ਰਾਗੀਆਂ ਨੇ ਇਕੱਠੇ ਹੋ ਕੇ ਗਿਆਨੀ ਹਰਪ੍ਰੀਤ ਸਿੰਘ ਕੋਲ ਕੀਤੀ ਸ਼ਿਕਾਇਤ
ਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਦੇ ਕੁਝ ਰਾਗੀ ਇਕੱਠੇ ਹੋ ਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲੇ ਹਨ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਖ਼ਿਲਾਫ਼ ਸ਼ਿਕਾਇਤ ਕੀਤੀ ਹੈ। ਇਸ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਦੇ ਰਾਗੀ ਭਾਈ ਗੁਰਜੀਤ ਸਿੰਘ ਵੱਲੋਂ ਨਿੱਜੀ ਤੌਰ ‘ਤੇ ਮੁੱਖ ਗ੍ਰੰਥੀ ਖ਼ਿਲਾਫ਼ ਦੁਰਵਿਹਾਰ ਕਰਨ ਦੀ ਸ਼ਿਕਾਇਤ ਕੀਤੀ ਜਾ ਚੁੱਕੀ ਹੈ।
ਸੋਮਵਾਰ ਨੂੰ ਮੁੜ ਕੁਝ ਰਾਗੀਆਂ ਵੱਲੋਂ ਇਸੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼ਿਕਾਇਤ ਪੱਤਰ ਸੌਂਪਿਆ ਹੈ, ਜਿਸ ਵਿੱਚ ਉਨ੍ਹਾਂ ਮੁੱਖ ਗ੍ਰੰਥੀ ‘ਤੇ ਦੋਸ਼ ਲਾਇਆ ਕਿ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਉਨ੍ਹਾਂ ਨਾਲ ਦੁਰਵਿਹਾਰ ਕਰਦੇ ਹਨ। ਕਈ ਵਾਰ ਚਲਦੇ ਕੀਰਤਨ ਨੂੰ ਬੰਦ ਕਰਵਾ ਕੇ ਆਪਣੀ ਮਰਜ਼ੀ ਦਾ ਸ਼ਬਦ ਗਾਇਨ ਕਰਨ ਲਈ ਮਜਬੂਰ ਕਰਦੇ ਹਨ। ਜੇਕਰ ਕੋਈ ਰਾਗੀ ਜਥਾ ਅਜਿਹਾ ਨਹੀਂ ਕਰਦਾ ਤਾਂ ਉਸ ਦੀ ਡਿਊਟੀ ਕਟਵਾ ਦਿੱਤੀ ਜਾਂਦੀ ਹੈ ਜਾਂ ਬਦਲੀ ਕਰਵਾ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਅਜਿਹਾ ਵਤੀਰਾ ਮਰਿਆਦਾ ਦੀ ਉਲੰਘਣਾ ਹੈ। ਇਸ ਦੌਰਾਨ ਰਾਗੀ ਜਥਿਆਂ ਵਿੱਚ ਸ਼ਾਮਲ ਭਾਈ ਗੁਰਜੀਤ ਸਿੰਘ ਰਾਗੀ ਨੇ ਵੀ 14 ਜੁਲਾਈ ਦੀ ਰਾਤ ਨੂੰ ਉਸ ਨਾਲ ਵਾਪਰੀ ਘਟਨਾ ਬਾਰੇ ਜਥੇਦਾਰ ਕੋਲ ਸ਼ਿਕਾਇਤ ਕੀਤੀ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਾਈ ਜਾਵੇ ਅਤੇ ਸਾਰੇ ਰਾਗੀ ਸਿੰਘਾਂ ਦੀ ਇੱਥੇ ਡਿਊਟੀ ਸ਼ੁਰੂ ਕਰਾਈ ਜਾਵੇ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੰਭੀਰਤਾ ਨਾਲ ਸੁਣਿਆ ਅਤੇ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਗੱਲਬਾਤ ਕਰਕੇ ਮਸਲੇ ਨੂੰ ਹੱਲ ਕਰਾਉਣ ਦਾ ਭਰੋਸਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੂਜੇ ਪਾਸੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਇਨ੍ਹਾਂ ਦੋਸ਼ਾਂ ਨੂੰ ਬੇਬੁਨਿਆਦ ਦੱਸ ਕੇ ਰੱਦ ਕਰ ਚੁੱਕੇ ਹਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …