Breaking News
Home / ਪੰਜਾਬ / ਕੈਪਟਨ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੇਂਦਰ ਕੋਲੋਂ ਮੰਗੇ 1000 ਕਰੋੜ ਰੁਪਏ

ਕੈਪਟਨ ਨੇ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੇਂਦਰ ਕੋਲੋਂ ਮੰਗੇ 1000 ਕਰੋੜ ਰੁਪਏ

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦਾ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਮੰਗਿਆ ਹੈ ਤਾਂ ਜੋ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ। ਮੁੱਖ ਮੰਤਰੀ ਨੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਉਹ ਮੌਜੂਦਾ ਫ਼ਸਲੀ ਸੀਜ਼ਨ ਦੌਰਾਨ ਪ੍ਰਭਾਵਿਤ ਹੋਏ ਪਿੰਡਾਂ ਦੇ ਪੀੜਤ ਕਿਸਾਨਾਂ ਦੇ ਬੈਂਕਾਂ-ਵਿੱਤ ਸੰਸਥਾਵਾਂ ਤੋਂ ਲਏ ਫ਼ਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਤੁਰੰਤ ਸਬੰਧਤ ਅਧਿਕਾਰੀਆਂ ਨੂੰ ਵੀ ਹਦਾਇਤਾਂ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਮੁੱਢਲੇ ਅੰਦਾਜ਼ੇ ਅਨੁਸਾਰ ਇਨ੍ਹਾਂ ਹੜ੍ਹਾਂ ਕਾਰਨ 1700 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਪ੍ਰਭਾਵਿਤ ਖੇਤਰਾਂ ਵਿੱਚ ਕੁਦਰਤੀ ਆਫ਼ਤ ਐਲਾਨੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਤਲੁਜ ਦਰਿਆ ਵਿੱਚ ਆਏ ਹੜ੍ਹਾਂ ਕਾਰਨ ਕਈ ਥਾਵਾਂ ਖਾਸ ਕਰਕੇ ਰੋਪੜ, ਲੁਧਿਆਣਾ, ਜਲੰਧਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ 100 ਤੋਂ ਵੱਧ ਪਿੰਡਾਂ ਵਿੱਚ ਵੱਡੇ ਪੱਧਰ ‘ਤੇ ਫ਼ਸਲਾਂ ਬਰਬਾਦ ਹੋਈਆਂ ਹਨ। ਘਰਾਂ ਦੇ ਨਾਲ-ਨਾਲ ਕਈ ਥਾਵਾਂ ਉੱਤੇ ਪੇਂਡੂ ਤੇ ਸ਼ਹਿਰੀ ਖੇਤਰਾਂ ਦਾ ਬੁਨਿਆਦੀ ਢਾਂਚਾ ਵੀ ਨੁਕਸਾਨਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਸੂਬਾ ਸਰਕਾਰ ਦੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਸਨ ਕਿ ਭਾਰਤ ਸਰਕਾਰ ਕੋਲੋਂ ਵਿਸ਼ੇਸ਼ ਪੈਕੇਜ ਲੈਣ ਲਈ ਇਕ ਮੈਮੋਰੰਡਮ ਤਿਆਰ ਕਰਨ। ਸੂਬੇ ਵਿੱਚ 326 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ ਅਤੇ ਪਾਣੀ ਵਿੱਚ ਡੁੱਬਣ ਕਾਰਨ 1.20 ਲੱਖ ਏਕੜ ਰਕਬੇ ਵਿੱਚ ਫ਼ਸਲਾਂ ਦਾ ਨੁਕਸਾਨ ਹੋਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 5023 ਲੋਕਾਂ ਨੂੰ ਪ੍ਰਭਾਵਿਤ ਪਿੰਡਾਂ ਵਿੱਚੋਂ ਕੱਢ ਕੇ ਸੁਰੱਖਿਅਤ ਥਾਵਾਂ ਉਤੇ ਪਹੁੰਚਾਇਆ ਗਿਆ ਹੈ। ਜਲੰਧਰ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੀ ਮੱਦਦ ਨਾਲ 18 ਪ੍ਰਭਾਵਿਤ ਪਿੰਡਾਂ ਦੇ ਵਸਨੀਕਾਂ ਨੂੰ ਹੈਲੀਕਾਪਟਰ ਰਾਹੀਂ 36 ਹਜ਼ਾਰ ਪਰੌਂਠੇ, 18 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ ਅਤੇ ਬੋਤਲ ਬੰਦ ਪਾਣੀ ਪਹੁੰਚਾਇਆ ਗਿਆ ਹੈ। ਹੋਰਨਾਂ ਪ੍ਰਭਾਵਿਤ ਥਾਵਾਂ ‘ਤੇ ਬਚਾਅ ਕਾਰਜ ਕੀਤੇ ਗਏ ਹਨ।

ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
ਕਿਹਾ – ਪੰਜਾਬ ਦੀਆਂ ਨਦੀਆਂ ਦਾ ਨਹਿਰੀਕਰਨ ਕਰੇਗੀ ਸੂਬਾ ਸਰਕਾਰ
ਜਲੰਧਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਕਰੀਬ 30 ਹਜ਼ਾਰ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ ਅਤੇ 108 ਪਿੰਡਾਂ ਦੀਆਂ ਫ਼ਸਲਾਂ ਬਰਬਾਦ ਹੋਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸੁਲਤਾਨਪੁਰ ਲੋਧੀ ਤੇ ਜਲੰਧਰ ਵਰਗੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਰਾਹਤ ਟੀਮਾਂ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਟੀਮਾਂ ਵੱਲੋਂ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਖਾਣਾ, ਦਵਾਈਆਂ ਤੇ ਪਸ਼ੂਆਂ ਦੇ ਚਾਰੇ ਦੀ ਸਮੇਂ ਸਿਰ ਸਪਲਾਈ ਯਕੀਨੀ ਬਣਾਈ ਜਾਵੇਗੀ।
ਪੰਜਾਬ ‘ਚ ਦੋ ਕਰਜ਼ਈ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਚੰਡੀਗੜ੍ਹ : ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਦਾ ਰੁਝਾਨ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ ਅਤੇ ਅੱਜ ਦੋ ਕਰਜ਼ਈ ਕਿਸਾਨਾਂ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਬਠਿੰਡਾ ਜ਼ਿਲ੍ਹੇ ਵਿਚ ਪੈਂਦੇ ਤਲਵੰਡੀ ਸਾਬੋ ਨੇੜਲੇ ਪਿੰਡ ਨੱਤ ਦੇ ਨੌਜਵਾਨ ਕਿਸਾਨ ਕੁਲਬੀਰ ਸਿੰਘ ਨੇ ਅੱਜ ਕਰਜ਼ੇ ਦੇ ਬੋਝ ਦੇ ਚੱਲਦਿਆਂ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਢਾਈ ਏਕੜ ਜ਼ਮੀਨ ਦੇ ਮਾਲਕ ਕਿਸਾਨ ਦਾ ਸਰਕਾਰ ਦੀ ਕਰਜ਼ ਮਾਫ਼ੀ ਸਕੀਮ ਵਿਚ ਨਾਮ ਨਾ ਆਉਣ ਵੇਲੇ ਤੋਂ ਹੀ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਇਸੇ ਤਰ੍ਹਾਂ ਫਰੀਦਕੋਟ ਦੇ ਪਿੰਡ ਮਾਨੀ ਸਿੰਘ ਵਾਲਾ ਦੇ ਕਿਸਾਨ ਸਾਰਜ ਸਿੰਘ ਵਲੋਂ ਵੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਤਮ ਹਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਸਿਰ ਇੱਕ ਨਿੱਜੀ ਬੈਂਕ ਦਾ 10 ਲੱਖ ਰੁਪਏ ਦਾ ਕਰਜ਼ਾ ਦੱਸਿਆ ਜਾਂਦਾ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …