ਪੰਜਾਬ ਦੇ ਮਾੜੇ ਹਾਲਾਤ ਤੋਂ ਚਿੰਤਤ ਲੋਕ ‘ਆਪ’ ਨਾਲ ਜੁੜਨ ਲੱਗੇ: ਸੰਜੇ ਸਿੰਘ
ਚੰਡੀਗੜ੍ਹ : ਹਾਕੀ ਓਲੰਪੀਅਨ ਤੇ ਪੰਜਾਬ ਪੁਲਿਸ ਵਿਚੋਂ ਆਈਜੀ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਅਰਜੁਨ ਐਵਾਰਡੀ ਸੁਰਿੰਦਰ ਸਿੰਘ ਸੋਢੀ ਅਤੇ ਸ਼ਹੀਦ ਭਗਤ ਸਿੰਘ ਦੀ ਭਾਣਜੀ ਗੁਰਜੀਤ ਕੌਰ ਢੱਡ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ ਹਨ। ‘ਆਪ’ ਦੇ ਕੌਮੀ ਬੁਲਾਰੇ ਤੇ ਪੰਜਾਬ ਇੰਚਾਰਜ ਸੰਜੇ ਸਿੰਘ ਅਤੇ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦੀ ਹਾਜ਼ਰੀ ਵਿੱਚ ਹਾਕੀ ਟੀਮ ਦੇ ਕਪਤਾਨ ਰਹੇ ਸੁਰਿੰਦਰ ਸੋਢੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।ਦੱਸਣਯੋਗ ਹੈ ਕਿ ਆਈਪੀਐਸ ਅਧਿਕਾਰੀ ਸੋਢੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਲਈ ਪੰਜਾਬ ਪੁਲਿਸ ਵਿੱਚੋਂ ਡੇਢ ਸਾਲ ਪਹਿਲਾਂ ਸੇਵਾਮੁਕਤੀ ਲਈ ਹੈ। ਉਹ ਆਈਜੀ ਦੇ ਅਹੁਦੇ ‘ਤੇ ਪੁੱਜਣ ਵਾਲੇ ਭਾਰਤੀ ਹਾਕੀ ਟੀਮ ਦੇ ਪਹਿਲੇ ਖਿਡਾਰੀ ਹਨ। ਅਰਜੁਨ ਐਵਾਰਡ ਅਤੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਸਮੇਤ ਕਈ ਮਾਣ-ਸਨਮਾਨ ਹਾਸਲ ਕਰ ਚੁੱਕੇ ਸੋਢੀ ਨੇ ਕਿਹਾ ਕਿ ਉਹ ਅਰਵਿੰਦ ਕੇਜਰੀਵਾਲ ਦੀ ਸ਼ਖ਼ਸੀਅਤ ਅਤੇ ਦੁਰਗੇਸ਼ ਪਾਠਕ ਤੇ ਸੰਜੇ ਸਿੰਘ ਦੀ ਪ੍ਰੇਰਨਾ ਨਾਲ ਪੰਜਾਬ ਦੀ ਸੇਵਾ ਕਰਨ ਲਈ ‘ਆਪ’ ਵਿੱਚ ਸ਼ਾਮਲ ਹੋਏ ਹਨ। ਇਸੇ ਮੌਕੇ ਸ਼ਹੀਦ ਭਗਤ ਸਿੰਘ ਦੀ ਭਾਣਜੀ ਗੁਰਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਹਰਭਜਨ ਸਿੰਘ ਢੱਡ ਨੇ ਵੀ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸੰਜੇ ਸਿੰਘ ਨੇ ਕਿਹਾ ਕਿ ਪੰਜਾਬ ਦੇ ਮਾੜੇ ਹਾਲਾਤ ਤੋਂ ਚਿੰਤਤ ਅਤੇ ਉਸਾਰੂ ਸੋਚ ਵਾਲੇ ਲੋਕ ‘ਆਪ’ ਵਿੱਚ ਸ਼ਾਮਲ ਹੋ ਕੇ ਇੱਥੋਂ ਦੇ ‘ਮਾਫ਼ੀਆ ਰਾਜ’ ਖਤਮ ਕਰਨਾ ਚਾਹੁੰਦੇ ਹਨ। ਇਸ ਮੌਕੇ ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਡੇਢ ਸਾਲ ਪਹਿਲਾਂ ਬਣਾਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਇੱਕ ਖਿਡਾਉਣਾ ਬਣ ਕੇ ਰਹਿ ਗਈ ਹੈ। ਇਸ ਟੀਮ ਨੇ ਜਿੱਥੇ ਇਸ ਮਾਮਲੇ ਦੇ ਕਸੂਰਵਾਰਾਂ ਨੂੰ ਅੱਜ ਤੱਕ ਤਲਬ ਨਹੀਂ ਕੀਤਾ, ਉਥੇ ਨਾ ਤਾਂ ਦਿੱਲੀ ਸਰਕਾਰ ਅਤੇ ਨਾ ਹੀ ਸੀਬੀਆਈ ਨਾਲ ਕੋਈ ਰਾਬਤਾ ਕੀਤਾ ਹੈ।
ਇਸ ਤੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਸਿੱਖਾਂ ਨੂੰ ਗੁੰਮਰਾਹ ਕਰ ਰਹੀ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਐਸਆਈਟੀ ਨੂੰ ਸਰਗਰਮ ਕਰਨ ਦੀ ਮੰਗ ਕੀਤੀ ਹੈ। ਇਸੇ ਦੌਰਾਨ ਆਗੂਆਂ ਨੇ ਕਿਹਾ ਕਿ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ਾਂ ਵਿੱਚ ਲੈਣ-ਦੇਣ ਅਤੇ ਨਾਜਾਇਜ਼ ਜਾਇਦਾਦ ਬਣਾਉਣ ਦੇ ਦੋਸ਼ਾਂ ਹੇਠ ਤਲਬ ਕਰਨ ਕਾਰਨ ਹੁਣ ਨੈਤਿਕਤਾ ਦੇ ਆਧਾਰ ‘ਤੇ ਕੈਪਟਨ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …