Breaking News
Home / ਪੰਜਾਬ / ਫੂਲਕਾ ਅਸਤੀਫਾ ਹੋਇਆ ਮਨਜੂਰ

ਫੂਲਕਾ ਅਸਤੀਫਾ ਹੋਇਆ ਮਨਜੂਰ

HS Phoolka
photo Inderjeet verma to go with Jaswant’s story

ਬੇਅਦਬੀਆਂ ਦੇ ਮਾਮਲੇ ਵਿਚ ਬਾਦਲਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਦਿੱਤਾ ਸੀ ਅਸਤੀਫ਼ਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨੇ ਕਰੀਬ 10 ਮਹੀਨਿਆਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਅਤੇ ਪਦਮਸ੍ਰੀ ਵਕੀਲ ਹਰਵਿੰਦਰ ਸਿੰਘ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ।
ਇਸ ਉਪਰੰਤ ਸਪੀਕਰ ਨੇ ਕਿਹਾ ਕਿ ਫੂਲਕਾ ਦਾ ਅਸਤੀਫ਼ਾ ਪ੍ਰਵਾਨ ਕਰਨ ਨਾਲ ਹਲਕਾ ਦਾਖਾ ਦੀ ਵਿਧਾਨ ਸਭਾ ਸੀਟ ਖਾਲੀ ਹੋ ਗਈ ਹੈ, ਜਿਸ ਨੂੰ ਸੀਟ ਭਰਨ ਲਈ ਜ਼ਿਮਨੀ ਚੋਣ ਕਰਵਾਉਣ ਲਈ ਭਾਰਤ ਸਰਕਾਰ ਦੇ ਚੋਣ ਕਮਿਸ਼ਨ ਨੂੰ ਸੂਚਿਤ ਕੀਤਾ ਜਾ ਰਿਹਾ ਹੈ। ਸਪੀਕਰ ਨੇ ਦੱਸਿਆ ਕਿ ਫੂਲਕਾ ਵੱਲੋਂ ਪਹਿਲਾਂ ਨਿਰਧਾਰਿਤ ਚੌਖਟੇ ਤਹਿਤ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ ਅਤੇ ਹੁਣ ਫੂਲਕਾ ਵੱਲੋਂ ਨਿਰਧਾਰਿਤ ਨਿਯਮਾਂ ਦੀ ਸ਼ਬਦਾਵਲੀ ਤਹਿਤ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਪ੍ਰਵਾਨ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੁਝ ਹੋਰ ਵਿਧਾਇਕਾਂ ਦੇ ਵਿਚਾਰਅਧੀਨ ਅਸਤੀਫ਼ਿਆਂ ਉਪਰ ਵੀ ਕਾਨੂੰਨ ਅਨੁਸਾਰ ਅਗਲੀ ਕਾਰਵਾਈ ਲਈ ਵਿਚਾਰ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਫੂਲਕਾ ਨੇ 12 ਅਕਤੂਬਰ 2018 ਨੂੰ ਕੈਪਟਨ ਸਰਕਾਰ ਵੱਲੋਂ ਪੰਜਾਬ ਵਿਧਾਨ ਸਭਾ ਵਿਚ ਦਿੱਤੇ ਗਏ ਭਰੋਸੇ ਅਨੁਸਾਰ ਗੁਰੁ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਦੇ ਮਾਮਲੇ ਵਿਚ ਬਾਦਲਾਂ ਵਿਰੁੱਧ ਕਾਰਵਾਈ ਨਾ ਕਰਨ ਦੇ ਰੋਸ ਵਜੋਂ ਅਸਤੀਫ਼ਾ ਦਿੱਤਾ ਸੀ।
ਉਹ ‘ਆਪ’ ਤੋਂ ਪਹਿਲਾਂ ਹੀ ਇਹ ਕਹਿ ਕੇ ਅਸਤੀਫ਼ਾ ਦੇ ਚੁੱਕੇ ਹਨ ਕਿ ਉਹ ਜਿਸ ਮਿਸ਼ਨ ਨਾਲ ਸਿਆਸਤ ਵਿਚ ਆਏ ਸਨ, ਉਨ੍ਹਾਂ ਨੂੰ ਇਸ ਪਾਰਟੀ ਵਿਚ ਰਹਿ ਕੇ ਆਪਣਾ ਮਿਸ਼ਨ ਪੂਰਾ ਹੁੰਦਾ ਨਹੀਂ ਦਿਖਾਈ ਦਿੰਦਾ। ਫੂਲਕਾ ਦੇ ਅਸਤੀਫ਼ਾ ਦੇਣ ਨਾਲ ‘ਆਪ’ ਵਿਧਾਇਕਾਂ ਦੀ ਗਿਣਤੀ ਸਰਕਾਰੀ ਤੌਰ ‘ਤੇ ਘਟ ਕੇ 20 ਤੋਂ 19 ਅਤੇ ਕੁੱਲ ਵਿਧਾਇਕਾਂ ਦੀ ਗਿਣਤੀ 117 ਤੋਂ ਘੱਟ ਕੇ 116 ਰਹਿ ਗਈ ਹੈ।
ਉਂਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਲੋਕ ਸਭਾ ਹਲਕਾ ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਨਾਲ ਅਤੇ ਭਾਜਪਾ ਦੇ ਸੋਮ ਪ੍ਰਕਾਸ਼ ਦੇ ਲੋਕ ਸਭਾ ਹਲਕਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਚੁਣੇ ਜਾਣ ਨਾਲ ਕ੍ਰਮਵਾਰ ਵਿਧਾਨ ਸਭਾ ਹਲਕਾ ਜਲਾਲਾਬਾਦ ਅਤੇ ਫਗਵਾੜਾ ਦੀਆਂ ਸੀਟਾਂ ਵੀ ਖਾਲੀ ਹੋ ਗਈਆਂ ਹਨ। ਇਹ ਦੋਵੇਂ ਸੰਸਦ ਮੈਂਬਰ ਆਪਣੀ ਵਿਧਾਨ ਸਭਾ ਦੀ ਮੈਂਬਰਸ਼ਿਪ ਛੱਡ ਚੁੱਕੇ ਹਨ। ਇਨ੍ਹਾਂ ਤੋਂ ਇਲਾਵਾ ‘ਆਪ’ ਦੇ ਵਿਧਾਨ ਸਭਾ ਹਲਕਾ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਅਤੇ ਮਾਨਸਾ ਤੋਂ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਵੀ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ੇ ਦੇ ਕੇ ਕਾਂਗਰਸ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ ਉਨ੍ਹਾਂ ਦੇ ਅਸਤੀਫ਼ੇ ਸਪੀਕਰ ਕੋਲ ਵਿਚਾਰਅਧੀਨ ਹਨ, ਜੋ ਕਿਸੇ ਵੇਲੇ ਵੀ ਪ੍ਰਵਾਨ ਕਰਨ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ‘ਆਪ’ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ‘ਆਪ’ ਨੂੰ ਅਲਵਿਦਾ ਕਹਿ ਕੇ ਆਪਣੀ ਪੰਜਾਬ ਏਕਤਾ ਪਾਰਟੀ ਬਣਾ ਚੁੱਕੇ ਹਨ। ਉਹ ਪਾਰਟੀ ਤੇ ਵਿਧਾਇਕ ਦੇ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਵੀ ਲੜ ਚੁੱਕੇ ਹਨ। ਖਹਿਰਾ ਦਾ ਅਸਤੀਫ਼ਾ ਵੀ ਵਿਚਾਰਅਧੀਨ ਹੈ।
ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਾਰਜ ਕਰਨ ਬਾਰੇ ‘ਆਪ’ ਦੀ ਲੀਡਰਸ਼ਿਪ ਵੀ ਸਪੀਕਰ ਨੂੰ ਮਿਲ ਚੁੱਕੀ ਹੈ। ‘ਆਪ’ ਦੇ ਹੀ ਹਲਕਾ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਵੀ ਪਾਰਟੀ ਤੋਂ ਅਸਤੀਫ਼ਾ ਦੇ ਕੇ ਹਲਕਾ ਫ਼ਰੀਦਕੋਟ ਤੋਂ ਪੰਜਾਬ ਏਕਤਾ ਪਾਰਟੀ ਵੱਲੋਂ ਲੋਕ ਸਭਾ ਦੀ ਚੋਣ ਲੜ ਚੁੱਕੇ ਹਨ। ਮਾਸਟਰ ਬਲਦੇਵ ਸਿੰਘ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਨਹੀਂ ਦਿੱਤਾ ਪਰ ਉਨ੍ਹਾਂ ਬਾਰੇ ਸਪੀਕਰ ਨੂੰ ਪੁੱਜੀ ਇਕ ਸ਼ਿਕਾਇਤ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਮੈਂਬਰਸ਼ਿਪ ਦਾ ਮਾਮਲਾ ਵੀ ਸਪੀਕਰ ਦੇ ਵਿਚਾਰਅਧੀਨ ਹੈ। ਇਸ ਤਰ੍ਹਾਂ ਸੂਬੇ ਵਿਚ ਫੂਲਕਾ ਦੇ ਹਲਕਾ ਦਾਖਾ ਤੋਂ ਇਲਾਵਾ ਛੇ ਹੋਰ ਵਿਧਾਨ ਸਭਾ ਹਲਕਿਆਂ ਵਿਚ ਜ਼ਿਮਨੀ ਚੋਣਾਂ ਹੋਣ ਦੇ ਆਸਾਰ ਬਣੇ ਹਨ।

Check Also

ਪੰਜਾਬ ਯੂਨੀਵਰਸਿਟੀ ’ਚ ਸੈਨੇਟ ਚੋਣਾਂ ਦਾ ਐਲਾਨ ਜਲਦ

ਇਸੇ ਮਹੀਨੇ ਜਾਰੀ ਹੋ ਸਕਦਾ ਹੈ ਨੋਟੀਫਿਕੇਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਚੋਣਾਂ …