ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਵੱਲੋਂ ਵਾਕਆਊਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਵਿਚ ਮਾਨਸੂਨ ਇਜਲਾਸ ਦੇ ਦੂਜੇ ਦਿਨ ਦੀ ਕਾਰਵਾਈ ਦੌਰਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਵਲੋਂ ਸਦਨ ਵਿਚ ਨਾਅਰੇਬਾਜ਼ੀ ਕਰਦਿਆਂ ਵਾਕ ਆਊਟ ਕਰ ਦਿੱਤਾ। ਅਕਾਲੀ ਦਲ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਲੈ ਕੇ ਸਦਨ ਵਿਚ ਜੰਮ ਕੇ ਨਾਅਰੇਬਾਜ਼ੀ ਅਤੇ ਪੰਜਾਬ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਇਸੇ ਦੌਰਾਨ ਅਕਾਲੀ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਸਿਰਫ ਦੋ ਦਿਨਾਂ ਦਾ ਹੈ, ਜਿਸ ਵਿਚ ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਗੱਲ ਨਹੀਂ ਹੋ ਸਕਦੀ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਬਿਜਲੀ ਦੇ ਮੁੱਦੇ ‘ਤੇ ਸਦਨ ਵਿਚ ਹੰਗਾਮਾ ਕਰਦਿਆਂ ਵਾਕ ਆਊਟ ਕੀਤਾ।
ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਆਬਕਾਰੀ (ਸੋਧ) ਬਿੱਲ 2019 ਪੇਸ਼ ਕੀਤਾ। ਵਿਰੋਧੀ ਧਿਰ ਦੀ ਗੈਰ ਹਾਜ਼ਰੀ ਵਿੱਚ, ਇਸ ਬਿੱਲ ਨੂੰ ਬਹਿਸ ਕੀਤੇ ਬਗੈਰ ਹੀ ਪਾਸ ਕਰ ਦਿੱਤਾ ਗਿਆ। ਇਸ ਤੋਂ ਬਾਅਦ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਬਿੱਲ ਪੇਸ਼ ਕੀਤਾ ਅਤੇ ਇਸ ਨੂੰ ਵੀ ਬਿਨਾ ਬਹਿਸ ਤੋਂ ਪਾਸ ਕਰ ਦਿੱਤਾ ਗਿਆ।

