ਕੈਪਟਨ ਅਮਰਿੰਦਰ ਨੇ ਵੀ ਨਵੀਨ ਪਟਨਾਇਕ ਨੂੰ ਲਿਖੀ ਚਿੱਠੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਉੜੀਸਾ ਦੇ ਜਗਨਨਾਥ ਪੁਰੀ ਸਥਿਤ ਗੁਰੂ ਨਾਨਕ ਦੇਵ ਨਾਲ ਸਬੰਧਤ ਇਕ ਅਸਥਾਨ ਨੂੰ ਢਾਹੇ ਜਾਣ ਦੀਆਂ ਖ਼ਬਰਾਂ ਮਗਰੋਂ ਅਸਲੀਅਤ ਦਾ ਪਤਾ ਲਾਉਣ ਵਾਸਤੇ ਸ਼੍ਰੋਮਣੀ ਕਮੇਟੀ ਨੇ ਉੱਥੇ ਵਫ਼ਦ ਭੇਜਣ ਦਾ ਫ਼ੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਜਗਨਨਾਥ ਪੁਰੀ ਮੰਦਰ ਦੇ ਆਲੇ ਦੁਆਲੇ ਨੂੰ ਸੁੰਦਰ ਬਣਾਉਣ ਲਈ ਕੁਝ ਇਮਾਰਤਾਂ ਦਾ ਕਬਜ਼ਾ ਲਿਆ ਗਿਆ ਹੈ ਅਤੇ ਕੁਝ ਢਾਹ ਦਿੱਤੀਆਂ ਗਈਆਂ ਹਨ। ਇਸ ਸਬੰਧੀ ਖ਼ਬਰਾਂ ਪ੍ਰਕਾਸ਼ਿਤ ਹੋਈਆਂ ਹਨ, ਜਿਨ੍ਹਾਂ ਵਿਚ ਇਕ ਮੱਠ ਗੁਰੂ ਨਾਨਕ ਦੇਵ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ, ਜਿਸ ਦੀ ਇਮਾਰਤ ਵੀ ਢਾਹ ਦਿੱਤੀ ਗਈ ਹੈ। ਇਸ ਮਾਮਲੇ ਦਾ ਪਤਾ ਲਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ ਜਲਦੀ ਇਕ ਵਫ਼ਦ ਉੱਥੇ ਭੇਜਿਆ ਜਾ ਰਿਹਾ ਹੈ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਪੱਤਰ ਭੇਜ ਕੇ ਜਗਨਨਾਥ ਮੰਦਰ ਨੇੜੇ ਗੁਰੂ ਨਾਨਕ ਦੇਵ ਦੇ ਆਰਤੀ ਉਚਾਰਨ ਵਾਲੇ ਅਸਥਾਨ ਨੂੰ ਢਾਹੁਣ ਦਾ ਵਿਰੋਧ ਕੀਤਾ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੜੀਸਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਪੁਰੀ ‘ਚ ਇਤਿਹਾਸਕ ਮੱਠ ਢਾਹੁਣ ਸਬੰਧੀ ਆਪਣੀ ਸਰਕਾਰ ਦਾ ਫ਼ੈਸਲਾ ਵਾਪਸ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਜਦੋਂ ਪੂਰੀ ਦੁਨੀਆਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਦੀਆਂ ਤਿਆਰੀਆਂ ਕਰ ਰਹੀ ਹੈ ਤਾਂ ਉੜੀਸਾ ਸਰਕਾਰ ਇਸ ਇਤਿਹਾਸਕ ਮੱਠ ਨੂੰ ਢਾਹੁਣ ਲੱਗੀ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …