ਮੁਹਾਲੀ : ਪੰਜਾਬ ਦੇ ਲੋਕਾਂ ਨੂੰ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਨੇ ‘ਸਰਬੱਤ ਸਿਹਤ ਬੀਮਾ ਯੋਜਨਾ’ ਸ਼ੁਰੂ ਕੀਤੀ ਹੈ। ਇਸ ਯੋਜਨਾ ਦਾ ਆਗਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁਹਾਲੀ ਤੋਂ ਕਰਦਿਆਂ ਪਹਿਲੇ 11 ਲਾਭਪਾਤਰੀਆਂ ਨੂੰ ਈ-ਕਾਰਡ ਦਿੱਤੇ ਹਨ। ਇਸ ਸਬੰਧੀ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਨੇੜੇ ਕਿਸਾਨ ਵਿਕਾਸ ਚੈਂਬਰ ਵਿਚ ਸੂਬਾ ਪੱਧਰੀ ਸਮਾਗਮ ਕੀਤਾ ਗਿਆ। ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ 75ਵੀਂ ਜਨਮ ਵਰ੍ਹੇਗੰਢ ਮੌਕੇ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਸਰਕਾਰ ਦੀ ਇਹ ਮਹੱਤਵਪੂਰਨ ਸਕੀਮ ਸ਼ੁਰੂ ਕੀਤੀ ਹੈ, ਜਿਸ ਨਾਲ ਸੂਬੇ ਦੇ 46 ਲੱਖ ਪਰਿਵਾਰਾਂ ਨੂੰ ਲਾਭ ਪੁੱਜੇਗਾ, ਜੋ ਕੁੱਲ ਆਬਾਦੀ ਦਾ 76 ਫ਼ੀਸਦੀ ਹਿੱਸਾ ਬਣਦਾ ਹੈ। ਇਸ ਤਰ੍ਹਾਂ ਪੰਜਾਬ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਇਸ ਸਕੀਮ ਨਾਲ ਲਾਭਪਾਤਰੀ ਪ੍ਰਤੀ ਪਰਿਵਾਰ ਹਰੇਕ ਸਾਲ 5 ਲੱਖ ਰੁਪਏ ਤੱਕ ਦਾ ਨਗਦੀ ਰਹਿਤ ਇਲਾਜ ਕਰਵਾ ਸਕਣਗੇ। ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ ਤਹਿਤ 14.86 ਲੱਖ ਪਰਿਵਰ ਕਵਰ ਹੁੰਦੇ ਹਨ, ਜਿਸ ਦੇ ਪ੍ਰੀਮੀਅਮ ਦਾ ਖਰਚਾ ਕੇਂਦਰ ਤੇ ਸੂਬਾ ਸਰਕਾਰ ਵੱਲੋਂ 60:40 ਅਨੁਪਾਤ ਵਿਚ ਚੁੱਕਿਆ ਜਾਣਾ ਹੈ।
ਇਸ ਸਕੀਮ ਤਹਿਤ 20.43 ਲੱਖ ਲਾਭਪਾਤਰੀ ਸਮਾਰਟ ਰਾਸ਼ਨ ਕਾਰਡ ਹੋਲਡਰ ਪਰਿਵਾਰ ਹਨ। ਇਸ ਤੋਂ ਇਲਾਵਾ ਸੀਈਸੀਸੀ ਦੇ ਅੰਕੜਿਆਂ ਅਨੁਸਾਰ 14.86 ਲੱਖ ਪਰਿਵਾਰ, 2.8 ਲੱਖ ਛੋਟੇ ਕਿਸਾਨ, ਸੂਬਾ ਉਸਾਰੀ ਭਲਾਈ ਬੋਰਡ ਕੋਲ ਪੰਜੀਕ੍ਰਿਤ 2.38 ਲੱਖ ਤੋਂ ਜ਼ਿਆਦਾ ਉਸਾਰੀ ਕਿਰਤੀ, 46 ਹਜ਼ਾਰ ਛੋਟੇ ਵਪਾਰੀ ਵੀ ਸ਼ਾਮਲ ਹਨ। ਇਸ ਸਕੀਮ ਵਿਚ ਸੂਬਾ ਸਰਕਾਰ ਦੇ ਐਕਰੀਡੇਟਿਡ ਅਤੇ ਪੀਲਾ ਕਾਰਡ ਧਾਰਕ 4500 ਪੱਤਰਕਾਰ ਵੀ ਕਵਰ ਕੀਤੇ ਗਏ ਹਨ। ਇਸ ਸਕੀਮ ਰਾਹੀਂ ਲਾਭਪਾਤਰੀ 450 ਤੋਂ ਵੱਧ ਸੂਚੀਬੱਧ ਹਸਪਤਾਲਾਂ ਰਾਹੀਂ ਆਪਣਾ ਇਲਾਜ ਕਰਵਾ ਸਕਣਗੇ, ਜਿਨ੍ਹਾਂ ਵਿੱਚ 200 ਸਰਕਾਰੀ ਹਸਪਤਾਲ ਹਨ। ਇਸ ਸਕੀਮ ਤਹਿਤ 1396 ਟਰੀਟਮੈਂਟ ਪੈਕੇਜ ਡਿਜ਼ਾਈਨ ਕੀਤੇ ਗਏ ਹਨ। ਇਸ ਸਕੀਮ ਤਹਿਤ ਅਪਰੇਸ਼ਨਾਂ ਸਬੰਧੀ ਪੈਕੇਜ ਵਿਚ ਹਸਪਤਾਲ ਵਿਚ ਦਾਖ਼ਲ ਹੋਣ ਤੋਂ ਪਹਿਲਾਂ ਦੇ ਤਿੰਨ ਦਿਨ ਅਤੇ ਬਾਅਦ ਦੇ 15 ਦਿਨ ਵੀ ਸ਼ਾਮਲ ਕੀਤੇ ਜਾਣਗੇ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਹਤ ਵਿਭਾਗ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਸਿਹਤ ਖੇਤਰ ਵਿਚ ਨਵੀਂ ਇਨਕਲਾਬੀ ਕ੍ਰਾਂਤੀ ਆਵੇਗੀ। ਉਨ੍ਹਾਂ ਦੱਸਿਆ ਕਿ ਮਰੀਜ਼ ਕੋਲ ਈ-ਕਾਰਡ ਨਾ ਹੋਣ ਦੀ ਸੂਰਤ ਵਿਚ ਉਹ ਕਿਸੇ ਵੀ ਸੂਚੀਬੱਧ ਹਸਪਤਾਲ ਵਿਚ ਜਾ ਕੇ ਅਰੋਗਿਆ ਮਿੱਤਰ ਨੂੰ ਮਿਲ ਸਕਦਾ ਹੈ, ਜਿੱਥੇ ਉਸ ਦਾ ਮੌਕੇ ‘ਤੇ ਈ ਕਾਰਡ ਬਣਾ ਕੇ ਨਗਦੀ ਰਹਿਤ ਅਦਾਇਗੀ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਨਿਵੇਕਲੇ ਕਦਮ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਵੀ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
Check Also
ਲੁਧਿਆਣਾ ਪੱਛਮੀ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣਗੀਆਂ ਵੋਟਾਂ
23 ਜੂਨ ਨੂੰ ਐਲਾਨਿਆ ਜਾਵੇਗਾ ਨਤੀਜਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਵਿਧਾਨ ਸਭਾ ਹਲਕਾ ਲੁਧਿਆਣਾ …