ਅੰਮ੍ਰਿਤਸਰ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਫਰਾਸ਼ ਦਾ ਤਬਾਦਲਾ ਕੀਤਾ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਮਾਛੀਵਾੜੇ ਤਬਦੀਲ ਕਰ ਦਿੱਤਾ ਗਿਆ ਹੈ। ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੱਚਖੰਡ ਹਰਿਮੰਦਰ ਸਾਹਿਬ ਦੇ ਅਰਦਾਸੀਏ ਸਿੰਘ ਵੱਲੋਂ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਅਰਦਾਸੀਏ ਸਿੰਘ ਵੱਲੋਂ ਪਹਿਲਾਂ ਸੁਖਬੀਰ ਬਾਦਲ ਨੂੰ ਵੀ ਸਿਰੋਪਾ ਦੇਣ ਤੋਂ ਇਨਕਾਰ ਕੀਤਾ ਜਾ ਚੁੱਕਾ ਹੈ। ਇਸ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵਿੱਚ ਕਾਫੀ ਹਲਚਲ ਪੈਦਾ ਹੋ ਗਈ ਸੀ। ਸ਼ਾਮ ਨੂੰ ਉਨ੍ਹਾਂ ਦਾ ਤਬਾਦਲਾ ਕਰ ਦਿੱਤਾ ਗਿਆ।
ਜਦੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਤਾਂ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀ ਵੀ ਮੌਜੂਦ ਸਨ। ਸੱਚਖੰਡ ਹਰਿਮੰਦਰ ਸਾਹਿਬ ਵਿੱਚ ਮੌਜੂਦ ਵਿਅਕਤੀ ਮੁਤਾਬਕ ਜਦੋਂ ਪ੍ਰਕਾਸ਼ ਸਿੰਘ ਬਾਦਲ ਨੇ ਮੱਥਾ ਟੇਕਿਆ ਤਾਂ ਇੱਕ ਅਧਿਕਾਰੀ ਵੱਲੋਂ ਅਰਦਾਸੀਏ ਬਲਬੀਰ ਸਿੰਘ ਫਰਾਸ਼ ਨੂੰ ਬਾਦਲ ਨੂੰ ਸਿਰੋਪਾ ਦੇਣ ਲਈ ਕਿਹਾ ਗਿਆ। ਅਰਦਾਸੀਆ ਬਲਬੀਰ ਸਿੰਘ ਸਿਰੋਪਾ ਦੇਣ ਦੀ ਥਾਂ ਗ੍ਰੰਥੀ ਸਿੰਘ ਕੋਲ ਚਲਾ ਗਿਆ। ਜਦੋਂ ਉਨ੍ਹਾਂ ਨੂੰ ਦੁਬਾਰਾ ਬੁਲਾ ਕੇ ਸਿਰੋਪਾ ਦੇਣ ਲਈ ਕਿਹਾ ਤਾਂ ਉਨ੍ਹਾਂ ਨੇ ਬਾਦਲ ਨੂੰ ਸਿਰਫ ਪਤਾਸਿਆਂ ਦਾ ਪ੍ਰਸ਼ਾਦ ਹੀ ਦਿੱਤਾ। ਇਸ ਮਗਰੋਂ ਬਾਦਲ ਬਿਨਾ ਸਿਰੋਪਾ ਲਏ ਹੀ ਹਰਿਮੰਦਰ ਸਾਹਿਬ ਤੋਂ ਬਾਹਰ ਆ ਗਏ।
ਜ਼ਿਕਰਯੋਗ ਹੈ ਕਿ ਅਰਦਾਸੀਏ ਬਲਬੀਰ ਸਿੰਘ ਫਰਾਸ਼ ਵੱਲੋਂ ਜਨਵਰੀ ਵਿੱਚ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਲਈ ਆਏ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਸਿਰੋਪਾ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ। ਉਸ ਵੇਲੇ ਬਲਬੀਰ ਸਿੰਘ ਵੱਲੋਂ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਪੰਜਾਬ ਵਿੱਚ ਹੋਈਆਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ਵਿੱਚ ਸਿੱਖਾਂ ਨੂੰ ਇਨਸਾਫ਼ ਨਾ ਮਿਲਣ ਕਰਕੇ ਉਨ੍ਹਾਂ ਅਜਿਹਾ ਕੀਤਾ ਸੀ। ਅਰਦਾਸੀਏ ਵੱਲੋਂ ਸਿਰੋਪਾ ਨਾ ਦੇਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ‘ਤੇ ਕੋਈ ਕਾਰਵਾਈ ਇਸ ਲਈ ਨਹੀਂ ਕੀਤੀ ਗਈ ਸੀ ਕਿਉਂਕਿ ਸਰਕਾਰ ਤੋਂ ਨਾਰਾਜ਼ ਪੰਥ ਵੱਲੋਂ ਸ਼੍ਰੋਮਣੀ ਕਮੇਟੀ ਦਾ ਵਿਰੋਧ ਕੀਤਾ ਜਾ ਸਕਦਾ ਸੀ।
ਫਾਰਗ ਪੰਜ ਪਿਆਰਿਆਂ ਵੱਲੋਂ ਅਰਦਾਸੀਏ ਦੇ ਸਨਮਾਨ ਦਾ ਐਲਾਨ
ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਪੰਜ ਪਿਆਰਿਆਂ ਨੇ ਕਿਹਾ ਕਿ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿੱਚ ਸਰਕਾਰ ਵੱਲੋਂ ਕਾਰਵਾਈ ਨਾ ਕੀਤੇ ਜਾਣ ਦਾ ਰੋਸ ਲੋਕਾਂ ਵਿਚ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਭਾਈ ਬਲਬੀਰ ਸਿੰਘ ਦਾ ਸਨਮਾਨ ਕੀਤਾ ਜਾਵੇਗਾ।
ਮੈਨੂੰ ਸਿਰੋਪਾਓ ਦਿੱਤਾ ਸੀ, ਕਿਸੇ ਨੇ ਨਾਂਹ ਨਹੀਂ ਕੀਤੀ : ਬਾਦਲ
ਲੰਬੀ : ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਮੌਕੇ ਉਨ੍ਹਾਂ ਨੂੰ ਸਿਰੋਪਾਓ ਬਖਸ਼ਿਸ਼ ਕੀਤਾ ਸੀ ਅਤੇ ਕਿਸੇ ਨੇ ਸਿਰੋਪਾਓ ਦੇਣ ਤੋਂ ਇਨਕਾਰ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਅੰਮ੍ਰਿਤਸਰ ਫੇਰੀ ਮੌਕੇ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਮ ਸ਼ਰਧਾਲੂ ਵਜੋਂ ਨਤਮਸਤਕ ਹੁੰਦੇ ਹਨ ਨਾ ਕਿ ਸਿਰੋਪਾਓ ਲੈਣ ਲਈ। ਉਹ ਪਿੰਡ ਵਣਵਾਲਾ ਅਨੂੰਕਾ ਵਿੱਚ ਸੰਗਤ ਦਰਸ਼ਨ ਮੌਕੇ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ਼ਾਂਤੀ ਭੰਗ ਕਰਨ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਸਰਕਾਰ ਵੱਲੋਂ ਸੂਬੇ ਵਿੱਚ ਹਰੇਕ ਘਟਨਾ ‘ਤੇ ਚੌਕਸੀ ਰੱਖੀ ਜਾ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਢੱਡਰੀਆਂ ਵਾਲਿਆਂ ਦੇ ਕੇਸ ਸਬੰਧੀ ਆਖਿਆ ਕਿ ਸਰਕਾਰ ਇਸ ਸਮੁੱਚੇ ਮਾਮਲੇ ਦੀ ਜਾਂਚ ਲਈ ਸਮਰੱਥ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਪ੍ਰਤੀ ਅਪਣਾਏ ਜਾ ਰਹੇ ਵਿਰੋਧੀ ਰਵੱਈਏ ਦਾ ਮਾਮਲਾ ਉਹ ਰਾਜਸਥਾਨ ਦੀ ਮੁੱਖ ਮੰਤਰੀ ਕੋਲ ਉਠਾਉਣਗੇ ਤੇ ਛੇਤੀ ਹੱਲ ਕਰਨ ਦੀ ਮੰਗ ਕਰਨਗੇ।
Check Also
ਮਾਘੀ ਮੇਲੇ ਮੌਕੇ ਸਿਆਸੀ ਕਾਨਫਰੰਸ ਦੌਰਾਨ ਬਾਗੀਆਂ ’ਤੇ ਖੂਬ ਵਰ੍ਹੇ ਸੁਖਬੀਰ ਸਿੰਘ ਬਾਦਲ
ਪ੍ਰਕਾਸ਼ ਸਿੰਘ ਬਾਦਲ ਨੂੰ ਫਖਰ ਏ ਕੌਮ ਪੁਰਸਕਾਰ ਵਾਪਸ ਦੇਣ ਦੀ ਕੀਤੀ ਗਈ ਅਪੀਲ ਸ੍ਰੀ …