Breaking News
Home / ਪੰਜਾਬ / ਟਰੈਵਲ ਏਜੰਟਾਂ ਵਿਚ ਗੋਲੀਬਾਰੀ, ਇਕ ਧੜਾ 44 ਲੱਖ ਰੁਪਏ ਲੈ ਕੇ ਫਰਾਰ

ਟਰੈਵਲ ਏਜੰਟਾਂ ਵਿਚ ਗੋਲੀਬਾਰੀ, ਇਕ ਧੜਾ 44 ਲੱਖ ਰੁਪਏ ਲੈ ਕੇ ਫਰਾਰ

ਕਪੂਰਥਲਾ : ਫਰਜ਼ੀ ਟਰੈਵਲ ਏਜੰਟਾਂ ਦੇ ਦੋ ਧੜੇ ਸੋਮਵਾਰ ਦੇਰ ਸ਼ਾਮ ਰਕਮ ਦੇ ਲੈਣ ਦੇਣ ਕਾਰਨ ਆਪਸ ਵਿਚ ਉਲਝ ਗਏ। ਇਕ ਧੜੇ ਦੇ ਚਾਰ ਮੈਂਬਰ ਜੋ ਦਿੱਲੀ ਦੇ ਦੱਸੇ ਜਾ ਰਹੇ ਹਨ, ਨੇ ਦੂਜੇ ਧੜੇ ਦੇ ਮੈਂਬਰ ‘ਤੇ ਗੋਲੀਆਂ ਚਲਾ ਕੇ ਕੈਨੇਡਾ ਭੇਜਣ ਵਾਸਤੇ ਲਈ ਗਈ 44 ਲੱਖ ਰੁਪਏ ਦੀ ਰਕਮ ਖੋਹ ਲਈ।
ਪੁਲਿਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਹੈ। ਵਾਰਦਾਤ ਦੀ ਸੂਚਨਾ ਮਿਲਦਿਆਂ ਹੀ ਐਸਐਸਪੀ ਸਤਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਘਟਨਾ ਸਥਾਨ ‘ਤੇ ਪਹੁੰਚ ਗਏ। ਇਨ੍ਹਾਂ ਵਿਚੋਂ ਇਕ ਧੜੇ ਦੇ ਸਿਮਰਨਜੀਤ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਐਸਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਹਮੀਰਾ ਨੇੜੇ ਇਕ ਹੋਟਲ ਵਿਚ ਕਾਰਾਂ ਵਿਚ ਆਏ ਟਰੈਵਲ ਏਜੰਟਾਂ ਦੇ ਦੋ ਘੜੇ ਕਿਸੇ ਝਗੜੇ ਦੇ ਨਿਪਟਾਰੇ ਲਈ ਬੈਠੇ ਹੋਏ ਸਨ। ਇਸੇ ਦੌਰਾਨ ਦੋਵਾਂ ਧੜਿਆਂ ਵਿਚ ਗੋਲੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਗ੍ਰਿਫਤਾਰ ਕੀਤੇ ਗਏ ਸਿਮਰਨਜੀਤ ਸਿੰਘ ਪ੍ਰਿੰਸ ਨੇ ਦੱਸਿਆ ਕਿ ਉਹ ਟਰੈਵਲ ਏਜੰਟ ਦਾ ਕੰਮ ਕਰਦਾ ਹੈ। ਉਹ ਦਿੱਲੀ ਦੇ ਕੁਝ ਕਬੂਤਰਬਾਜ਼ਾਂ ਨੂੰ ਵਿਦੇਸ਼ ਭੇਜਣ ਲਈ ਨੌਜਵਾਨ ਦਿੰਦਾ ਹੈ। ਉਸ ਨੂੰ ‘ਉਪ ਏਜੰਟ’ ਗੁਰਬਾਜ਼ ਸਿੰਘ ਨੇ ਦੋ ਨੌਜਵਾਨ ਕੈਨੇਡਾ ਭੇਜਣ ਲਈ ਦਿੱਤੇ ਸਨ। 44 ਲੱਖ ਰੁਪਏ ਵਿਚ ਸੌਦਾ ਤੈਅ ਹੋਇਆ ਸੀ। ਇਸ ਦੌਰਾਨ ਉਸ ਨੂੰ ਦਿੱਲੀ ਤੋਂ ਆਏ ਟਰੈਵਲ ਏਜੰਟਾਂ ਸਤੀਸ਼ ਕੁਮਾਰ, ਮੋਹਨ, ਸੰਨੀ ਤੇ ਅਰੁਣ ਨੇ ਰਕਮ ਲੈਣ ਲਈ ਉਕਤ ਹੋਟਲ ਵਿਚ ਸੱਦਿਆ ਸੀ। ਕਮਿਸ਼ਨਬਾਜ਼ੀ ਨੂੰ ਲੈ ਕੇ ਹੋਈ ਬਹਿਸ ਵਿਚ ਦੋਵਾਂ ਧਿਰਾਂ ਵਿਚਾਲੇ ਗੋਲੀਆਂ ਚੱਲ ਗਈਆਂ। ਇਸ ਗੋਲੀਬਾਰੀ ਵਿਚ ਦਿੱਲੀ ਤੋਂ ਆਏ ਟਰੈਵਲ ਏਜੰਟ ਉਸ ਕੋਲੋਂ 44 ਲੱਖ ਰੁਪਏ ਖੋਹ ਕੇ ਫਰਾਰ ਹੋ ਗਏ।
ਕਲੋਜ਼ਰ ਰਿਪੋਰਟ ਵਿਰੁੱਧ ਸੀਬੀਆਈ ਦਫਤਰ ਘੇਰਨ ਦਾ ਮਾਮਲਾ
ਸਿੱਖ ਜਥੇਬੰਦੀਆਂ ‘ਤੇ ਚੰਡੀਗੜ੍ਹ ਪੁਲਿਸ ਨੇ ਦਾਗੇ ਅੱਥਰੂ ਗੈਸ ਦੇ ਗੋਲੇ
ਕਈ ਸਿੱਖਾਂ ਦੀਆਂ ਦਸਤਾਰਾਂ ਲੱਥੀਆਂ ਅਤੇ ਕਈ ਜ਼ਖ਼ਮੀ
ਮੁਹਾਲੀ/ਬਿਊਰੋ ਨਿਊਜ਼ : ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਮਾਮਲਿਆਂ ਬਾਰੇ ਪਿਛਲੇ ਦਿਨੀਂ ਸੀਬੀਆਈ ਵੱਲੋਂ ਮੁਹਾਲੀ ਸਥਿਤ ਵਿਸ਼ੇਸ਼ ਅਦਾਲਤ ਵਿੱਚ ਦਾਇਰ ਕੀਤੀ ਗਈ ਕਲੋਜ਼ਰ ਰਿਪੋਰਟ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਰਹੇ ਸਿੱਖ ਕਾਰਕੁਨਾਂ ‘ਤੇ ਸੋਮਵਾਰ ਨੂੰ ਚੰਡੀਗੜ੍ਹ ਦੀ ਹੱਦ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ, ਪਾਣੀ ਦੀਆਂ ਬੁਛਾੜਾਂ ਮਾਰੀਆਂ ਅਤੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਇਸ ਕਾਰਨ ਕਈ ਸਿੱਖਾਂ ਦੀਆਂ ਦਸਤਾਰਾਂ ਦੀ ਲੱਥ ਗਈਆਂ ਅਤੇ ਕਈ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਭਾਈ ਜਗਤਾਰ ਸਿੰਘ ਹਵਾਰਾ ਵੱਲੋਂ ਬਣਾਈ ਗਈ ਪੰਜ ਮੈਂਬਰੀ ਕਮੇਟੀ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਗੁਰਦੁਆਰਾ ਅੰਬ ਸਾਹਿਬ ਫੇਜ਼-8 ਵਿੱਚ ਇਕੱਠੇ ਹੋਏ ਅਤੇ ਬੇਅਦਬੀ ਮਾਮਲਿਆਂ ਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਬਾਰੇ ਚਰਚਾ ਕੀਤੀ। ਇਸ ਉਪਰੰਤ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਭਾਈ ਸੁਖਦੀਪ ਸਿੰਘ ਖੋਸਾ, ਭਾਈ ਜਸਵਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ ਮੱਖੂ, ਮਾ. ਬਲਦੇਵ ਸਿੰਘ, ਰੁਪਿੰਦਰ ਸਿੰਘ ਪੰਜਗਰਾਈਂ, ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ ਸਿੱਖਾਂ ਨੇ ਆਪਣੇ ਹੱਥਾਂ ਵਿੱਚ ਕੇਸਰੀ, ਨੀਲੇ ਅਤੇ ਕਾਲੇ ਝੰਡੇ ਲੈ ਕੇ ਸੀਬੀਆਈ ਦਫ਼ਤਰ ਵੱਲ ਜਾਣ ਦਾ ਯਤਨ ਕੀਤਾ ਪਰ ਯੂਟੀ ਪੁਲਿਸ ਨੇ ਪ੍ਰਦਰਸ਼ਨਕਾਰੀ ਸਿੱਖਾਂ ਨੂੰ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੈਰੀਕੇਡ ਲਗਾ ਕੇ ਰੋਕ ਲਿਆ। ਸਿੱਖ ਨੁਮਾਇੰਦਿਆਂ ਨੇ ਸ਼ਾਂਤਮਈ ਢੰਗ ਨਾਲ ਰੋਸ ਮੁਜ਼ਾਹਰਾ ਕਰਦਿਆਂ ਸੀਬੀਆਈ ਦਫ਼ਤਰ ਤੱਕ ਜਾਣ ਦੇਣ ਦੀ ਮੰਗ ਕੀਤੀ ਪਰ ਯੂਟੀ ਪੁਲਿਸ ਨੇ ਉਨ੍ਹਾਂ ਦਾ ਰਾਹ ਡੱਕ ਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਚੰਡੀਗੜ੍ਹ ਦੀ ਹੱਦ ਵਿੱਚ ਦਾਖ਼ਲ ਨਾ ਹੋਣ ਦਿੱਤਾ। ਜਦੋਂ ਸਿੱਖਾਂ ਨੇ ਜੈਕਾਰੇ ਛੱਡ ਕੇ ਅੱਗੇ ਵਧਣ ਦਾ ਯਤਨ ਕੀਤਾ ਤਾਂ ਪੁਲਿਸ ਨੇ ਭੀੜ ਨੂੰ ਖਦੇੜਨ ਲਈ ਹਲਕਾ ਲਾਠੀਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ। ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਛੱਡੇ। ਪਾਣੀ ਦੀਆਂ ਬੁਛਾੜਾਂ ਕਾਰਨ ਕਈ ਸਿੱਖਾਂ ਦੀਆਂ ਦਸਤਾਰਾਂ ਲੱਥ ਗਈਆਂ ਅਤੇ ਕਈ ਪ੍ਰਦਰਸ਼ਨਕਾਰੀ ਜ਼ਖ਼ਮੀ ਹੋ ਗਏ। ਇਸ ‘ਤੇ ਸਿੱਖ ਨੁਮਾਇੰਦੇ ਉੱਥੇ ਹੀ ਸੜਕ ‘ਤੇ ਚੱਕਾ ਜਾਮ ਕਰਕੇ ਧਰਨੇ ਉਤੇ ਬੈਠ ਗਏ। ਇਸ ਕਾਰਨ ਸੜਕ ‘ਤੇ ਕਾਫੀ ਸਮੇਂ ਤੱਕ ਆਵਾਜਾਈ ਠੱਪ ਰਹੀ।
ਇਸ ਦੌਰਾਨ ਐੱਸਪੀ ਰੈਂਕ ਦਾ ਅਧਿਕਾਰੀ ਪੰਜ ਮੈਂਬਰੀ ਕਮੇਟੀ ਦੇ ਆਗੂਆਂ ਨੂੰ ਖ਼ੁਦ ਸੀਬੀਆਈ ਦਫ਼ਤਰ ਤੱਕ ਲੈ ਕੇ ਗਿਆ। ਸੀਬੀਆਈ ਅਧਿਕਾਰੀ ਨੇ ਗੇਟ ਉੱਤੇ ਹੀ ਸਿੱਖ ਆਗੂਆਂ ਕੋਲੋਂ ਮੰਗ ਪੱਤਰ ਹਾਸਲ ਕੀਤਾ ਅਤੇ ਸੀਬੀਆਈ ਡਾਇਰੈਕਟਰ ਸਮੇਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰਾਲੇ ਨੂੰ ਉਨ੍ਹਾਂ ਦੀਆਂ ਭਾਵਨਾਵਾਂ ਬਾਰੇ ਜਾਣੂ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਭਾਈ ਸੁਖਦੀਪ ਸਿੰਘ ਖੋਸਾ ਅਤੇ ਭਾਈ ਜਸਵਿੰਦਰ ਸਿੰਘ ਨੇ ਮੰਗ ਕੀਤੀ ਕਿ ਬੇਅਦਬੀ ਲਈ ਜ਼ਿੰਮੇਵਾਰ ਡੇਰਾ ਪ੍ਰੇਮੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਕੇਸ ਖ਼ਤਮ ਕਰਨ ਲਈ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਤੁਰੰਤ ਵਾਪਸ ਲਈ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪ੍ਰਦਰਸ਼ਨਕਾਰੀ ਸਿੱਖਾਂ ਉੱਤੇ ਲਾਠੀਚਾਰਜ ਕਰਕੇ ਫ਼ਰੀਦਕੋਟ ਵਿੱਚ ਹੋਏ ਜਬਰ-ਜ਼ੁਲਮ ਦੀ ਯਾਦ ਤਾਜ਼ਾ ਕਰਵਾ ਦਿੱਤੀ ਹੈ। ਇਸ ਮਗਰੋਂ ਸਿੱਖਾਂ ਨੇ ਮੁੜ ਗੁਰਦੁਆਰਾ ਅੰਬ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਅਤੇ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ।
ਕਲੋਜ਼ਰ ਰਿਪੋਰਟ ਨਾਲ ਜਾਂਚ ਪ੍ਰਭਾਵਿਤ ਨਹੀਂ ਹੋਵੇਗੀ : ਕੁੰਵਰ ਵਿਜੇ ਪ੍ਰਤਾਪ ਸਿੰਘ
ਚੰਡੀਗੜ੍ਹ : ਪੰਜਾਬ ਵਿਚ ਹੋਈਆਂ ਧਾਰਮਿਕ ਗ੍ਰੰਥਾਂ ਦੀਆਂ ਬੇਅਦਬੀਆਂ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਦੇ ਸੀਨੀਅਰ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਬੇਅਦਬੀ ਦੀਆਂ ਘਟਨਾਵਾਂ ਬਾਰੇ ਸੀਬੀਆਈ ਵਲੋਂ ਦਾਇਰ ਕੀਤੀ ਕਲੋਜ਼ਰ ਰਿਪੋਰਟ ਦਾ ਜਾਂਚ ‘ਤੇ ਕੋਈ ਅਸਰ ਨਹੀਂ ਪਵੇਗਾ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਬੇਅਦਬੀ ਮਾਮਲਿਆਂ ਸਬੰਧੀ ਸਾਢੇ ਤਿੰਨ ਸਾਲ ਵੱਖ-ਵੱਖ ਪਹਿਲੂਆਂ ‘ਤੇ ਜਾਂਚ ਕੀਤੀ ਅਤੇ ਪਿਛਲੇ ਦਿਨੀਂ ਅਚਾਨਕ ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਕਲੋਜਰ ਰਿਪੋਰਟ ਪੇਸ਼ ਕਰ ਦਿੱਤੀ ਸੀ। ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਕਿ ਸੀਬੀਆਈ ਦੀ ਕਲੋਜ਼ਰ ਰਿਪੋਰਟ ਨਾਲ ਪੁਲਿਸ ਦੀ ਜ਼ਿੰਮੇਵਾਰੀ ਵਧ ਗਈ ਹੈ। ਉਨ੍ਹਾਂ ਕਿਹਾ ਕਿ ਐਸ.ਆਈ.ਟੀ. ਕਾਨੂੰਨ ਮੁਤਾਬਕ ਆਪਣਾ ਕੰਮ ਕਰ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਜਾਂਚ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …