ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨਾ ਅਸਥਾਨ ਗੁਰਦੁਆਰਾ ਸ੍ਰੀ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਇਸ ਦੌਰਾਨ ਸ੍ਰੀ ਦਰਬਾਰ ਸਾਹਿਬ, ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਜਲੌਅ ਵੀ ਸਜਾਏ ਗਏ ਅਤੇ ਰਾਤ ਨੂੰ ਦੀਪਮਾਲਾ ਕੀਤੀ ਗਈ। ਪੁਰਾਤਨ ਰਵਾਇਤ ਅਨੁਸਾਰ ਨਗਰ ਕੀਰਤਨ ਦੀ ਆਰੰਭਤਾ ਸਮੇਂ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਵਨ ਸਰੂਪ ਆਪਣੇ ਸਿਰ ‘ਤੇ ਰੱਖ ਕੇ ਪਾਲਕੀ ਵਿਚ ਸੁਸ਼ੋਭਿਤ ਕੀਤਾ। ਇਸ ਦੌਰਾਨ ਨਗਾਰਿਆਂ, ਜੈਕਾਰਿਆਂ ਅਤੇ ਨਰਸਿੰਙਿਆਂ ਦੀ ਗੂੰਜ ਵਿਚ ਨਗਰ ਕੀਰਤਨ ਰਵਾਨਾ ਹੋਇਆ। ਨਗਰ ਕੀਰਤਨ ਵਾਲੇ ਰਸਤੇ ਵਿਚ ਵਿਸ਼ੇਸ਼ ਸਜਾਵਟ ਕੀਤੀ ਗਈ ਸੀ ਅਤੇ ਥਾਂ-ਥਾਂ ‘ਤੇ ਸੰਗਤਾਂ ਵੱਲੋਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਗਿਆਨੀ ਜਗਤਾਰ ਸਿੰਘ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਇਤਿਹਾਸ ‘ਤੇ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਵੱਲੋਂ 1604 ਈਸਵੀ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਪਾਦਨਾ ਉਪਰੰਤ ਬਾਬਾ ਬੁੱਢਾ ਜੀ ਅਤੇ ਸਿੱਖ ਸੰਗਤ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਇਸ ਅਸਥਾਨ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਕਾਸ਼ ਕਰਨ ਲਈ ਲਿਜਾਇਆ ਗਿਆ ਸੀ ਅਤੇ ਇਸੇ ਪਰੰਪਰਾ ਤਹਿਤ ਹਰ ਸਾਲ ਪ੍ਰਕਾਸ਼ ਪੁਰਬ ‘ਤੇ ਨਗਰ ਕੀਰਤਨ ਸਜਾਇਆ ਜਾਂਦਾ ਹੈ। ਉਨ੍ਹਾਂ ਨੇ ਪੰਜ ਪਿਆਰਿਆਂ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ। ਫੁੱਲਾਂ ਦੀ ਸਜਾਵਟ ਵੀ ਸੰਗਤ ਲਈ ਖਿੱਚ ਦਾ ਕੇਂਦਰ ਬਣੀ ਹੋਈ ਸੀ। ਸ੍ਰੀ ਦਰਬਾਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਵਿਖੇ ਦੀਪਮਾਲਾ ਵੀ ਕੀਤੀ ਗਈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …