਾਂਡ ਨੂੰ ਬਰਗਾੜੀ ਕਾਂਡ ਤੋਂ ਵੀ ਵੱਡਾ ਕਾਂਡ ਦੱਸਿਆ ਸੀ।
ਦੱਸਣਯੋਗ ਹੈ ਕਿ ਨਕੋਦਰ ਬੇਅਦਬੀ ਕਾਂਡ ਵੇਲੇ ਵੀ ਸ਼੍ਰੋਮਣੀ ਅਕਾਲੀ ਦਲ ਦੀ ਹੀ ਸਰਕਾਰ ਸੀ। ਇਸ ਗੋਲੀ ਕਾਂਡ ਬਾਰੇ ਉਸ ਵੇਲੇ ਦੇ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਬਣਾਇਆ ਸੀ। ਉਨ੍ਹਾਂ ਨੇ ਆਪਣੀ ਰਿਪੋਰਟ ਅਕਤੂਬਰ 1986 ਵਿਚ ਸੌਂਪ ਦਿੱਤੀ ਸੀ। ਉਨ੍ਹਾਂ ਆਪਣੇ ਪੱਤਰ ਵਿਚ ਇਹ ਵੀ ਲਿਖਿਆ ਕਿ ਪੁਲਿਸ ਨੇ ਮਾਰੇ ਗਏ ਸਿੱਖ ਨੌਜਵਾਨਾਂ ਦੀਆਂ ਲਾਸ਼ਾਂ ਦਾ ਉਨ੍ਹਾਂ ਦੇ ਮਾਪਿਆਂ ਤੋਂ ਬਿਨਾ ਹੀ ਸਸਕਾਰ ਕਰ ਦਿੱਤਾ ਸੀ। ਪੀੜਤ ਪਰਿਵਾਰ ਵਿਚੋਂ ਬਲਦੇਵ ਸਿੰਘ ਲਿੱਤਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਉਸ ਵੇਲੇ ਵੱਡਾ ਸਦਮਾ ਪਹੁੰਚਿਆ ਸੀ ਜਦੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਦੌਰਾਨ ਕਰਤਾਰਪੁਰ ਵਿਚ ਇਹ ਕਹਿ ਦਿੱਤਾ ਸੀ ਕਿ ਨਕੋਦਰ ਵਰਗੇ ਕਾਂਡ ਤਾਂ ਹੁੰਦੇ ਹੀ ਰਹਿੰਦੇ ਹਨ।

Check Also

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਭਾ ਜੇਲ੍ਹ ’ਚੋਂ ਰਿਹਾਅ ਹੋਏ

20 ਹਜ਼ਾਰ ਕਰੋੜ ਦੇ ਘੁਟਾਲੇ ਮਾਮਲੇ ’ਚ ਅਦਾਲਤ ਨੇ ਦਿੱਤੀ ਜ਼ਮਾਨਤ ਲੁਧਿਆਣਾ/ਬਿਊਰੋ ਨਿਊਜ਼ : ਸੀਨੀਅਰ …