ਕੋਤਾਹੀ ਕਰਨ ਵਾਲੇ ਦੋ ਜੇਲ੍ਹ ਕਰਮਚਾਰੀ ਕੀਤੇ ਮੁਅੱਤਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਸਵੇਰੇ ਰੋਪੜ ਅਤੇ ਹੁਸ਼ਿਆਰਪੁਰ ਦੀ ਜੇਲ੍ਹ ਦੀ ਅਚਾਨਕ ਚੈਕਿੰਗ ਕਰ ਲਈ। ਇਸ ਚੈਕਿੰਗ ਦੌਰਾਨ 3 ਜੇਲ੍ਹ ਕਰਮਚਾਰੀਆਂ ਨੂੰ ਨਿਯਮਾਂ ਦੇ ਉਲਟ ਮੋਬਾਇਲ ਫੋਨਾਂ ਦੀ ਵਰਤੋਂ ਕਰਦਿਆਂ ਫੜਿਆ ਗਿਆ। ਜੇਲ੍ਹ ਮੰਤਰੀ ਦੇ ਨਿਰਦੇਸ਼ਾਂ ‘ਤੇ ਵਿਭਾਗ ਵਲੋਂ ਮੋਬਾਇਲ ਦੀ ਵਰਤੋਂ ਕਰਦੇ ਫੜੇ ਗਏ ਦੋ ਕਰਮਚਾਰੀ ਮੁਅੱਤਲ ਕਰ ਦਿੱਤੇ ਅਤੇ ਤੀਜੇ ਕਰਮਚਾਰੀ ਖਿਲਾਫ ਵੀ ਵਿਭਾਗੀ ਕਾਰਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜ਼ਮੀਨੀ ਹਕੀਕਤਾਂ ਦੇਖਣ ਲਈ ਅੱਜ ਸਵੇਰੇ 7 ਵਜੇ ਹੀ ਰੋਪੜ ਦੀ ਜੇਲ੍ਹ ਪਹੁੰਚ ਗਏ। ਇਸ ਦੌਰਾਨ ਹੈਡ ਕਾਂਸਟੇਬਲ ਪਰਗਟ ਸਿੰਘ ਅਤੇ ਵਾਰਡਰ ਸਤਵਿੰਦਰਪਾਲ ਸਿੰਘ ਮੋਬਾਇਲ ਦੀ ਵਰਤੋਂ ਕਰਦੇ ਫੜੇ ਗਏ। ਇਸ ਤੋਂ ਬਾਅਦ 9 ਵਜੇ ਦੇ ਕਰੀਬ ਰੰਧਾਵਾ ਹੁਸ਼ਿਆਰਪੁਰ ਦੀ ਜੇਲ੍ਹ ਪਹੁੰਚ ਗਏ, ਜਿੱਥੇ ਵਾਰਡਰ ਬੁੱਧ ਸਿੰਘ ਨੂੰ ਮੋਬਾਇਲ ਦੀ ਵਰਤੋਂ ਕਰਦੇ ਫੜਿਆ ਗਿਆ। ਇਸ ਤੋਂ ਬਾਅਦ ਰੰਧਾਵਾ ਨੇ ਕਿਹਾ ਕਿ ਜੇਲ੍ਹਾਂ ਦੀ ਸੁਰੱਖਿਆ ਵਿਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸਤ ਨਹੀਂ ਕੀਤਾ ਜਾਵੇਗਾ।
Check Also
ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ
ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।