Breaking News
Home / ਪੰਜਾਬ / ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ

ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਦਿਹਾਂਤ

ਮੁਕੇਰੀਆਂ/ਬਿਊਰੋ ਨਿਊਜ਼ : ਵਿਧਾਨ ਸਭਾ ਹਲਕਾ ਮੁਕੇਰੀਆਂ ਤੋਂ ਕਾਂਗਰਸੀ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦਾ ਮੰਗਲਵਾਰ ਨੂੰ ਲੰਬੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ 59 ਵਰ੍ਹਿਆਂ ਦੇ ਸਨ।
ਵਿਧਾਇਕ ਬੱਬੀ ਦਾ ਅੰਤਿਮ ਸਸਕਾਰ ਮੁਕੇਰੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਸਸਕਾਰ ਮੌਕੇ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ, ਵਿਧਾਇਕ ਸੰਗਤ ਸਿੰਘ ਗਿਲਜੀਆਂ, ਵਿਧਾਇਕ ਪਵਨ ਕੁਮਾਰ ਆਦੀਆ, ਵਿਧਾਇਕ ਡਾ. ਰਾਜ ਕੁਮਾਰ, ਵਿਧਾਇਕ ਅਰੁਣ ਕੁਮਾਰ ਮਿੱਕੀ ਡੋਗਰਾ, ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਅਤੇ ਐੱਸਐੱਸਪੀ ਗੌਰਵ ਗਰਗ ਆਦਿ ਮੌਜੂਦ ਸਨ। ਬੱਬੀ ਆਪਣੇ ਪਿੱਛੇ ਪਤਨੀ ਇੰਦੂ ਕੌਂਡਲ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ। ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਾਂਗਰਸ ਦੇ ਮੋਹਰੀ ਆਗੂ ਤੇ ਸਾਬਕਾ ਖ਼ਜ਼ਾਨਾ ਮੰਤਰੀ ਮਰਹੂਮ ਡਾ. ਕੇਵਲ ਕ੍ਰਿਸ਼ਨ ਦੇ ਪੁੱਤਰ ਰਜਨੀਸ਼ ਕੁਮਾਰ ਬੱਬੀ ਨੇ ਆਪਣੀ ਨੌਕਰੀ ਛੱਡ ਕੇ ਲੋਕ ਸੇਵਾ ਦਾ ਰਾਹ ਚੁਣਿਆ ਸੀ ਅਤੇ ਉਹ ਲਗਾਤਾਰ ਦੋ ਵਾਰ 2012 ਅਤੇ 2017 ਵਿੱਚ ਹਲਕੇ ਤੋਂ ਵਿਧਾਇਕ ਚੁਣੇ ਗਏ।
ਕੈਪਟਨ ਵਲੋਂ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਇਕ ਬੱਬੀ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, ”ਮੁਕੇਰੀਆਂ ਦੇ ਵਿਧਾਇਕ ਰਜਨੀਸ਼ ਕੁਮਾਰ ਬੱਬੀ ਦੀ ਮੌਤ ਦੀ ਖ਼ਬਰ ਸੁਣ ਕੇ ਡੂੰਘਾ ਸਦਮਾ ਲੱਗਿਆ। ਉਨ੍ਹਾਂ ਦੀ ਬੇਵਕਤੀ ਮੌਤ ਨਾਲ ਪੰਜਾਬ ਨੂੰ ਨਾ ਪੂਰਿਆ ਜਾ ਸਕਣ ਵਾਲਾ ਘਾਟਾ ਪਿਆ ਹੈ। ਇਸ ਦੁੱਖ ਦੀ ਘੜੀ ‘ਚ ਮੈਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਾ ਹੈ।” ਰਜਨੀਸ਼ ਦੇ ਦਿਹਾਂਤ ‘ਤੇ ਪੰਜਾਬ ਦੀ ਕੈਬਨਿਟ, ਵਿਧਾਇਕ, ਅਕਾਲੀ ਦਲ-ਭਾਜਪਾ ਤੇ ‘ਆਪ’ ਦੇ ਆਗੂਆਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ।

Check Also

ਪੰਜਾਬ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੌਕਰੀ ਛੱਡ ਕੇ ਕਾਂਗਰਸ ’ਚ ਹੋਏ ਸ਼ਾਮਲ

ਫਿਰੋਜ਼ਪੁਰ ਤੋਂ ਟਿਕਟ ਮਿਲਣ ਦੀ ਸੰਭਾਵਨਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ …