ਦੋਰਾਹਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਹਰਕੀਰਤ ਸਿੰਘ ਕੋਟਲੀ ਨਮਿਤ ਦੋਰਾਹਾ ਦੇ ਗੁਰੂ ਨਾਨਕ ਨੈਸ਼ਨਲ ਕਾਲਜ ਵਿਖੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ। ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਲਬੀਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ। ਅੰਤਿਮ ਅਰਦਾਸ ਉਪਰੰਤ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਬੇਅੰਤ ਸਿੰਘ ਦੇ ਪਰਿਵਾਰ ਦਾ ਦੇਸ਼ ਸੇਵਾ ਵਿਚ ਅਹਿਮ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਕੋਟਲੀ ਦੀ ਬੇਵਕਤੀ ਮੌਤ ਨਾਲ ਪਰਿਵਾਰ ਅਤੇ ਸਮਾਜ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਹਰੀਸ਼ ਚੌਧਰੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵੱਲੋਂ ਭੇਜੇ ਸ਼ੋਕ ਸੰਦੇਸ਼ ਪੜ੍ਹਦਿਆਂ ਕਿਹਾ ਕਿ ਬੇਅੰਤ ਸਿੰਘ ਦਾ ਪਰਿਵਾਰ ਕਾਂਗਰਸ ਪਾਰਟੀ ਦਾ ਆਪਣਾ ਪਰਿਵਾਰ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਡਾ: ਚਰਨਜੀਤ ਸਿੰਘ ਅਟਵਾਲ ਨੇ ਵਿਧਾਨ ਸਭਾ ਦੇ ਸਾਰੇ ਮੈਂਬਰਾਂ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੁੱਖ ਦੀ ਘੜੀ ਵਿਚ ਸਮੁੱਚੀ ਪੰਜਾਬ ਸਰਕਾਰ ਕੋਟਲੀ ਪਰਿਵਾਰ ਨਾਲ ਦੇ ਖੜ੍ਹੀ ਹੈ। ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਈ ਅਤੇ ਪਰਿਵਾਰ ਤਰਫ਼ੋ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ, ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਪ੍ਰਧਾਨ ਲਖਵੀਰ ਸਿੰਘ ਲੱਖਾ ਤੇ ਗੁਰਇਕਬਾਲ ਸਿੰਘ ਹਨੀ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਸਮੇਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਪ੍ਰਤਾਪ ਸਿੰਘ ਬਾਜਵਾ, ਲਾਲ ਸਿੰਘ, ਮਨਪ੍ਰੀਤ ਸਿੰਘ ਬਾਦਲ, ਪ੍ਰਨੀਤ ਕੌਰ, ਮੁੱਖ ਮੰਤਰੀ ਦੇ ਸਲਾਹਕਾਰ ਮਹੇਸ਼ਇੰਦਰ ਸਿੰਘ ਗਰੇਵਾਲ, ਮਨਿੰਦਰਜੀਤ ਬਿੱਟਾ, ਹੰਸ ਰਾਜ, ਮਹਿੰਦਰ ਸਿੰਘ ਕੇ ਪੀ, ਸੰਤੋਖ ਸਿੰਘ ਚੌਧਰੀ, ਚਰਨਜੀਤ ਸਿੰਘ ਚੰਨੀ, ਰਾਜਾ ਵੜਿੰਗ, ਬਲਵਿੰਦਰ ਸਿੰਘ ਬੈਂਸ, ਸੁਖਪਾਲ ਸਿੰਘ ਖਹਿਰਾ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਅਤੇ ਅਕਾਲੀ ਆਗੂ ਹਾਜ਼ਰ ਸਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …