Breaking News
Home / ਪੰਜਾਬ / ਨਾਨਕਸ਼ਾਹੀ ਕੈਲੰਡਰ ਵਿਵਾਦ: ਪਾਕਿ ਵੱਲੋਂ ਵੀਜ਼ੇ ਦੇਣ ਤੋਂ ਇਨਕਾਰ

ਨਾਨਕਸ਼ਾਹੀ ਕੈਲੰਡਰ ਵਿਵਾਦ: ਪਾਕਿ ਵੱਲੋਂ ਵੀਜ਼ੇ ਦੇਣ ਤੋਂ ਇਨਕਾਰ

logo-2-1-300x105-3-300x105ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੋਸ ਵਜੋਂ ਜਥਾ ਨਾ ਭੇਜਣ ਦਾ ਕੀਤਾ ਫੈਸਲਾ
ਅੰਮ੍ਰਿਤਸਰ/ਬਿਊਰੋ ਨਿਊਜ਼
ਨਾਨਕਸ਼ਾਹੀ ਕੈਲੰਡਰ ਦਾ ਵਿਵਾਦ ਉਸ ਵੇਲੇ ਮੁੜ ਉਭਰਿਆ ਜਦੋਂ ਪਾਕਿਸਤਾਨੀ ਸਫ਼ਾਰਤਖਾਨੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਪਾਕਿਸਤਾਨ ਵਿੱਚ ਮਨਾਉਣ ਲਈ ਸਿੱਖ ਸ਼ਰਧਾਲੂਆ ਦਾ ਜਥਾ ਭੇਜਣ ਲਈ ਵੀਜ਼ੇ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਸ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਲੂਆਂ ਦਾ ਜਥਾ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ।
ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਹਰ ਵਰ੍ਹੇ 16 ਜੂਨ ਨੂੰ ਮਨਾਇਆ ਜਾਂਦਾ ਹੈ, ਜਿਸ ਤਹਿਤ ਇਸ ਵਾਰ ਵੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਪੁਰਬ 16 ਜੂਨ ਨੂੰ ਹੀ ਮਨਾਇਆ ਜਾ ਰਿਹਾ ਹੈ। ਇਸੇ ਕਾਰਨ ਪਾਕਿਸਤਾਨ ਸਫ਼ਾਰਤਖਾਨੇ ਵੱਲੋਂ ਸਿੱਖ ਸ਼ਰਧਾਲੂਆਂ ਨੂੰ 16 ਜੂਨ ਵਾਸਤੇ ਹੀ ਵੀਜ਼ੇ ਦਿੱਤੇ ਜਾਣਗੇ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੁਰਬ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ 8 ਜੂਨ ਨੂੰ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸੇ ਤਰੀਕ ਮੁਤਾਬਕ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਦੀ ਯੋਜਨਾ ਸੀ ਪਰ ਪਾਕਿਸਤਾਨ ਸਫ਼ਾਰਖਤਾਨੇ ਵੱਲੋਂ ਵੀਜ਼ੇ ਨਹੀਂ ਦਿੱਤੇ ਗਏ ਹਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਆਖਿਆ ਕਿ ਇਸ ਸਬੰਧ ਵਿੱਚ ਸਿੱਖ ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨੀ ਸਫ਼ਾਰਤਖਾਨੇ ਨੂੰ ਦਿੱਤੇ ਗਏ ਅਤੇ 31 ਮਈ ਤੋਂ 9 ਜੂਨ ਤੱਕ ਯਾਤਰਾ ਵਾਸਤੇ ਵੀਜ਼ੇ ਦੇਣ ਲਈ ਆਖਿਆ ਗਿਆ ਸੀ। ਪਾਕਿਸਤਾਨੀ ਸਫਾਰਤਖਾਨੇ ਨੇ ਹੁਣ ਤੱਕ ਇਸ ਪ੍ਰੋਗਰਾਮ ਅਨੁਸਾਰ ਵੀਜ਼ੇ ਨਹੀਂ ਦਿੱਤੇ, ਜਿਸ ਦੇ ਰੋਸ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਇਸ ਵਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਨਾ ਭੇਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜਥੇ ਰਾਹੀਂ ਪਾਕਿਸਤਾਨ ਜਾਣ ਦੇ ਇਛੁੱਕ ਸ਼ਰਧਾਲੂਆਂ ਦੇ ਨਾਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 20 ਤੋਂ 29 ਜੂਨ ਨੂੰ ਪਾਕਿਸਤਾਨ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ। ਜੇਕਰ ਕੋਈ ਸ਼ਰਧਾਲੂ ਉਸ ਜਥੇ ਰਾਹੀਂ ਪਾਕਿਸਤਾਨ ਨਹੀਂ ਜਾਣਾ ਚਾਹੁੰਦਾ ਤਾਂ ਉਹ ਪਾਸਪੋਰਟ ਸ਼੍ਰੋਮਣੀ ਕਮੇਟੀ ਤੋਂ ਵਾਪਸ ਲੈ ਸਕਦਾ ਹੈ।
ਦੱਸਣਯੋਗ ਹੈ ਕਿ ਪੀਜੀਪੀਸੀ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਜਾ ਰਹੀ ਹੈ ਅਤੇ ਉਸ ਮੁਤਾਬਕ ਹੀ ਦਿਨ ਦਿਹਾੜੇ ਮਨਾਏ ਜਾਂਦੇ ਹਨ ਜਦੋਂਕਿ ਸ਼੍ਰੋਮਣੀ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰਪੁਰਬ ਆਦਿ ਮਨਾਏ ਜਾ ਰਹੇ ਹਨ। ਨਾਨਕਸ਼ਾਹੀ ਕੈਲੰਡਰ ਦੇ ਇਸ ਵਿਵਾਦ ਕਾਰਨ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਨੂੰ ਅਜਿਹੀ ਸਥਿਤੀ ਦਾ ਸਾਹਮਣਾ ਕਰਨਾ ਪੈ ਚੁੱਕਾ ਹੈ।ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦੀ ਗੁਰਪੁਰਬ 8 ਜੂਨ ਨੂੰ ਗੁਰਦੁਆਰਾ ਰਾਮਸਰ ਵਿੱਚ ਮਨਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਗੁਰਦੁਆਰਾ ਰਾਮਸਰ ਵਿਖੇ ਸੱਤ ਜੂਨ ਤੱਕ ਗੁਰ ਇਤਿਹਾਸ ਦੀ ਕਥਾ ਦਾ ਵਿਆਖਣ ਹੋਵੇਗਾ। 6 ਜੂਨ ਨੂੰ ਸਵੇਰੇ ਅਖੰਡ ਪਾਠ ਆਰੰਭ ਹੋਣਗੇ ਅਤੇ ਭੋਗ 8 ਜੂਨ ਨੂੰ ਪੈਣਗੇ।

Check Also

ਵਿਜੇ ਸਾਂਪਲਾ ਛੱਡ ਸਕਦੇ ਹਨ ਭਾਜਪਾ!

ਹੁਸ਼ਿਆਰਪੁਰ ਤੋਂ ਟਿਕਟ ਨਾ ਮਿਲਣ ਕਰਕੇ ਹੋਏ ਨਰਾਜ਼ ਹੁਸ਼ਿਆਰਪੁਰ/ਬਿਊਰੋ ਨਿਊਜ਼ ਪੰਜਾਬ ਵਿਚ ਭਾਜਪਾ ਦੇ ਦਿੱਗਜ਼ …