Breaking News
Home / ਪੰਜਾਬ / ਬੇਅਦਬੀ ਮਾਮਲੇ ‘ਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਆਇਦ

ਬੇਅਦਬੀ ਮਾਮਲੇ ‘ਚ ਤਿੰਨ ਡੇਰਾ ਪ੍ਰੇਮੀਆਂ ਖਿਲਾਫ ਦੋਸ਼ ਆਇਦ

ਫ਼ਰੀਦਕੋਟ/ਬਿਊਰੋ ਨਿਊਜ਼
ਫਰੀਦਕੋਟ ਅਦਾਲਤ ਵਿਚ ਵਿਸ਼ੇਸ਼ ਜੱਜ ਹਰਬੰਸ ਸਿੰਘ ਲੇਖੀ ਨੇ ਬੇਅਦਬੀ ਕਾਂਡ ਨਾਲ ਸਬੰਧਤ ਕੇਸ ਦੀ ਸੁਣਵਾਈ ਕਰਦਿਆਂ ਤਿੰਨ ਡੇਰਾ ਪ੍ਰੇਮੀਆਂ ਖਿਲਾਫ਼ ਧਾਰਮਿਕ ਗ੍ਰੰਥ ਦੀ ਬੇਅਦਬੀ ਕਰਨ, ਦੰਗੇ ਭੜਕਾਉਣ ਅਤੇ ਅਸਲਾ ਐਕਟ ਤਹਿਤ ਦਰਜ ਕੇਸਾਂ ਵਿੱਚ ਦੋਸ਼ ਆਇਦ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਜਾਂਚ ਏਜੰਸੀ ਨੂੰ ਸਬੰਧਤ ਗਵਾਹ 9 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ। ਕੇਸ ਦੇ ਮੁੱਖ ਮੁਲਜ਼ਮ ਮਹਿੰਦਰਪਾਲ ਬਿੱਟੂ ਦੀ ਇਸੇ ਸਾਲ ਜੂਨ ਵਿੱਚ ਨਾਭਾ ਜੇਲ੍ਹ ਵਿੱਚ ਹੱਤਿਆ ਕਰ ਦਿੱਤੀ ਗਈ ਸੀ।
ਆਈਜੀ ਰਣਬੀਰ ਸਿੰਘ ਖਟੜਾ ਦੀ ਅਗਵਾਈ ਵਿੱਚ ਬਣੀ ਵਿਸ਼ੇਸ਼ ਜਾਂਚ ਟੀਮ (ਸਿਟ) ਨੇ ਦਾਅਵਾ ਕੀਤਾ ਸੀ ਕਿ ਡੇਰਾ ਪ੍ਰੇਮੀਆਂ ਮਹਿੰਦਰਪਾਲ ਬਿੱਟੂ, ਸ਼ਕਤੀ ਸਿੰਘ ਅਤੇ ਸੁਖਵਿੰਦਰ ਸਿੰਘ ਨੇ ਆਪਣੇ ਘਰਾਂ ਵਿੱਚ ਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਾਖੀਆਂ ਦੀ ਬੇਅਦਬੀ ਕੀਤੀ ਅਤੇ ਡੇਰਾ ਮੁਖੀ ਨੂੰ ਸਜ਼ਾ ਤੋਂ ਬਚਾਉਣ ਲਈ ਪੰਜਾਬ ਵਿੱਚ ਕਥਿਤ ਦੰਗੇ ਭੜਕਾਉਣ ਦੀ ਵੀ ਕੋਸ਼ਿਸ਼ ਕੀਤੀ। ਸੁਣਵਾਈ ਦੌਰਾਨ ਸ਼ਕਤੀ ਸਿੰਘ, ਸੁਖਵਿੰਦਰ ਸਿੰਘ ਅਤੇ ਮਹਿੰਦਰ ਕੁਮਾਰ ਅਦਾਲਤ ਵਿੱਚ ਹਾਜ਼ਰ ਸਨ। ਸਿਟ ਨੇ ਅਦਾਲਤ ਵਿੱਚ ਲਿਖਤੀ ਦਾਅਵਾ ਕੀਤਾ ਹੈ ਕਿ ਮਹਿੰਦਰਪਾਲ ਬਿੱਟੂ ਡੇਰੇ ਦਾ ਮੁੱਖ ਪੈਰੋਕਾਰ ਸੀ ਅਤੇ ਉਸ ਦੇ ਖਾਤੇ ਵਿੱਚ ਕਥਿਤ 5 ਕਰੋੜ ਰੁਪਏ ਦੀ ਨਗਦੀ ਆਈ ਸੀ। ਇਹ ਪੈਸਾ ਡੇਰਾ ਪ੍ਰੇਮੀਆਂ ਨੂੰ ਦੰਗੇ ਭੜਕਾਉਣ ਲਈ ਵੰਡਿਆ ਜਾਣਾ ਸੀ। ਡੇਰਾ ਪ੍ਰੇਮੀਆਂ ਨੇ ਦੱਸਿਆ ਕਿ ਦੋਸ਼ਪੱਤਰ ਸਿਆਸਤ ਤੋਂ ਪ੍ਰੇਰਿਤ ਅਤੇ ਗਲਤ ਹਨ।
ਕੇਸਾਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਬਾਰੇ ਪਟੀਸ਼ਨ : ਡੇਰਾ ਪ੍ਰੇਮੀਆਂ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਉਨ੍ਹਾਂ ਖਿਲਾਫ਼ ਦਰਜ ਸਾਰੇ ਕੇਸਾਂ ਨੂੰ ਪੰਜਾਬ ਤੋਂ ਬਾਹਰ ਕਿਸੇ ਹੋਰ ਸੂਬੇ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਖ਼ਦਸ਼ਾ ਜਤਾਇਆ ਕਿ ਅਦਾਲਤੀ ਪ੍ਰਕਿਰਿਆ ਨੂੰ ਅਸਰਅੰਦਾਜ਼ ਕੀਤਾ ਜਾ ਸਕਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜਾਂਚ ਏਜੰਸੀਆਂ ਨੂੰ ਨੋਟਿਸ ਜਾਰੀ ਕੀਤਾ ਹੋਇਆ ਹੈ।

Check Also

ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ

ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …