Breaking News
Home / ਪੰਜਾਬ / ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ

ਪ੍ਰਕਾਸ਼ ਪੁਰਬ ਸਬੰਧੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦਾ ਫੈਸਲਾ

ਰਾਸ਼ਟਰਪਤੀ, ਉਪ ਰਾਸ਼ਟਰੀ ਅਤੇ ਪ੍ਰਧਾਨ ਮੰਤਰੀ ਨੂੰ ਵੀ ਸੱਦਿਆ ਜਾਵੇਗਾ
ਸੁਲਤਾਨਪੁਰ ਲੋਧੀ : ਪੰਜਾਬ ਮੰਤਰੀ ਮੰਡਲ ਨੇ ਇਥੇ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅਗਲੇ ਮਹੀਨੇ ਸੱਦਿਆ ਜਾਵੇਗਾ ਜਿਸ ਵਿੱਚ ਦੇਸ਼ ਦੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਵੀ ਸੱਦਣ ਦਾ ਫੈਸਲਾ ਕੀਤਾ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿੱਚ ਨਾਮੀਂ ਸਿੱਖ ਸ਼ਖ਼ਸੀਅਤਾਂ ਨੂੰ ਵੀ ਸੱਦਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ ਤੋਂ ਬਾਹਰ ਪੰਜਾਬ ਵਜ਼ਾਰਤ ਦੀ ਪਹਿਲੀ ਮੀਟਿੰਗ ਵਿੱਚ ਸ਼ਤਾਬਦੀ ਸਮਾਗਮ ਹੀ ਕੇਂਦਰੀ ਬਿੰਦੂ ਰਹੇ। ਇਹ ਫੈਸਲਾ ਵੀ ਕੀਤਾ ਗਿਆ ਕਿ 550ਵੇਂ ਪ੍ਰਕਾਸ਼ ਪੁਰਬ ਨੂੰ ਕੌਮੀ ਪੱਧਰ ‘ਤੇ ਵੀ ਮਨਾਉਣ ਵਾਸਤੇ ਪਾਰਲੀਮੈਂਟ ਦੇ ਦੋਹਾਂ ਸਦਨਾਂ ਦਾ ਸਾਂਝਾ ਸ਼ੈਸ਼ਨ ਬੁਲਾਉਣ ਬਾਰੇ ਵੀ ਕੇਂਦਰ ਸਰਕਾਰ ਤੋਂ ਮੰਗ ਕੀਤੀ ਜਾਵੇਗੀ। ਮੰਗ ਕੀਤੀ ਜਾਵੇਗੀ ਕਿ ਪਾਰਲੀਮੈਂਟ ਦੇ ਸਾਂਝੇ ਸੈਸ਼ਨ ਵਿੱਚ ਵੀ ਦੇਸ਼ ਦੀਆਂ ਕੌਮੀ ਸ਼ਖ਼ਸੀਅਤਾਂ ਅਤੇ ਸਿੱਖ ਸ਼ਖ਼ਸੀਅਤਾਂ ਨੂੰ ਸੱਦਿਆ ਜਾਵੇ ਅਤੇ ਇਸ ਸ਼ੈਸ਼ਨ ਨੂੰ ਦੇਸ਼ ਦੇ ਰਾਸ਼ਟਰਪਤੀ ਸੰਬੋਧਨ ਕਰਨ। ਮੰਤਰੀ ਮੰਡਲ ਦੀ ਮੀਟਿੰਗ ਪੌਣੇ ਤਿੰਨ ਘੰਟੇ ਦੇ ਕਰੀਬ ਚੱਲੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਨੇ ਚਾਰ ਪੇਸ਼ਕਾਰੀਆਂ ਕੈਬਨਿਟ ਸਾਹਮਣੇ ਪੇਸ਼ ਕੀਤੀਆਂ। ਪ੍ਰਕਾਸ਼ ਪੁਰਬ ਨਾਲ ਸਬੰਧਤ ਚੱਲਦੇ ਕੰਮਾਂ ਦੀ ਸਮੀਖਿਆ ਕਰਨ ਲਈ ਮੁੜ 10 ਅਕਤੂਬਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿੱਚ ਹੀ ਕਰਨ ਦਾ ਫੈਸਲਾ ਲਿਆ ਗਿਆ। ਸੁਲਤਾਨਪੁਰ ਲੋਧੀ ਨੂੰ ਸ਼ਤਾਬਦੀ ਸਮਾਗਮਾਂ ਦਾ ਤੋਹਫ਼ਾ ਦਿੰਦਿਆਂ ਮੰਤਰੀ ਮੰਡਲ ਨੇ ਇਥੇ ਸੁਪਰ ਸਪੈਸ਼ਲਿਟੀ ਹਸਪਤਾਲ ਬਣਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੋਂ ਗੁਰਦੁਆਰਾ ਸ੍ਰੀ ਸੰਤਘਾਟ ਤੱਕ ਇੱਕ ਕਿਲੋਮੀਟਰ ਲੰਬੀ ਨਵੀਂ ਸੜਕ ਦੇ ਨਿਰਮਾਣ ਲਈ 1 ਕਰੋੜ 24 ਲੱਖ ਰੁਪਏ ਮਨਜ਼ੂਰ ਕੀਤੇ ਹਨ। ਪੰਜਾਬ ਮੰਤਰੀ ਮੰਡਲ ਨੇ ਵਿਸ਼ੇਸ਼ ਕੇਸ ਵਜੋਂ ਡਿਊਟੀ ਦੌਰਾਨ ਮਾਰੀ ਅਧਿਕਾਰੀ ਨੇਹਾ ਸ਼ੋਰੀ ਦੇ ਕਾਨੂੰਨੀ ਵਾਰਸਾਂ ਨੂੰ ਲਗਪਗ 31 ਲੱਖ ਰੁਪਏ ਦੇ ਵਿੱਤੀ ਲਾਭ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …