Breaking News
Home / ਪੰਜਾਬ / ਅਕਾਲੀ-ਭਾਜਪਾ ਅਤੇ ‘ਆਪ’ ਵਿਧਾਇਕਾਂ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ ਧਰਨੇ

ਅਕਾਲੀ-ਭਾਜਪਾ ਅਤੇ ‘ਆਪ’ ਵਿਧਾਇਕਾਂ ਵਲੋਂ ਕੈਪਟਨ ਸਰਕਾਰ ਖਿਲਾਫ ਰੋਸ ਧਰਨੇ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ ਦੇ ਅਖੀਰਲੇ ਦਿਨ ਅਕਾਲੀ ਦਲ-ਭਾਜਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਬਾਹਰ ਵੱਖ-ਵੱਖ ਰੋਸ ਧਰਨੇ ਦੇ ਕੇ ਕੈਪਟਨ ਸਰਕਾਰ ਵਿਰੁੱਧ ਭੜਾਸ ਕੱਢੀ। ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕਾਂ ਨੇ ਬੇਅਦਬੀ ਕਾਂਡ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਨੂੰ ਲੈ ਕੇ ਵਿਧਾਇਕ ਦਲ ਦੇ ਨੇਤਾ ਪਰਮਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਧਰਨਾ ਮਾਰਿਆ। ਇਨ੍ਹਾਂ ਵਿਧਾਇਕਾਂ ਨੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਦੋਸ਼ ਲਾਇਆ ਕਿ ਸਰਕਾਰ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਬੇਅਦਬੀ ਮਾਮਲਿਆਂ ਦੀ ਜਾਂਚ ਕਰਵਾਉਣ ਤੋਂ ਭੱਜ ਰਹੀ ਹੈ ਜਿਸ ਤੋਂ ਸੰਕੇਤ ਮਿਲਦੇ ਹਨ ਕਿ ਕੈਪਟਨ ਸਰਕਾਰ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ। ਦੂਸਰੇ ਪਾਸੇ ‘ਆਪ’ ਦੇ ਵਿਧਾਇਕ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠ ਗਏ। ਇਨ੍ਹਾਂ ਵਿਧਾਇਕ ਦਾ ਕਹਿਣਾ ਸੀ ਕਿ ਚਾਰ ਹਫਤਿਆਂ ਵਿਚ ਨਸ਼ਿਆਂ ਦਾ ਖਾਤਮਾ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਕੈਪਟਨ ਸਰਕਾਰ 27 ਮਹੀਨਿਆਂ ਦੌਰਾਨ ਵੀ ਨਸ਼ੇ ਖਤਮ ਕਰਨ ਵਿਚ ਫੇਲ੍ਹ ਰਹੀ ਹੈ। ਜਦੋਂ ਅਕਾਲੀ ਦਲ ਤੇ ਭਾਜਪਾ ਦੇ ਵਿਧਾਇਕ ਬੈਨਰ ਲੈ ਕੇ ਵਿਧਾਨ ਸਭਾ ਵਿਚ ਦਾਖਲ ਹੋਣ ਲੱਗੇ ਤਾਂ ਸੁਰੱਖਿਆ ਕਰਮੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਇਸ ਦੌਰਾਨ ਦੋਵਾਂ ਧਿਰਾਂ ਵਿਚਕਾਰ ਖਿੱਚਧੂਹ ਤੇ ਤਕਰਾਰ ਹੋਇਆ। ਢੀਂਡਸਾ ਨੇ ਅੰਦਰ ਜਾ ਕੇ ਵਿਸ਼ੇਸ਼ ਅਧਿਕਾਰ ਮਤਾ ਦਾਖਲ ਕਰਦਿਆਂ ਮੰਗ ਕੀਤੀ ਕਿ ਸਰਕਾਰ ਵਿਰੋਧੀ ਧਿਰ ਨੂੰ ਵਿਧਾਨ ਸਭਾ ਵਿਚ ਆਉਣ ਤੋਂ ਵੀ ਰੋਕ ਰਹੀ ਹੈ। ਉਨ੍ਹਾਂ ਸਪੀਕਰ ਰਾਣਾ ਕੇਪੀ ਸਿੰਘ ਕੋਲੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਅੰਦਰ ਆਉਣ ‘ਤੇ ਰੋਕਣ ਵਾਲੇ ਮੁਲਾਜ਼ਮਾਂ ਵਿਰੁੱਧ ਕਾਰਵਾਈ ਕੀਤੀ ਜਾਵੇ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …