Breaking News
Home / ਹਫ਼ਤਾਵਾਰੀ ਫੇਰੀ / ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜਥੇ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਹਿਲੇ ਜਥੇ ਨੂੰ ਰਵਾਨਾ ਕਰਨਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਖੁੱਲ੍ਹੇ ਦਰਸ਼ਨ ਦੀਦਾਰ 9 ਨਵੰਬਰ ਨੂੰ…
ਸ਼ਰਧਾਲੂਆਂ ਦੇ ਪਹਿਲੇ ਜਥੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਾਣਗੇ 117 ਵਿਧਾਇਕ, 13 ਲੋਕ ਸਭਾ ਮੈਂਬਰ ਤੇ ਸ਼੍ਰੋਮਣੀ ਕਮੇਟੀ ਮੈਂਬਰ
ਚੰਡੀਗੜ੍ਹ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਉਂਦੀ 9 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਰੋਹਾਂ ਵਿੱਚ ਭਾਗ ਲੈਣ ਲਈ ਪੰਜਾਬ ਆਉਣਗੇ। ਪ੍ਰਧਾਨ ਮੰਤਰੀ ਪਹਿਲਾਂ ਸੁਲਤਾਨਪੁਰੀ ਲੋਧੀ ਤੇ ਫਿਰ ਡੇਰਾ ਬਾਬਾ ਨਾਨਕ ਜਾਣਗੇ। ਧਿਆਨ ਰਹੇ ਕਿ ਇਨ੍ਹਾਂ ਦੋਵਾਂ ਸਥਾਨਾਂ ਉੱਤੇ ਵਿਸ਼ੇਸ਼ ਸਮਾਰੋਹ ਰੱਖੇ ਗਏ ਹਨ।
ਮੋਦੀ 9 ਨਵੰਬਰ ਨੂੰ ਡੇਰਾ ਬਾਬਾ ਨਾਨਕ ਵਿਖੇ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਦੇ ਪਹਿਲੇ ਵਫਦ ਨੂੰ ਝੰਡੀ ਵਿਖਾ ਕੇ ਰਵਾਨਾ ਕਰਨਗੇ। ਇਸ ਸਬੰਧੀ ਜਾਣਕਾਰੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਕ ਟਵੀਟ ਰਾਹੀਂ ਦਿੱਤੀ ਹੈ।
ਇਹ ਵੀ ਜਾਣਕਾਰੀ ਮਿਲੀ ਹੈ ਕਿ ਇਸ ਪਹਿਲੇ ਵਫਦ ਦੀ ਅਗਵਾਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਵਫਦ ਵਿਚ ਪੰਜਾਬ ਦੇ 117 ਵਿਧਾਇਕ, ਲੋਕ ਸਭਾ ਮੈਂਬਰ, ਰਾਜ ਸਭਾ ਮੈਂਬਰ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਹੋਰ ਸੰਤ ਸਮਾਜ ਦੇ ਆਗੂ ਸ਼ਾਮਲ ਹੋਣਗੇ। ਜ਼ਿਕਰਯੋਗ ਹੈ ਕਿ ਇਸ ਦੌਰਾਨ ਕਰਤਾਰਪੁਰ ਲਾਂਘੇ ਅਤੇ ਡੇਰਾ ਬਾਬਾ ਨਾਨਕ ਵਿਚ ਚੈਕ ਪੋਸਟ ਉਪਰ 300 ਮੀਟਰ ਉਚਾ ਪੋਲ ਲਗਾ ਕੇ ਉਸ ‘ਤੇ 30 ਫੁੱਟ ਲੰਬਾ ਅਤੇ 20 ਚੌੜਾ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਇਸ ਸਬੰਧੀ ਕੰਮ ਵੱਡੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਉਚੇ ਪੋਲ ਨੂੰ ਲਗਾਉਣ ਲਈ ਲੰਘੀ 20 ਸਤੰਬਰ ਨੂੰ ਨੀਂਹ ਪੱਥਰ ਰੱਖਿਆ ਗਿਆ ਸੀ। ਜਾਣਕਾਰੀ ਮਿਲੀ ਹੈ ਕਿ ਇਸ ਰਾਸ਼ਟਰੀ ਝੰਡੇ ਨੂੰ ਲਹਿਰਾਉਣ ਦੀ ਰਸਮ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਿਭਾਈ ਜਾਵੇਗੀ। ਇਹ ਰਸਮ ਉਸੇ ਦਿਨ 9 ਨਵੰਬਰ ਨੂੰ ਅਦਾ ਕੀਤੀ ਜਾ ਸਕਦੀ ਹੈ ਜਦੋਂ ਪ੍ਰਧਾਨ ਮੰਤਰੀ ਡੇਰਾ ਬਾਬਾ ਨਾਨਕ ਵਿਖੇ ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਹਿਲੇ ਜਥੇ ਨੂੰ ਰਵਾਨਾ ਕਰਨ ਲਈ ਪੰਜਾਬ ਆਉਣਗੇ। ਉਧਰ ਦੂਜੇ ਪਾਸੇ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਵਾਲੇ ਪਾਸੇ ਵੀ ਕੰਮ ਜ਼ੋਰਾਂ ‘ਤੇ ਚੱਲ ਰਿਹਾ ਹੈ। ਪਾਕਿ ਵਲੋਂ ਸਾਰਾ ਕੰਮ 30 ਅਕਤੂਬਰ ਤੱਕ ਮੁਕੰਮਲ ਕਰਨ ਦੀ ਗੱਲ ਕਹੀ ਗਈ ਹੈ।

Check Also

ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ

ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …