ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੱਖ-ਵੱਖ ਸੂਬਿਆਂ ਵਿਚਲੇ ਦਰਿਆਣੀ ਪਾਣੀਆਂ ਦੇ ਮੁੱਦਿਆਂ ਨੂੰ ਆਪਸੀ ਸਹਿਮਤੀ ਨਾਲ ਹੱਲ ਕਰਨ ਦੀ ਸਲਾਹ ਦਿੱਤੀ ਹੈ ਤਾਂ ਜੋ ਦੇਸ਼ ਦੇ ਸੰਘੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਕਿਹਾ ਕਿ ਦਰਿਆਈ ਪਾਣੀਆਂ ਦੇ ਮੁੱਦੇ ਲਈ ਰਾਜਾਂ ਨੂੰ ਖ਼ੁਦ ਅੱਗੇ ਆ ਕੇ ਹੱਲ ਲੱਭਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਮੂਹ ਰਾਜਾਂ ਨੂੰ ਪਾਣੀਆਂ ਦੇ ਲੰਮੇ ਸਮੇਂ ਤੋਂ ਬਕਾਇਆ ਪਏ ਮੁੱਦਿਆਂ ਨੂੰ ਸਿਆਸਤ ਤੋਂ ਉੱਪਰ ਉੱਠ ਕੇ ਹੱਲ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਤੇ ਹਰਿਆਣਾ ਵਿਚਾਲੇ ਚੱਲ ਰਹੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਹੱਲ ਕਰਨ ਲਈ ਪਹਿਲਾਂ ਤੋਂ ਸੰਜੀਦਾ ਹੈ ਅਤੇ ਇਸ ਲੜੀ ‘ਚ ਕਈ ਯਤਨ ਕੀਤੇ ਜਾ ਚੁੱਕੇ ਹਨ। ਉਂਜ ਮੀਟਿੰਗ ਦੌਰਾਨ ਫੈਸਲਾ ਹੋਇਆ ਕਿ ਸਬੰਧਤ ਰਾਜਾਂ ਦੇ ਮੁੱਖ ਮੰਤਰੀ ਅਤੇ ਅਧਿਕਾਰੀ ਕੇਂਦਰੀ ਪੱਧਰ ‘ਤੇ ਇਕੱਠੇ ਹੋ ਕੇ ਦਰਿਆਈ ਪਾਣੀਆਂ ਦੇ ਮਾਮਲੇ ਦਾ ਹੱਲ ਕੱਢਣ ਦਾ ਯਤਨ ਕਰਨਗੇ। ਸ਼ਾਹ ਇੱਥੇ ਹਰਿਆਣਾ ਸਰਕਾਰ ਵੱਲੋਂ ਵਿਉਂਤੀ ਉੱਤਰੀ ਖੇਤਰ ਪ੍ਰੀਸ਼ਦ ਦੀ 29ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਉੱਤਰੀ ਸੂਬਿਆਂ ਦੇ ਮੁੱਖ ਮੰਤਰੀਆਂ ਤੇ ਅਧਿਕਾਰੀਆਂ ਨੂੰ ਸੰਬੋਧਨ ਕਰ ਰਹੇ ਸਨ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪਾਣੀ ਦੇ ਮੁੱਦੇ ਉਪਰ ਆਪੋ-ਆਪਣੇ ਰਾਜਾਂ ਦਾ ਪੱਖ ਰੱਖਿਆ ਅਤੇ ਪਾਣੀ ਦੀ ਸਮੱਸਿਆ ਤੋਂ ਜਾਣੂ ਕਰਵਾਇਆ। ਸ਼ਾਹ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੇਂਦਰ ਸਰਕਾਰ, ਭਾਰਤੀ ਦੰਡ ਸੰਹਿਤਾ ਤੇ ਅਪਰਾਧਿਕ ਦੰਡ ਪ੍ਰਕਿਰਿਆ ਸੰਹਿਤਾ ਦੇ ਅੰਗਰੇਜ਼ਾਂ ਦੇ ਸਮੇਂ ਤੋਂ ਚੱਲੇ ਆ ਰਹੇ ਪੁਰਾਣੇ ਕਾਨੂੰਨਾਂ ਵਿੱਚ ਸੋਧ ਕਰਨ ਲਈ ਮਾੜਾ-ਮੋਟਾ ਬਦਲਾਅ ਕਰ ਰਹੀ ਹੈ। ਉਨ੍ਹਾਂ ਭਾਰਤੀ ਪੁਲਿਸ ਸੇਵਾ ਦੇ ਸੀਨੀਅਰ ਅਧਿਕਾਰੀਆਂ ਦੀ ਇਕ ਕਮੇਟੀ ਤੁਰੰਤ ਬਣਾਉਣ ਅਤੇ ਕੇਂਦਰ ਸਰਕਾਰ ਨੂੰ ਆਪਣੇ ਸੁਝਾਅ ਭੇਜਣ ਲਈ ਕਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਛੇਤੀ ਹੀ ਕੇਂਦਰੀ ਫੋਰੈਂਸਿਕ ਵਿਗਿਆਨ ਯੂਨੀਵਰਸਿਟੀ ਸਥਾਪਿਤ ਕਰਨ ਜਾ ਰਹੀ ਹੈ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …