-13.4 C
Toronto
Friday, January 30, 2026
spot_img
Homeਹਫ਼ਤਾਵਾਰੀ ਫੇਰੀਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਸਰਕਾਰ ਵੱਲੋਂ ਅਰਜ਼ੀ ਦਾਇਰ

ਕਲੋਜ਼ਰ ਰਿਪੋਰਟ ਦੀ ਕਾਪੀ ਲੈਣ ਲਈ ਸਰਕਾਰ ਵੱਲੋਂ ਅਰਜ਼ੀ ਦਾਇਰ

ਮੁਹਾਲੀ/ਬਿਊਰੋ ਨਿਊਜ਼ : ਬੇਅਦਬੀ ਮਾਮਲਿਆਂ ਸਬੰਧੀ ਜ਼ਿਲ੍ਹਾ ਫਰੀਦਕੋਟ ਦੇ ਥਾਣਾ ਬਾਜਾਖਾਨਾ ਵਿੱਚ ਦਰਜ ਕੇਸ ਨੂੰ ਖ਼ਤਮ ਕਰਨ ਲਈ ਸੀਬੀਆਈ ਦੀ ਜਾਂਚ ਵੱਲੋਂ ਮੁਹਾਲੀ ਅਦਾਲਤ ਵਿੱਚ ਦਾਇਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਲਈ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਵਿਸ਼ੇਸ਼ ਅਦਾਲਤ (ਹੇਠਲੀ ਅਦਾਲਤ) ਵਿੱਚ ਅਰਜ਼ੀ ਦਾਇਰ ਕਰ ਦਿੱਤੀ ਹੈ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵਿਸ਼ੇਸ਼ ਗੱਲਬਾਤ ਦੌਰਾਨ ਕੀਤਾ। ਪੰਜਾਬ ਪੁਲਿਸ ਦੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਨੇ ਇਹ ਅਰਜ਼ੀ ਜ਼ਿਲ੍ਹਾ ਅਟਾਰਨੀ (ਸਰਕਾਰੀ ਵਕੀਲ) ਸੰਜੀਵ ਬੱਤਰਾ ਰਾਹੀਂ ਸੀਬੀਆਈ ਦੇ ਵਿਸ਼ੇਸ਼ ਜੱਜ ਜੀਐੱਸ ਸੇਖੋਂ ਦੀ ਅਦਾਲਤ ਵਿੱਚ ਦਾਇਰ ਕੀਤੀ ਹੈ। ਜ਼ਿਕਰਯੋਗ ਹੈ ਕਿ ਉਕਤ ਅਦਾਲਤ ਨੇ ਲੰਘੀ 23 ਜੁਲਾਈ ਨੂੰ ਬੇਅਦਬੀ ਮਾਮਲਿਆਂ ਸਬੰਧੀ ਸੀਬੀਆਈ ਦੀ ਕਲੋਜ਼ਰ ਰਿਪੋਰਟ ‘ਤੇ ਵੱਖ ਵੱਖ ਪਹਿਲੂਆਂ ‘ਤੇ ਗੌਰ ਕਰਦਿਆਂ ਰਾਜ ਸਰਕਾਰ ਦੀ ਅਰਜ਼ੀ ਨੂੰ ਮੁੱਢੋਂ ਖ਼ਾਰਜ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਰਕਾਰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਲੈਣ ਦੀ ਹੱਕਦਾਰ ਨਹੀਂ ਹੈ। ਇਹ ਰਿਪੋਰਟ ਸਿਰਫ਼ ਸ਼ਿਕਾਇਤਕਰਤਾਵਾਂ ਰਣਜੀਤ ਸਿੰਘ ਅਤੇ ਗ੍ਰੰਥੀ ਗੋਰਾ ਸਿੰਘ ਅਤੇ ਇਤਿਹਾਸਕ ਗੁਰਦੁਆਰਾ ਬਰਗਾੜੀ ਸਾਹਿਬ ਦੇ ਮੈਨੇਜਰ ਕੁਲਵਿੰਦਰ ਸਿੰਘ ਅਤੇ ਕੇਸ ਵਿੱਚ ਨਾਮਜ਼ਦ ਮੁਲਜ਼ਮਾਂ ਨੂੰ ਹੀ ਦਿੱਤੀ ਜਾ ਸਕਦੀ ਹੈ। ਅਤੁਲ ਨੰਦਾ ਨੇ ਦੱਸਿਆ ਕਿ ਏਆਈਜੀ (ਕਰਾਈਮ) ਸਰਬਜੀਤ ਸਿੰਘ ਨੇ ਸਰਕਾਰੀ ਵਕੀਲ ਰਾਹੀਂ ਸੀਬੀਆਈ ਦੀ ਹੇਠਲੀ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉੱਪਰਲੀ ਅਦਾਲਤ ਦੇ ਤਾਜ਼ਾ ਫੈਸਲੇ ਤੋਂ ਜਾਣੂ ਕਰਵਾਉਂਦਿਆਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਅਤੇ ਹੋਰ ਲੋੜੀਂਦੇ ਅਹਿਮ ਦਸਤਾਵੇਜ਼ ਦੇਣ ਦੀ ਅਪੀਲ ਕੀਤੀ ਹੈ। ਉਂਜ ਉੱਪਰਲੀ ਅਦਾਲਤ ਨੇ ਵੀ ਆਪਣੇ ਤਾਜ਼ਾ ਫੈਸਲੇ ਦੀ ਇਕ ਕਾਪੀ ਹੇਠਲੀ ਅਦਾਲਤ ਨੂੰ ਭੇਜੀ ਗਈ ਹੈ। ਉਨ੍ਹਾਂ ਦੱਸਿਆ ਕਿ ਕਲੋਜ਼ਰ ਰਿਪੋਰਟ ਦੀ ਕਾਪੀ ਮਿਲਣ ਤੋਂ ਬਾਅਦ ਸੂਬਾ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਰਿਪੋਰਟ ਵਿਚਲੇ ਤੱਥਾਂ ਸਬੰਧੀ ਵੱਖ ਵੱਖ ਪਹਿਲੂਆਂ ‘ਤੇ ਵਿਚਾਰ ਚਰਚਾ ਕੀਤੀ ਜਾਵੇਗੀ। ਜੇਕਰ ਲੋੜ ਪਈ ਤਾਂ ਇਤਰਾਜ਼ਨ ਪਟੀਸ਼ਨ ਦਾਇਰ ਕੀਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੇਠਲੀ ਅਦਾਲਤ ਦੇ ਫੈਸਲੇ ਨੂੰ ਮੁਹਾਲੀ ਸਥਿਤ ਸੀਬੀਆਈ ਦੇ ਵਿਸ਼ੇਸ਼ ਜੱਜ (ਸੀਨੀਅਰ ਡਿਵੀਜ਼ਨ) ਐੱਨਐੱਸ ਗਿੱਲ ਦੀ ਅਦਾਲਤ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕਰਕੇ ਚੁਣੌਤੀ ਦਿੱਤੀ ਗਈ ਸੀ। ਪਿਛਲੇ ਦਿਨੀਂ ਅਦਾਲਤ ਨੇ ਸਰਕਾਰ ਵੱਲੋਂ ਪੇਸ਼ ਹੋਏ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਅਤੇ ਏਆਈਜੀ (ਕਰਾਈਮ) ਸਰਬਜੀਤ ਸਿੰਘ ਅਤੇ ਸੀਬੀਆਈ ਦੇ ਵਕੀਲਾਂ ਰਾਜ ਮੋਹਨ ਚੰਦ ਅਤੇ ਰਤਨਦੀਪ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸ਼ਾਮ ਨੂੰ ਸਰਕਾਰ ਦੀ ਰਿਵੀਜ਼ਨ ਪਟੀਸ਼ਨ ਨੂੰ ਮਨਜ਼ੂਰ ਕਰਦਿਆਂ ਸੀਬੀਆਈ ਨੂੰ ਹਦਾਇਤ ਕੀਤੀ ਗਈ ਸੀ ਕਿ ਸੂਬਾ ਸਰਕਾਰ ਨੂੰ ਕਲੋਜ਼ਰ ਰਿਪੋਰਟ ਦੀ ਤਸਦੀਕਸ਼ੁਦਾ ਕਾਪੀ ਅਤੇ ਹੋਰ ਦਸਤਾਵੇਜ਼ ਮੁਹੱਈਆ ਕਰਵਾਏ ਜਾਣ।

ਸੀਬੀਆਈ ਤੋਂ ਜਾਂਚ ਵਾਪਸ ਲੈਣ ਉਪਰੰਤ ਪੁਲਿਸ ਕਰ ਸਕਦੀ ਹੈ ਵੱਡਾ ਖ਼ੁਲਾਸਾ
ਫ਼ਰੀਦਕੋਟ : ਜੂਨ 2014 ਤੋਂ ਲੈ ਕੇ ਅਕਤੂਬਰ 2015 ਤੱਕ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਤਿੰਨ ਘਟਨਾਵਾਂ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਲਈ ਹੁਣ ਪੰਜਾਬ ਸਰਕਾਰ ਨੇ ਕਾਹਲੀ ਕਰਨੀ ਸ਼ੁਰੂ ਕਰ ਦਿੱਤੀ ਹੈ। ਬਾਜਾਖਾਨਾ ਪੁਲਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਤਿੰਨ ਪਰਚੇ ਦਰਜ ਕੀਤੇ ਗਏ ਸਨ ਅਤੇ ਅਕਾਲੀ ਸਰਕਾਰ ਨੇ ਇਹ ਤਿੰਨੋਂ ਮਾਮਲੇ ਸੀਬੀਆਈ ਹਵਾਲੇ ਕਰ ਦਿੱਤੇ ਸਨ। 