21.8 C
Toronto
Monday, September 15, 2025
spot_img
Homeਪੰਜਾਬਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ...

ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਕੌਮਾਂਤਰੀ ਪੱਧਰ ‘ਤੇ ਮਨਾਉਣ ਦੀਆਂ ਤਿਆਰੀਆਂ

ਵਿਸ਼ੇਸ਼ ਸਮਾਗਮ ਨਿਊਯਾਰਕ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਉਣ ਬਾਰੇ ਵਿਚਾਰਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੌਮਾਂਤਰੀ ਪੱਧਰ ‘ਤੇ ਮਨਾਏ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਉਨ੍ਹਾਂ ਦੀਆਂ ਸਿੱਖਿਆਵਾਂ ਸਬੰਧੀ ਵਿਸ਼ੇਸ਼ ਸਮਾਗਮ ਨਿਊਯਾਰਕ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿਖੇ ਕਰਵਾਉਣ ਬਾਰੇ ਵਿਚਾਰਾਂ ਕੀਤੀਆਂ ਜਾ ਰਹੀਆਂ ਹਨ। ਇਸ ਸਮਾਗਮ ਵਿਚ ਦੁਨੀਆਂ ਦੀਆਂ ਅਹਿਮ ਸ਼ਖ਼ਸੀਅਤਾਂ ਤੇ ਮਸ਼ਹੂਰ ਸਿੱਖ ਹਸਤੀਆਂ ਨੂੰ ਬੁਲਾਏ ਜਾਣ ਦੇ ਨਾਲ ਇੱਥੇ ਗੁਰੂ ਨਾਨਕ ਦੇਵ ਜੀ ਬਾਰੇ ਲੇਜ਼ਰ ਸ਼ੋਅ ਕਰਵਾਏ ਜਾਣ ਦੀ ਵੀ ਯੋਜਨਾ ਹੈ। ਇੱਕ ਸਿੱਖ ਜਥੇਬੰਦੀ ਨੇ ਟਾਈਮਜ਼ ਸਕੁਏਅਰ ਵਿਚ ਸਮਾਗਮ ਕਰਵਾਉਣ ਦੀ ਪਹਿਲਾਂ ਹੀ ਇਜਾਜ਼ਤ ਲਈ ਹੋਈ ਹੈ ਤੇ ਉਸ ਨੇ ਪੰਜਾਬ ਸਰਕਾਰ ਤੱਕ ਪਹੁੰਚ ਕੀਤੀ ਹੈ। ਟਾਈਮਜ਼ ਸਕੁਏਅਰ ਵਿਚ ਸਮਾਗਮ ਕਰਵਾਉਣ ਲਈ ਸਰਕਾਰ ਨੂੰ ਕਈ ਪ੍ਰਵਾਨਗੀਆਂ ਤੇ ਵੱਡੇ ਪੱਧਰ ‘ਤੇ ਫੰਡਾਂ ਦੀ ਲੋੜ ਹੈ। ਇਸ ਲਈ ਸਰਕਾਰ ਅਕਤੂਬਰ ਮਹੀਨੇ ਕਰਵਾਏ ਜਾਣ ਵਾਲੇ ਇਸ ਸਮਾਗਮ ਲਈ ਸਪਾਂਸਰ ਭਾਲ ਰਹੀ ਹੈ। ਇਸ ਸਬੰਧੀ ਸਾਰੀ ਯੋਜਨਾ ਮੁਕੰਮਲ ਹੋਣ ਮਗਰੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਹੋਰ ਸੀਨੀਅਰ ਮੰਤਰੀਆਂ ਦੇ ਇਸ ਸਮਾਗਮ ਵਿਚ ਸ਼ਾਮਲ ਹੋਣ ਦੀ ਆਸ ਹੈ। ਨਿਊਯਾਰਕ ਤੋਂ ਇਲਾਵਾ ਸਰਕਾਰ ਵੱਲੋਂ ਅਮਰੀਕਾ, ਬਰਤਾਨੀਆ, ਕੈਨੇਡਾ, ਇਟਲੀ, ਜਰਮਨੀ ਤੇ ਆਸਟਰੇਲੀਆ ਦੇ ਕਈ ਹੋਰਨਾਂ ਸ਼ਹਿਰਾਂ ਵਿੱਚ ਵੀ ਸਮਾਗਮ ਕਰਾਉਣ ਦੀ ਯੋਜਨਾ ਹੈ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ, ‘ਸਤੰਬਰ ਮਹੀਨੇ ਸੁਲਤਾਨਪੁਰ ਲੋਧੀ ਵਿਚ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਤੋਂ ਇਲਾਵਾ ਕੌਮਾਂਤਰੀ ਪੱਧਰ ‘ਤੇ ਸਮਾਗਮ ਕਰਵਾਉਣ ਦਾ ਮਕਸਦ ਸਿੱਖ ਧਰਮ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਗੁਰੂ ਨਾਨਕ ਦੇਵ ਦੇ ਭਾਈਚਾਰਕ ਸਾਂਝ ਤੇ ਮਨੁੱਖਤਾ ਦੇ ਸੁਨੇਹੇ ਦਾ ਪ੍ਰਚਾਰ ਕਰਨਾ ਹੈ।’ ਪੰਜਾਬ ਸਰਕਾਰ ਵੱਲੋਂ ਦੁਨੀਆ ਭਰ ਵਿੱਚ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੇ 550 ਸਿੱਖਾਂ ਦੀ ਸ਼ਨਾਖਤ ਵੀ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਇਨ੍ਹਾਂ ਸਮਾਗਮਾਂ ਦੌਰਾਨ ਸਨਮਾਨਿਆ ਜਾਵੇਗਾ। ਸਰਕਾਰ ਗੁਰੂ ਨਾਨਕ ਦੇਵ ਜੀ ਵੱਲੋਂ ਆਪਣੇ ਜੀਵਨ ਦੌਰਾਨ ਉੱਤਰ, ਦੱਖਣ, ਪੂਰਬ ਤੇ ਪੱਛਮ ਵਿੱਚ ਕੀਤੀਆਂ ਗਈਆਂ ਚਾਰ ਉਦਾਸੀਆਂ ਬਾਰੇ ਦਸਵਾਵੇਜ਼ੀ ਦਿਖਾਉਣ ਦੀ ਯੋਜਨਾ ਵੀ ਬਣਾ ਰਹੀ ਹੈ। ਇਹ ਦਸਤਾਵੇਜ਼ੀ ਸਾਲ ਭਰ ਵੱਖ ਵੱਖ ਥਾਵਾਂ ‘ਤੇ ਚਲਾਏ ਜਾਣ ਵਾਲੇ ਸਮਾਗਮਾਂ ਦੌਰਾਨ ਦਿਖਾਈ ਜਾਵੇਗੀ। ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਤਿੱਬਤ ਦੇ ਧਾਰਮਿਕ ਆਗੂ ਦਲਾਈ ਲਾਮਾ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੀਆਂ ਮੁੱਖ ਸ਼ਖ਼ਸੀਅਤਾਂ ਵਿਚ ਸ਼ਾਮਲ ਹੋਣਗੇ।
ਕਰਤਾਰਪੁਰ ਲਾਂਘੇ ਦੇ ਕੰਮਾਂ ਦੀ ਨਿਗਰਾਨੀ ਕਰ ਰਹੇ ਰੰਧਾਵਾ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਦਲਾਈ ਲਾਮਾ ਵਿਸ਼ਵ ਪੱਧਰ ਦੇ ਧਾਰਮਿਕ ਆਗੂ ਹਨ ਤੇ ਉਹ ਉਨ੍ਹਾਂ ਧਾਰਮਿਕ ਸ਼ਖ਼ਸੀਅਤਾਂ ਵਿਚ ਸ਼ਾਮਲ ਹੋਣਗੇ ਜਿਨ੍ਹਾਂ ਨੂੰ ਨਵੰਬਰ ਮਹੀਨੇ ਕਰਵਾਏ ਜਾਣ ਵਾਲੇ ਸਮਾਗਮ ਵਿਚ ਸੱਦਾ ਦਿੱਤਾ ਗਿਆ ਹੈ।
550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਪੰਜਾਬ ਸਰਕਾਰ ਨੇ ਵੱਖ-ਵੱਖ ਧਰਮਾਂ ਦੀਆਂ ਸ਼ਖ਼ਸੀਅਤਾਂ ਨੂੰ ਭੇਜੇ ਸੱਦੇ
ਚੰਡੀਗੜ੍ਹ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਧਰਮਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸੱਦਾ ਦਿੱਤਾ ਗਿਆ ਹੈ। ਇਸ ਦੇ ਤਹਿਤ ਬੁੱਧ ਧਰਮ ਦੇ ਦਲਾਈ ਲਾਮਾ, ਹਿੰਦੂ ਧਰਮ ਦੇ ਸ਼ੰਕਰਾਚਾਰੀਆ ਤੇ ਇਸਾਈ ਧਰਮ ਦੇ ਪੋਪ ਨੂੰ ਪ੍ਰਕਾਸ਼ ਪੁਰਬ ਦੇ ਸਮਾਗਮ ਵਿੱਚ ਸ਼ਾਮਲ ਹੋਣ ਦਾ ਸੱਦਾ ਪਹੁੰਚਾਇਆ ਗਿਆ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਪਾਕਿਸਤਾਨ ਵਿੱਚ ਰਹਿਣ ਵਾਲੇ ਭਾਈ ਮਰਦਾਨਾ ਦੇ ਪਰਿਵਾਰ ਤੇ ਸ੍ਰੀ ਦਰਬਾਰ ਸਾਹਿਬ ਦੀ ਨੀਂਹ ਪੱਥਰ ਰੱਖਣ ਵਾਲੇ ਸਾਈਂ ਮੀਆਂ ਮੀਰ ਦੇ ਪਰਿਵਾਰ ਨੂੰ ਵੀ ਡੇਰਾ ਬਾਬਾ ਨਾਨਕ ਵਿੱਚ ਹੋਣ ਵਾਲੇ ਸਮਾਗਮ ਲਈ ਸੱਦਾ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਮਿੱਥੇ ਸਮੇਂ ‘ਤੇ ਲਾਂਘਾ ਖੋਲ੍ਹਿਆ ਜਾਵੇਗਾ।

RELATED ARTICLES
POPULAR POSTS