Breaking News
Home / ਘਰ ਪਰਿਵਾਰ / ਸੜਕੀ ਨਿਯਮਾਂ ਦੀ ਪਾਲਣਾ

ਸੜਕੀ ਨਿਯਮਾਂ ਦੀ ਪਾਲਣਾ

ਗੋਬਿੰਦਰ ਸਿੰਘ ਬਰੜ੍ਹਵਾਲ
ਸੜਕ ਹਾਦਸੇ ਰੋਜਾਨਾ ਹੀ ਅਖਬਾਰਾਂ ਦੀਆਂ ਸੁਰਖੀਆਂ ਬਣਦੇ ਹਨ ਅਤੇ ਇਹਨਾਂ ਹਾਦਸਿਆਂ ਪਿੱਛੇ ਸਿੱਧੇ ਤੌਰ ਤੇ ਲੋਕਾਂ ਦੀ ਯਾਤਾਯਾਤ ਨਿਯਮਾਂ ਸੰਬੰਧੀ ਵਰਤੀ ਜਾਂਦੀ ਅਣਗਹਿਲੀ ਅਤੇ ਪ੍ਰਸ਼ਾਸਨ ਦੀ ਵਰਤੀ ਜਾਂਦੀ ਢਿੱਲ ਜਿੰਮੇਵਾਰ ਹੈ। ਪੰਜਾਬ ਵਿੱਚ ਸਿਰੋਂ ਨੰਗੇ ਲੋਕਾਂ ਨੂੰ ਦੋ-ਪਹੀਆ ਵਾਹਨਾਂ ਨੂੰ ਬਿਨ੍ਹਾਂ ਹੈਲਮੈੱਟ ਚਲਾਉਂਦੇ ਆਮ ਵੇਖਿਆ ਜਾਂਦਾ ਹੈ ਅਤੇ ਸੂਬੇ ਵਿੱਚ ਪੁਲਿਸ ਪ੍ਰਸ਼ਾਸਨ ਤਰਫੋਂ ਵੀ ਹੈਲਮੈੱਟ ਦਾ ਚਾਲਾਨ ਨਾ-ਮਾਤਰ ਹੀ ਹੁੰਦਾ ਹੈ। ਇਹ ਵੀ ਕੋਈ ਅੱਤਕੱਥਨੀ ਨਹੀਂ ਕਿ ਸੜਕਾਂ ਉੱਤੇ ਵਾਹਨਾਂ ਨੂੰ ਚਲਾ ਰਹੇ ਲੋਕ ਬਹੁਤੇ ਆਵਾਜਾਈ ਦੇ ਨਿਯਮਾਂ ਤੋਂ ਅਣਜਾਣ ਹੀ ਹੁੰਦੇ ਹਨ ਅਤੇ ਪਿੰਡਾਂ ਸ਼ਹਿਰਾਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਬੱਚੇ ਵੀ ਵਾਹਨ ਚਲਾਉਂਦੇ ਆਮ ਨਜਰੀਂ ਪੈ ਜਾਂਦੇ ਹਨ।
ਸੜਕੀ ਹਾਦਸਿਆਂ ਤੋਂ ਬਚਾਅ ਅਤੇ ਆਵਾਜਾਈ ਨੂੰ ਸੁਚਾਰੂ ਰੂਪ ਵਿੱਚ ਬਣਾਈ ਰੱਖਣ ਲਈ ਯਾਤਾਯਾਤ ਦੇ ਨਿਯਮ ਬਣਾਏ ਗਏ ਹਨ। ਇਹ ਨਿਯਮ ਹਰ ਵਿਅਕਤੀ ਦੁਆਰਾ ਪਾਲਣਾ ਕਰਨ ਲਈ ਹੁੰਦੇ ਹਨ ਜੋ ਸੜਕਾਂ ਤੇ ਚਲਦੇ ਹਨ ਅਤੇ ਟ੍ਰੈਫਿਕ ਦਾ ਹਿੱਸਾ ਬਣਦੇ ਹਨ। ਸੜਕੀ ਨਿਯਮਾਂ ਦੀ ਪਾਲਣਾ ਦੂਜਿਆਂ ਦੇ ਨਾਲ ਨਾਲ ਸਾਡੀ ਆਪਣੀ ਜਾਨ ਦੀ ਸੁਰੱਖਿਆ ਲਈ ਜਰੂਰੀ ਹੈ। ਸੜਕੀ ਨਿਯਮਾਂ ਨੂੰ ਅਣਗੋਲਿਆਂ ਕਰਨ ਤੇ ਆਪਣੀ ਜਾਨ ਦੇ ਨਾਲ ਨਾਲ ਦੂਜੇ ਵਿਅਕਤੀਆਂ ਲਈ ਵੀ ਅਸੀਂ ਖਤਰਾ ਬਣ ਜਾਂਦੇ ਹਾਂ।
ਸਰਦੀਆਂ ਦਾ ਸਮਾਂ ਚੱਲ ਰਿਹਾ ਹੈ ਅਤੇ ਧੁੰਦ ਕਾਰਨ ਵਿਜੀਵਿਲਿਟੀ ਉਂਝ ਹੀ ਘੱਟ ਹੋ ਜਾਂਦੀ ਹੈ ਸੋ ਆਵਾਯਾਈ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਜੋ ਸੁਰੱਖਿਅਤ ਸਫਰ ਕੀਤਾ ਜਾ ਸਕੇ। ਯਾਤਾਯਾਤ ਦੇ ਹੋਰ ਨਿਯਮਾਂ ਦੇ ਨਾਲ ਨਾਲ ਹਾਰਨਾਂ ਦੀ ਢੁੱਕਵੀਂ ਵਰਤੋਂ, ਗੱਡੀਆਂ ਵਿੱਚ ਸੀਟ ਬੈਲਟਾਂ ਦੀ ਵਰਤੋਂ, ਚੌਂਕਾਂ ਵਿੱਚ ਲੱਗੀਆਂ ਬੱਤੀਆਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਪੈਦਲ ਚੱਲਦੇ ਸਮੇਂ ਜੈਬਰਾ ਕਰਾਸਿੰਗ ਤੋਂ ਮੁੱਖ ਸੜਕਾਂ ਨੂੰ ਪਾਰ ਕਰਨਾ ਚਾਹੀਦਾ ਹੈ ਕਿਉਂਕਿ ਕਿਸੇ ਹੋਰ ਥਾਂ ਤੋਂ ਸੜਕ ਪਾਰ ਕਰਨਾ ਦੁਰਘਟਨਾ ਨੂੰ ਸਿੱਧਾ ਸੱਦਾ ਸਾਬਤ ਹੋ ਸਕਦੀ ਹੈ।
ਸਮਾਜ ਵਿੱਚ ਸਵੈ ਅਨੁਸ਼ਾਸਨ ਅਤੇ ਜਿੰਮੇਵਾਰ ਨਾਗਰਿਕਾਂ ਦੀ ਭਾਰੀ ਘਾਟ ਰੜਕਦੀ ਹੈ ਅਤੇ ਸੜਕੀ ਨਿਯਮਾਂ ਸੰਬੰਧੀ ਅਣਗਹਿਲੀ ਲੋਕਾਂ ਦੇ ਸੁਭਾਅ ਦਾ ਹਿੱਸਾ ਬਣ ਗਈ ਹੈ ਪਰੰਤੂ ਜਿੱਥੇ ਸਖਤੀ ਹੁੰਦੀ ਹੈ ਉੱਥੇ ਇਹ ਤੀਰ ਵਾਂਗੂੰ ਸਿੱਧੇ ਹੋ ਜਾਂਦੇ ਹਨ।
ਸੁਰੱਖਿਅਤ ਸਫਰ ਅਤੇ ਸੁਚੱਜੀ ਆਵਾਜਾਈ ਲਈ ਯਾਤਾਯਾਤ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਜਰੂਰੀ ਹੈ ਕਿ ਹੋਰ ਲੋੜੀਂਦੇ ਸੁਧਾਰਾਂ ਦੇ ਨਾਲ ਨਾਲ ਲੋਕਾਂ ਵਿੱਚ ਨਿਯਮ ਪਾਲਣਾਂ ਸੰਬੰਧੀ ਜਾਗਰੂਕਤਾ ਪੈਦਾ ਕੀਤੀ ਜਾਵੇ ਅਤੇ ਪ੍ਰਸ਼ਾਸਨ ਤਰਫੋਂ ਵਰਤੀ ਜਾਂਦੀ ਢਿੱਲ ਦੀ ਥਾਂ ਪੂਰੀ ਸਖਤੀ ਨੂੰ ਲਾਗੂ ਕੀਤਾ ਜਾਵੇ, ਇਹੀ ਸਮਾਜ ਅਤੇ ਲੋਕਾਂ ਦੇ ਹਿੱਤ ਵਿੱਚ ਹੈ।

Check Also

BREAST CANCER

What is Breast Cancer? : Breast cancer is one of the most prevalent types of …