Breaking News
Home / ਹਫ਼ਤਾਵਾਰੀ ਫੇਰੀ / ਭਾਰਤ ਸਰਕਾਰ ਨੇ 312 ਨਾਮ ਕਾਲੀ ਸੂਚੀ ‘ਚੋਂ ਹਟਾਏ

ਭਾਰਤ ਸਰਕਾਰ ਨੇ 312 ਨਾਮ ਕਾਲੀ ਸੂਚੀ ‘ਚੋਂ ਹਟਾਏ

ਵਿਛੜਿਆਂ ਨੂੰ ਜੜਾਂ ਨਾਲ ਜੋੜਨ ਦੀ ਕੋਸ਼ਿਸ਼, ਬਲੈਕ ਲਿਸਟ ‘ਚ ਬਸ ਰਹਿ ਗਏ ਦੋ ਨਾਂ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 312 ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਮ ਕਾਲੀ ਸੂਚੀ ਵਿਚੋਂ ਹਟਾ ਦਿੱਤੇ ਹਨ। ਹੁਣ ਇਸ ਸੂਚੀ ਵਿੱਚ ਸਿਰਫ ਦੋ ਨਾਮ ਬਚੇ ਹਨ। ਵੱਖ-ਵੱਖ ਸੁਰੱਖਿਆ ਏਜੰਸੀਆਂ ਵਲੋਂ ਵਿਦੇਸ਼ੀ ਸਿੱਖ ਨਾਗਰਿਕਾਂ ਦੇ ਨਾਵਾਂ ਵਾਲੀ ਕਾਲੀ ਸੂਚੀ ਦੀ ਸਮੀਖਿਆ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ।
ਕੇਂਦਰ ਸਰਕਾਰ ਨੇ ਵੱਖ-ਵੱਖ ਦੇਸ਼ਾਂ ਵਿੱਚ ਸਬੰਧਤ ਭਾਰਤੀ ਮਿਸ਼ਨਾਂ ਵੱਲੋਂ ਸਥਾਨਕ ਪੱਧਰ ‘ਤੇ ਅਜਿਹੀਆਂ ਸੂਚੀਆਂ ਦੇ ਰੱਖ-ਰਖਾਵ ਦੇ ਅਮਲ ਨੂੰ ਵੀ ਬੰਦ ਕਰ ਦਿੱਤਾ ਹੈ। ਇਕ ਸਰਕਾਰੀ ਅਧਿਕਾਰੀ ਨੇ ਦੱਸਿਆ, ”ਭਾਰਤ ਸਰਕਾਰ ਨੇ ਸਿੱਖ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ 314 ਵਿਦੇਸ਼ੀ ਨਾਗਰਿਕਾਂ ਦੇ ਨਾਵਾਂ ਵਾਲੀ ਕਾਲੀ ਸੂਚੀ ਦੀ ਸਮੀਖਿਆ ਕੀਤੀ ਅਤੇ ਹੁਣ ਇਸ ਸੂਚੀ ਵਿੱਚ ਸਿਰਫ਼ ਦੋ ਨਾਮ ਬਚੇ ਹਨ।” ਇਸ ਕਾਲੀ ਸੂਚੀ ਵਿਚੋਂ ਜਿਹੜੇ ਵਿਅਕਤੀਆਂ ਦੇ ਨਾਮ ਹਟਾਏ ਗਏ ਹਨ, ਉਹ ਹੁਣ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਆ ਸਕਦੇ ਹਨ ਅਤੇ ਆਪਣੀਆਂ ਜੜ੍ਹਾਂ ਨਾਲ ਮੁੜ ਜੁੜ ਸਕਦੇ ਹਨ। ਅਧਿਕਾਰੀ ਨੇ ਦੱਸਿਆ ਕਿ ਸਮੀਖਿਆ ਲਗਾਤਾਰ ਚੱਲਣ ਵਾਲੀ ਪ੍ਰਕਿਰਿਆ ਹੈ। ਅਜਿਹੀ ਸਮੀਖਿਆ ਵਿਦੇਸ਼ੀ ਸਿੱਖ ਨਾਗਰਿਕਾਂ ਨੂੰ ਭਾਰਤ ਆਉਣ ਦਾ ਮੌਕਾ ਪ੍ਰਦਾਨ ਕਰੇਗੀ। ਇਸ ਨਾਲ ਉਹ ਆਪਣੇ ਪਰਿਵਾਰ ਦੇ ਜੀਆਂ ਨੂੰ ਮਿਲ ਸਕਣਗੇ ਅਤੇ ਆਪਣੀ ਮਿੱਟੀ ਨਾਲ ਮੁੜ ਜੁੜ ਸਕਣਗੇ। ਦੱਸਿਆ ਗਿਆ ਕਿ 2016 ਤੱਕ ਕਾਲੀ ਸੂਚੀ ਵਿੱਚ ਜਿਹੜੇ ਨਾਮ ਰੱਖੇ ਗਏ ਸਨ ਉਹ ਭਾਰਤੀ ਵੀਜ਼ਾ ਹਾਸਲ ਕਰਨ ਦੇ ਯੋਗ ਨਹੀਂ ਸਨ। ਇੱਕ ਹੋਰ ਅਧਿਕਾਰੀ ਨੇ ਦੱਸਿਆ ਕਿ ਹੁਣ ਇਹ ਪ੍ਰਕਿਰਿਆ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਵਿਦੇਸ਼ ਵਿੱਚ ਸਾਰੇ ਭਾਰਤੀ ਮਿਸ਼ਨਾਂ/ਪੋਸਟਾਂ ਨੂੰ ਸਲਾਹ ਦਿੱਤੀ ਗਈ ਹੈ ਕਿ ਜਿਹੜੇ ਨਾਮ ਸੂਚੀ ਵਿੱਚ ਸ਼ਾਮਲ ਨਹੀਂ ਸਨ ਅਤੇ ਜਿਨ੍ਹਾਂ ਨੇ ਵਿਦੇਸ਼ਾਂ ਵਿੱਚ ਸ਼ਰਨ ਲਈ ਹੋਈ ਸੀ, ਅਜਿਹੇ ਸਾਰੇ ਵਰਗਾਂ ਦੇ ਵਿਅਕਤੀਆਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਢੁਕਵਾਂ ਵੀਜ਼ਾ ਮੁਹੱਈਆ ਕਰਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸ਼ਰਨ ਲੈਣ ਵਾਲੇ ਸਾਰੇ ਵਰਗਾਂ ਦੇ ਵਿਅਕਤੀ, ਜੋ ਲੰਬੇ ਸਮੇਂ ਦਾ ਵੀਜ਼ਾ ਲੈਣ ਦੇ ਯੋਗ ਹੋਣਗੇ, ਉਹ ਓਵਰਸੀਜ਼ ਸਿਟੀਜ਼ਨ ਆਫ ਇੰਡੀਆ ਦਾ ਕਾਰਡ ਲੈਣ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਸ਼੍ਰੋਮਣੀ ਕਮੇਟੀ ਵਲੋਂ ਸਵਾਗਤ : ਅੰਮ੍ਰਿਤਸਰ : ਕੇਂਦਰ ਸਰਕਾਰ ਵਲੋਂ ਕਾਲੀ ਸੂਚੀ ਵਿਚੋਂ 312 ਸਿੱਖਾਂ ਦੇ ਨਾਂ ਹਟਾਉਣ ਦੇ ਫ਼ੈਸਲੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਵਾਗਤ ਕਰਦਿਆਂ ਆਖਿਆ ਹੈ ਕਿ ਇਸ ਨਾਲ ਲੰਮੇ ਸਮੇਂ ਤੋਂ ਵਿਦੇਸ਼ਾਂ ਵਿਚ ਰਹਿ ਰਹੇ ਸਿੱਖਾਂ ਲਈ ਆਪਣੇ ਘਰ ਪਰਤਣ ਵਾਸਤੇ ਰਾਹ ਪੱਧਰਾ ਹੋ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰ ਸਰਕਾਰ ਵਲੋਂ ਕਾਲੀ ਸੂਚੀ ਵਿੱਚੋਂ 312 ਸਿੱਖਾਂ ਦੇ ਨਾਂ ਬਾਹਰ ਕੱਢਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਹੈ।
ਹਰ ਸਿੱਖ ਨੂੰ ਪੰਜਾਬ ਆਉਣ ਦਾ ਪੂਰਾ ਹੱਕ : ਕੈਪਟਨ : ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਸਿੱਖਾਂ ਦੀ ਵਿਵਾਦਿਤ ਕਾਲੀ ਸੂਚੀ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਕਾਲੀ ਸੂਚੀ ਸਿੱਖ ਭਾਈਚਾਰੇ ਪ੍ਰਤੀ ਪੱਖਪਾਤ ਸੀ ਅਤੇ ਇਸ ਨੂੰ ਰੱਦ ਕਰਨ ਦਾ ਫ਼ੈਸਲਾ ਭਾਰਤ ਸਰਕਾਰ ਨੇ ਸੂਬਾ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਅਤੇ ਮੰਗ ਦੇ ਸਿੱਟੇ ਵਜੋਂ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਸਿੱਖ ਹੁਣ ਭਾਰਤ ਵਿੱਚ ਆਪਣੇ ਪਰਿਵਾਰਾਂ ਨੂੰ ਮਿਲਣ ਲਈ ਯੋਗ ਵੀਜ਼ਾ ਸੇਵਾਵਾਂ ਹਾਸਲ ਕਰਨ ਦੇ ਯੋਗ ਹੋਣਗੇ ਅਤੇ ਆਪਣੀਆਂ ਜੜ੍ਹਾਂ ਨਾਲ ਜੁੜ ਸਕਣਗੇ। ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਸਿੱਖ ਨੂੰ ਪੰਜਾਬ ਆਉਣ ਅਤੇ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਦਾ ਪੂਰਾ ਅਧਿਕਾਰ ਹੈ।

Check Also

ਇਕੋ ਦਿਨ ਜਲੰਧਰ ‘ਚੋਂ ਉਡ ਗਈਆਂ ‘ਆਪ’ ਦੀਆਂ ਦੋ ਤਿਤਲੀਆਂ

ਚੰਦ ਦਿਨਾਂ ‘ਚ ਚੁਣੇ ਹੋਏ ਤਿੰਨ ਸੰਸਦ ਮੈਂਬਰਾਂ ਨੇ ਦਲ ਬਦਲ ਕੇ ਭਾਜਪਾ ‘ਚ ਕੀਤੀ …