Breaking News
Home / ਹਫ਼ਤਾਵਾਰੀ ਫੇਰੀ / ਕਲੋਜ਼ਰ ਰਿਪੋਰਟ ਵਿਰੁੱਧ ਕੈਪਟਨ ਸਰਕਾਰ ਪਹੁੰਚੀ ਅਦਾਲਤ

ਕਲੋਜ਼ਰ ਰਿਪੋਰਟ ਵਿਰੁੱਧ ਕੈਪਟਨ ਸਰਕਾਰ ਪਹੁੰਚੀ ਅਦਾਲਤ

ਮੁਹਾਲੀ/ਬਿਊਰੋ ਨਿਊਜ਼ : ਬਰਗਾੜੀ ਬੇਅਦਬੀ ਮਾਮਲੇ ਵਿੱਚ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਦਾ ਦਰਵਾਜ਼ਾ ਖੜਕਾਇਆ ਹੈ। ਵਿਸ਼ੇਸ਼ ਅਦਾਲਤ ਨੇ ਸੀਬੀਆਈ ਨੂੰ 29 ਅਗਸਤ ਨੂੰ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਇਸ ਸਬੰਧੀ ਸਰਕਾਰ ਨੇ ਮੁਹਾਲੀ ਦੀ ਸੀਬੀਆਈ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਨੂੰ ਚੁਣੌਤੀ ਦਿੰਦਿਆਂ ਪ੍ਰੋਟੈਸਟ ਪਟੀਸ਼ਨ ਦਾਇਰ ਕਰ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਅਦਬੀ ਮਾਮਲੇ ਦੀ ਜਾਂਚ ਵਿੱਚ ਅੜਿੱਕੇ ਡਾਹੁਣ ਦੀਆਂ ਕੋਸ਼ਿਸ਼ਾਂ ‘ਤੇ ਅਕਾਲੀਆਂ ਦੀ ਸਖ਼ਤ ਅਲੋਚਨਾ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਮਾਮਲੇ ਦੀ ਤੈਅ ਤੱਕ ਜਾਣ ਲਈ ਹਰ ਸੰਭਵ ਕੋਸ਼ਿਸ਼ ਕਰੇਗੀ।
ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੇਅਦਬੀ ਮਾਮਲੇ ਵਿੱਚ ਸਰਕਾਰ ਦੀ ਕਾਰਗੁਜ਼ਾਰੀ ‘ਤੇ ਪ੍ਰਸ਼ਨ-ਚਿੰਨ੍ਹ ਲਾਉਣ ਦੇ ਦੋਸ਼ਾਂ ਬਾਰੇ ਪੁੱਛੇ ਜਾਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੀਬੀਆਈ ਦੀ ਕਲੋਜ਼ਰ ਰਿਪੋਰਟ ਵਿਰੁੱਧ ਅਦਾਲਤ ਵਿੱਚ ਪਹੁੰਚ ਕਰ ਚੁੱਕੀ ਹੈ ਤਾਂ ਕਿ ਇਸ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਬਾਰੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਭੇਜਿਆ ਗਿਆ ਸੀ ਪਰ ਹੁਣ ਤੱਕ ਕੋਈ ਜਵਾਬ ਨਾ ਆਉਣ ‘ਤੇ ਸਰਕਾਰ ਨੇ ਹੁਣ ਅਦਾਲਤ ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਪਹਿਲਾਂ ਤਾਂ ਜਾਣਬੁੱਝ ਕੇ ਇਸ ਸੰਵੇਦਨਸ਼ੀਲ ਮਾਮਲੇ ਨੂੰ ਸੀਬੀਆਈ ਦੇ ਹੱਥਾਂ ਵਿੱਚ ਸੌਂਪਿਆ ਅਤੇ ਉਸ ਤੋਂ ਬਾਅਦ ਕੇਂਦਰੀ ਜਾਂਚ ਏਜੰਸੀ ਨੇ ਵੀ ਆਪਣੇ ਆਕਾਵਾਂ ਦੇ ਇਸ਼ਾਰਿਆਂ ‘ਤੇ ਚੱਲਦਿਆਂ ਜਾਂਚ ਨੂੰ ਧੁਰ ਤੱਕ ਲਿਜਾਣ ਦੀ ਬਜਾਏ ਨਾ ਸਿਰਫ਼ ਅੱਧ ਵਿਚਾਲੇ ਹੀ ਬੰਦ ਕਰ ਦਿੱਤਾ ਸਗੋਂ ਨਿਯਮਾਂ ਦੇ ਉਲਟ ਬਰਗਾੜੀ ਕੇਸ ਖ਼ਤਮ ਕਰਨ ਲਈ ਕਲੋਜ਼ਰ ਰਿਪੋਰਟ ਦਾਇਰ ਕਰ ਦਿੱਤੀ। ਜਦਕਿ ਸਾਰੇ ਜਾਣਦੇ ਹਨ ਕਿ ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵਿਧਾਨ ਸਭਾ ਵਿੱਚ ਮਤਾ ਲਿਆ ਕੇ ਸੀਬੀਆਈ ਤੋਂ ਕੇਸ ਵਾਪਸ ਲਿਆ ਗਿਆ ਸੀ। ਇਸ ਦੇ ਬਾਵਜੂਦ ਸੀਬੀਆਈ ਨੇ ਕਲੋਜ਼ਰ ਰਿਪੋਰਟ ਪੇਸ਼ ਕਰ ਦਿੱਤੀ।

Check Also

ਅਦਾਰਾ ਪਰਵਾਸੀ ਵੱਲੋਂ ਵਿਸਾਖੀ ਦੀਆਂ ਲੱਖ-ਲੱਖ ਵਧਾਈਆਂ

ਖ਼ਾਲਸਾ ਪੰਥ ਦਾ ਜਨਮ ਦਿਹਾੜਾ ਹੈ ਵਿਸਾਖੀ, ਘਰ ਵਿਚ ਅਨਾਜ਼ ਦੇ ਰੂਪ ਵਿਚ ਆਈਆਂ ਖੁਸ਼ੀਆਂ …