-5 C
Toronto
Wednesday, December 3, 2025
spot_img
Homeਪੰਜਾਬਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ

ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਮੀਟਿੰਗ

ਸਮਾਗਮ ਮਿਲ ਕੇ ਮਨਾਉਣ ਲਈ ਅਜੇ ਵੀ ਸਥਿਤੀ ਸਪੱਸ਼ਟ ਨਹੀਂ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ‘ਤੇ ਮਨਾਉਣ ਨੂੰ ਲੈ ਕੇ ਅਜੇ ਤੱਕ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਸਥਿਤੀ ਸਪੱਸ਼ਟ ਨਹੀਂ ਹੋਈ। ਇਸ ਨੂੰ ਲੈ ਕੇ ਅੱਜ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਰਮਿਆਨ ਅੰਮ੍ਰਿਤਸਰ ਵਿਚ ਸੰਖੇਪ ਮੀਟਿੰਗ ਹੋਈ। ਇਸ ਮੀਟਿੰਗ ਵਿਚ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ‘ਤੇ ਅਮਲ ਕਰਨ ਉੱਤੇ ਜ਼ੋਰ ਦਿੱਤਾ ਗਿਆ। ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਐਸ.ਜੀ.ਪੀ.ਸੀ. ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਤਾਲਮੇਲ ਕਮੇਟੀ ਦੀ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਵੱਲੋਂ ਚਰਨਜੀਤ ਸਿੰਘ ਚੰਨੀ ਤਾਂ ਸ਼ਾਮਲ ਹੋਏ ਪਰ ਸੁਖਜਿੰਦਰ ਸਿੰਘ ਰੰਧਾਵਾ ਗੈਰਹਾਜ਼ਰ ਰਹੇ। ਇਸੇ ਦੌਰਾਨ ਚੰਨੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਹੁਕਮ ਹੈ ਕਿ ਇਸ ਸਮਾਗਮ ਨੂੰ ਰਲ ਕੇ ਮਨਾਇਆ ਜਾਵੇ। ਦੂਜੇ ਪਾਸੇ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹ ਨੁਮਾਇੰਦੇ ਵਜੋਂ ਹੀ ਪੁੱਜੇ ਹਨ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕੁਝ ਸੁਝਾਅ ਚਰਨਜੀਤ ਚੰਨੀ ਰਾਹੀਂ ਪੰਜਾਬ ਸਰਕਾਰ ਨੂੰ ਭੇਜੇ ਗਏ ਹਨ। ਚੰਨੀ ਇਹ ਸੁਝਾਅ ਮੁੱਖ ਮੰਤਰੀ ਹੋਰਾਂ ਨੂੰ ਵੀ ਦੱਸਣਗੇ। ਇਹ ਵੀ ਦੱਸਣਾ ਬਣਦਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਰਾਂ ਨੂੰ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਣਨ ਲਈ ਸ਼੍ਰੋਮਣੀ ਕਮੇਟੀ ਨੇ ਵੀ ਸੱਦਾ ਦਿੱਤਾ ਹੋਇਆ ਹੈ ਅਤੇ ਲੰਘੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਸੱਦਾ ਦੇ ਕੇ ਆਏ ਹਨ।

RELATED ARTICLES
POPULAR POSTS