ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਤਭੇਦਾਂ ਦੀ ਗੱਲ ਨੂੰ ਮੁੱਢੋਂ ਨਕਾਰਿਆ
ਚੰਡੀਗੜ੍ਹ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਾਂਝੇ ਸਮਾਗਮਾਂ ਦੀਆਂ ਤਿਆਰੀਆਂ ਵਿਚ ਸੂਬਾ ਸਰਕਾਰ ਵੱਲੋਂ ਹਿੱਸਾ ਨਾ ਲੈਣ ਸਬੰਧੀ ਦਿੱਤੇ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਇਤਿਹਾਸਕ ਦਿਹਾੜੇ ਦੇ ਪ੍ਰੋਗਰਾਮਾਂ ਦੀ ਰੂਪ ਰੇਖਾ ਉਲੀਕਣ ਲਈ ਧਾਰਮਿਕ ਸੰਸਥਾਵਾਂ ਨਾਲ ਤਾਲਮੇਲ ਲਈ ਪਹਿਲਾਂ ਹੀ ਮੰਤਰੀਆਂ ਦੀ ਕਮੇਟੀ ਬਣਾਈ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਤੇ ਓ.ਪੀ. ਸੋਨੀ ਨੂੰ ਪਹਿਲਾਂ ਹੀ ਨਿਰਦੇਸ਼ ਦਿੱਤੇ ਹੋਏ ਹਨ ਕਿ ਉਹ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਸ਼੍ਰੋਮਣੀ ਕਮੇਟੀ ਨਾਲ ਸਾਰੇ ਮਾਮਲਿਆਂ ‘ਤੇ ਸਲਾਹ ਕਰਨ। ਕੈਪਟਨ ਨੇ ਕਿਹਾ ਕਿ ਸੂਬਾ ਸਰਕਾਰ ‘ਤੇ ਇਹ ਦੋਸ਼ ਲਾਉਣਾ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਾਂਝਾ ਸਮਾਗਮ ਕਰਨ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਾਂਝਾ ਸਮਾਗਮ ਕਰਵਾਉਣ ਵਿਚ ਦਿਲਚਸਪੀ ਨਹੀਂ ਦਿਖਾ ਰਹੀ, ਸਰਾਸਰ ਗ਼ਲਤ ਹੈ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸੂਬਾ ਸਰਕਾਰ ਨਾਲ ਇਸ ਇਤਿਹਾਸਕ ਦਿਹਾੜੇ ਨੂੰ ਸਾਂਝੇ ਮੰਚ ‘ਤੇ ਮਨਾਉਣ ਤੋਂ ਭੱਜ ਰਹੀ ਹੈ। ਮੁੱਖ ਮੰਤਰੀ ਨੇ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਉਹ ਚਾਹੁੰਦੇ ਹਨ ਕਿ ਅਜਿਹਾ ਇਤਿਹਾਸਕ ਦਿਹਾੜਾ ਸ਼੍ਰੋਮਣੀ ਕਮੇਟੀ ਨਾਲ ਸਾਂਝੇ ਤੌਰ ‘ਤੇ ਮਨਾਇਆ ਜਾਵੇ ਅਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵੀ ਇਸ ਮਾਮਲੇ ‘ਤੇ ਖੁੱਲ੍ਹੇ ਵਿਚਾਰ ਰੱਖਣ ਲਈ ਕਿਹਾ। ਕੈਪਟਨ ਨੇ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਸੱਦਾ ਦਿੰਦੇ ਹਨ ਕਿ ਅਗਲੇ ਦਿਨਾਂ ਵਿਚ ਸੱਦੀ ਜਾਣ ਵਾਲੀ ਸੂਬਾ ਪੱਧਰੀ ਪ੍ਰਬੰਧਕੀ ਕਮੇਟੀ ਦੀ ਮੀਟਿੰਗ ਵਿਚ ਸ਼ਾਮਲ ਹੋਣ ਤਾਂ ਜੋ ਆਪਸੀ ਗੱਲਬਾਤ ਨਾਲ ਸਾਰੇ ਮਾਮਲਿਆਂ ‘ਤੇ ਵਿਚਾਰ ਕੀਤਾ ਜਾ ਸਕੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਾਥ ਤੇ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਉਂਦਿਆਂ ਉਨ੍ਹਾਂ ਕਿਹਾ ਕਿ ਅਜਿਹੇ ਮੌਕੇ ਜ਼ਿੰਦਗੀ ਵਿਚ ਇਕ ਵਾਰ ਹੀ ਮਿਲਦੇ ਹਨ, ਜਿਸ ਕਾਰਨ ਸਾਨੂੰ ਰਲ-ਮਿਲ ਕੇ ਅਜਿਹੇ ਸੁਭਾਗੇ ਪਲ ਮਨਾਉਣੇ ਚਾਹੀਦੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਮਨਜਿੰਦਰ ਸਿੰਘ ਸਿਰਸਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸਾਂਝਾ ਸਮਾਗਮ ਕਰਨ ਲਈ ਯਤਨ ਨਾ ਕਰਨ ਦਾ ਠੀਕਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਸਿਰ ਭੰਨਣ ਦਾ ਜਵਾਬ ਦਿੰਦਿਆਂ ਆਖਿਆ ਕਿ ਅਸਲ ਵਿਚ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਕਰੀਬੀ ਇਸ ਇਤਿਹਾਸਕ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋ ਰਹੇ ਸਮਾਗਮਾਂ ਨੂੰ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਾਰ-ਵਾਰ ਅਪੀਲ ਕਰਨ, ਚਿੱਠੀਆਂ ਭੇਜਣ ਅਤੇ ਨਿੱਜੀ ਤੌਰ ‘ਤੇ ਮੁਲਾਕਾਤ ਕਰਨ ਦੇ ਬਾਵਜੂਦ ਕੈਪਟਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਮੈਂਬਰਾਂ ਦੇ ਨਾਂ ਨਹੀਂ ਭੇਜੇ ਅਤੇ ਚੁੱਪੀ ਧਾਰ ਰੱਖੀ। ਉਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਗ਼ਲਤ ਪਿਰਤ ਨਾ ਪਾਉਣ, ਜਿਸ ਨਾਲ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਨੂੰ ਚੁਣੌਤੀ ਮਿਲਦੀ ਹੋਵੇ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਲੀਹਾਂ ਤੋਂ ਉੱਪਰ ਉੱਠ ਕੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਅਨੁਸਾਰ ਤਾਲਮੇਲ ਕਮੇਟੀ ਲਈ ਦੋ ਅਧਿਕਾਰੀ ਨਾਮਜ਼ਦ ਕਰਨ ਅਤੇ ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ਦੀ ਸਫ਼ਲਤਾ ਲਈ ਸ਼੍ਰੋਮਣੀ ਕਮੇਟੀ, ਦਿੱਲੀ ਗੁਰਦੁਆਰਾ ਕਮੇਟੀ ਤੇ ਹੋਰ ਸਿੱਖ ਸੰਸਥਾਵਾਂ ਨੂੰ ਸਹਿਯੋਗ ਦੇਣ।
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ‘ਚ ਮਤਭੇਦ ਉਭਰੇ
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …