Breaking News
Home / ਪੰਜਾਬ / 9 ਨਵੰਬਰ ਨੂੰ ਲਾਂਘਾ ਖੁੱਲ੍ਹਣ ਮੌਕੇ ਸਰਬ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

9 ਨਵੰਬਰ ਨੂੰ ਲਾਂਘਾ ਖੁੱਲ੍ਹਣ ਮੌਕੇ ਸਰਬ ਪਾਰਟੀ ਵਫਦ ਦੀ ਅਗਵਾਈ ਕਰਨਗੇ ਕੈਪਟਨ ਅਮਰਿੰਦਰ ਸਿੰਘ

ਵਫਦ ਵਿਚ ਪੰਜਾਬ ਦੇ ਸਾਰੇ ਵਿਧਾਇਕ, ਲੋਕ ਸਭਾ ਤੇ ਰਾਜ ਸਭਾ ਮੈਂਬਰ ਹੋਣਗੇ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼ : ਕੌਮਾਂਤਰੀ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਨੂੰ ਲਾਂਘਾ ਖੁੱਲ੍ਹਣ ਵਾਲੇ ਦਿਨ ਸਰਬ ਪਾਰਟੀ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਇਸ ਬਾਰੇ ਜਾਣਕਾਰੀ ਇੱਥੇ ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਮੌਕੇ ਦਿੱਤੀ ਗਈ। ਇਸ ਵਫ਼ਦ ਵਿਚ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਸਾਰੇ 117 ਵਿਧਾਇਕ, ਸੂਬੇ ਦੇ ਸਾਰੇ ਲੋਕ ਸਭਾ ਤੇ ਰਾਜ ਸਭਾ ਮੈਂਬਰ, ਸ਼੍ਰੋਮਣੀ ਕਮੇਟੀ ਮੈਂਬਰ, ਸੰਤ ਸਮਾਜ ਦੇ ਨੁਮਾਇੰਦੇ ਅਤੇ ਸੂਬੇ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਡੇਰਾ ਬਾਬਾ ਨਾਨਕ ਤੋਂ ਲਾਂਘੇ ਵੱਲ, ਪੁਰਾਣੇ ਗੁਰਦੁਆਰਾ ਸਾਹਿਬ ਵੱਲ ਨੂੰ ਜਾਣ ਵਾਲੇ ਮਾਰਗ ਦਾ ਨਾਂ ਕੁਲਦੀਪ ਸਿੰਘ ਵਡਾਲਾ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਵਿੱਤ ਮੰਤਰੀ ਨੂੰ ਕਿਹਾ ਕਿ ਸਮਾਗਮਾਂ ਨਾਲ ਸਬੰਧਤ ਸਾਰੇ ਪ੍ਰਾਜੈਕਟਾਂ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾਣ। ਵਿੱਤ ਕਮਿਸ਼ਨਰ (ਮਾਲ) ਨੂੰ ਭਲਕ ਤੱਕ ਬਜਟ ਨਿਸ਼ਚਿਤ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਮੁੱਖ ਸਕੱਤਰ ਨੂੰ ਵੀ ਹਦਾਇਤ ਕੀਤੀ ਕਿ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਤੇ ਬਟਾਲਾ ਵਿਚ ਹੋਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਕੇ ਪਹਿਲੀ ਅਕਤੂਬਰ ਤੋਂ ਪਹਿਲਾਂ ਜਨਤਕ ਕਰ ਦਿੱਤਾ ਜਾਵੇ। ਪ੍ਰਕਾਸ਼ ਪੁਰਬ ਸਮਾਗਮਾਂ ਬਾਰੇ ਆਡੀਓ-ਵਿਜ਼ੁਅਲ ਮੁਹਿੰਮ ਵਿੱਢਣ, ਸੂਚਨਾ ਹੈਂਡਬੁੱਕ ਤਿਆਰ ਕਰਨ ਬਾਰੇ ਵੀ ਕਿਹਾ ਗਿਆ ਹੈ। ਸਥਾਨਕ ਸਰਕਾਰਾਂ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਸਮਾਰਟ ਸਿਟੀ ਪ੍ਰਾਜੈਕਟ ਤਹਿਤ ਭਾਰਤ ਸਰਕਾਰ ਵੱਲੋਂ ਡੇਰਾ ਬਾਬਾ ਨਾਨਕ ਲਈ 271 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਮੀਟਿੰਗ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਉਚੇਰੀ ਸਿੱਖਿਆ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਚਾਲੀ ਏਕੜਾਂ ‘ਚ ਲੱਗੇਗਾ ਪੰਡਾਲ
ਬਟਾਲਾ : ਗੁਰੂ ਨਾਨਕ ਦੇਵ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਧਾਰਮਿਕ ਸਮਾਗਮ ਰਚਾਉਣ, ਸ਼ਰਧਾਲੂਆਂ ਦੀ ਰਿਹਾਇਸ਼ ਅਤੇ ਹੋਰ ਸੁਵਿਧਾਵਾਂ ਲਈ ਆਰਜ਼ੀ ਟੈਂਟ ਸਿਟੀ ਉਸਾਰਨ ਦਾ ਅਮਲ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਇਸ ਜ਼ਮੀਨ ਲਈ ਕਿਸਾਨਾਂ ਨੂੰ ਅਦਾਇਗੀ ਕਰੇਗੀ। ਟੈਂਟ ਸਿਟੀ ਲਈ ਚਾਰਦੀਵਾਰੀ ਦਾ ਕੰਮ ਵੀ ਸ਼ੁਰੂ ਹੋ ਗਿਆ ਹੈ। ਵੇਰਵਿਆਂ ਮੁਤਾਬਕ ਜਿਸ ਕਿਸਾਨ ਨੇ ਝੋਨਾ ਲਾਇਆ ਸੀ, ਉਸ ਨੂੰ ਪ੍ਰਤੀ ਏਕੜ 57 ਹਜ਼ਾਰ ਰੁਪਏ ਅਤੇ ਖਾਲੀ ਪਈ ਜ਼ਮੀਨ ਦੀ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਅਦਾਇਗੀ ਕੀਤੀ ਜਾਣੀ ਹੈ। ਡੇਰਾ ਬਾਬਾ ਨਾਨਕ ਨੇੜਲਾ ਪਿੰਡ ਮਾਨ, ਜੋ ਕਿ ਕਰਤਾਰਪੁਰ ਲਾਂਘੇ ਲਈ ਸ਼ੁਰੂ ਹੁੰਦੇ ਰਸਤੇ ਕੋਲ ਬਣੇ ਟੀ-ਪੁਆਇੰਟ ਕੋਲ ਹੈ, ਉੱਥੇ 25 ਏਕੜ ‘ਚ ਧਾਰਮਿਕ ਸਮਾਗਮਾਂ ਲਈ ਪੰਡਾਲ ਲੱਗੇਗਾ। ਜਦਕਿ 40 ਏਕੜ ‘ਚ ਸ਼ਰਧਾਲੂਆਂ ਦੀ ਰਿਹਾਇਸ਼ ਸਮੇਤ ਹੋਰ ਪ੍ਰਬੰਧਾਂ ਲਈ ਜ਼ਮੀਨ ਲਈ ਗਈ ਹੈ। ਹਲਕਾ ਵਿਧਾਇਕ ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਧਿਕਾਰੀਆਂ ਨਾਲ ਮੰਗਲਵਾਰ ਨੂੰ ਇਸ ਸਥਾਨ ਦਾ ਦੌਰਾ ਕੀਤਾ ਸੀ ਤੇ ਲੋੜੀਂਦੀਆਂ ਹਦਾਇਤਾਂ ਦਿੱਤੀਆਂ ਸਨ। ਝੋਨੇ ਤੇ ਚਾਰੇ ਨੂੰ ਕੁਝ ਦਿਨ ਪਹਿਲਾਂ ਵਾਹ ਦਿੱਤਾ ਗਿਆ ਸੀ। ਜਦਕਿ ਦੋ ਦਿਨ ਪਹਿਲਾਂ ਹੀ ਪ੍ਰਸ਼ਾਸਨ ਨੇ ਇਸ ਜ਼ਮੀਨ ਨੂੰ ਪੱਧਰਾ ਕਰਨਾ ਸ਼ੁਰੂ ਕੀਤਾ ਹੈ। ਡੇਰਾ ਬਾਬਾ ਨਾਨਕ ਦੇ ਐੱਸਡੀਐਮ ਗੁਰਸਿਮਰਨ ਸਿੰਘ ਢਿੱਲੋਂ ਨੇ ਦੱਸਿਆ ਕਿ ਟੈਂਟ ਸਿਟੀ ਅਕਤੂਬਰ ਵਿਚ ਹੀ ਮੁਕੰਮਲ ਕਰ ਲਈ ਜਾਵੇਗੀ ਤਾਂ ਜੋ ਨਵੰਬਰ ‘ਚ ਸ਼ਰਧਾਲੂਆਂ ਦੀ ਰਿਹਾਇਸ਼ ਲਈ ਇਹ ਤਿਆਰ ਹੋਵੇ।

Check Also

ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਦੀ ਨਵੀਂ ਖੇਤੀ ਪਾਲਿਸੀ ’ਤੇ ਚੁੱਕੇ ਸਵਾਲ

ਕਿਹਾ : ਨਵੀਂ ਖੇਤੀ ਪਾਲਿਸੀ ਦਾ ਪੰਜਾਬ ਦੇ ਕਿਸਾਨਾਂ ਨੂੰ ਕੋਈ ਫਾਇਦਾ ਨਹੀਂ ਪਟਿਆਲਾ/ਬਿਊਰੋ ਨਿਊਜ਼ …