400 ਤੋਂ ਵੱਧ ਗਵਾਹਾਂ ਦੀਆਂ ਹੱਥ ਲਿਖਤਾਂ ਦੇ ਨਮੂਨੇ ਲੈਣ ਅਤੇ ਸਬੂਤ ਇਕੱਤਰ ਕਰਨ ਤੋਂ ਬਾਅਦ ਵੀ ਸੀਬੀਆਈ ਨੇ ਅਦਾਲਤ ਵਿੱਚ ਲਿਖਤੀ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਦੋਸ਼ੀਆਂ ਬਾਰੇ ਪੁਖ਼ਤਾ ਸੁਰਾਗ ਨਹੀਂ ਮਿਲੇ ਪ੍ਰੰਤੂ ਪੰਜਾਬ ਸਰਕਾਰ ਨੇ ਹੁਣ ਇਸ ਮਾਮਲੇ ਨੂੰ ਆਪਣੇ ਪੱਧਰ ‘ਤੇ ਨਜਿੱਠਣ ਲਈ ਵਿਉਂਤਬੰਦੀ ਕਰ ਲਈ ਹੈ। ਪਤਾ ਲੱਗਾ ਹੈ ਕਿ ਜਦੋਂ ਸੀਬੀਆਈ ਇਸ ਮਾਮਲੇ ਦੀ ਪੜਤਾਲ ਕਰ ਰਹੀ ਸੀ, ਉਦੋਂ ਪੰਜਾਬ ਪੁਲਿਸ ਦੀ ਇੱਕ ਟੀਮ ਵੀ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਹੋਣ ਅਤੇ 24 ਸਤੰਬਰ ਨੂੰ ਇਸ ਦੇ ਅੰਗ ਬਰਗਾੜੀ ਦੀਆਂ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਦੀ ਆਪਣੇ ਪੱਧਰ ‘ਤੇ ਪੜਤਾਲ ਕਰ ਰਹੀ ਸੀ। ਫ਼ਾਜ਼ਿਲਕਾ, ਫ਼ਰੀਦਕੋਟ ਅਤੇ ਬਠਿੰਡਾ ਜ਼ਿਲ੍ਹੇ ਦੇ ਤਿੰਨ ਪੁਲਿਸ ਅਧਿਕਾਰੀਆਂ ਨੇ ਜਾਰੀ ਸਕੈੱਚਾਂ ਦੇ ਆਧਾਰ ‘ਤੇ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਸ ਤੋਂ ਕੀਤੀ ਗਈ ਪੁੱਛ-ਪੜਤਾਲ ਦੌਰਾਨ ਪੁਲਿਸ ਨੂੰ ਕਈ ਅਹਿਮ ਸੁਰਾਗ ਮਿਲੇ ਸਨ। ਸੂਤਰਾਂ ਅਨੁਸਾਰ ਬੇਅਦਬੀ ਕਾਂਡ ਦੌਰਾਨ ਬਰਗਾੜੀ, ਬਹਿਬਲ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਇਸ ਨੌਜਵਾਨ ਨੂੰ ਦਸ ਮੋਬਾਈਲਾਂ ਤੋਂ ਫ਼ੋਨ ਆ ਰਹੇ ਸਨ ਅਤੇ ਘਟਨਾ ਤੋਂ ਬਾਅਦ ਇਸ ਸਾਰੇ ਮੋਬਾਈਲ ਫ਼ੋਨ ਨੰਬਰ ਬੰਦ ਹੋ ਗਏ ਸਨ। ਜਿਸ ਨੌਜਵਾਨ ਨੂੰ ਪੰਜਾਬ ਪੁਲਿਸ ਦੀ ਟੀਮ ਨੇ ਹਿਰਾਸਤ ਵਿੱਚ ਲਿਆ ਸੀ, ਉਸ ਨੇ ਕੁਝ ਸਮੇਂ ਬਾਅਦ ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਸਾਹਮਣੇ ਪੇਸ਼ ਹੋ ਕੇ ਲਿਖਤੀ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਬੇਅਦਬੀ ਕਾਂਡ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪ੍ਰੰਤੂ ਪੁਲਿਸ ਟੀਮ ਨੇ ਇਸ ਨੌਜਵਾਨ ਤੋਂ ਘਟਨਾ ਬਾਰੇ ਸਾਰੀ ਜਾਣਕਾਰੀ ਹਾਸਲ ਕਰ ਲਈ ਸੀ।
ਮੁੱਢਲੀ ਪੜਤਾਲ ਦੌਰਾਨ ਇਸ ਨੌਜਵਾਨ ਨੂੰ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਸਬੰਧੀ ਗ੍ਰਿਫ਼ਤਾਰ ਕਰਨ ਦੀ ਤਿਆਰੀ ਵੀ ਕਰ ਲਈ ਸੀ ਪਰ ਸਿੱਖ ਸੰਗਤ ਦੇ ਸਖ਼ਤ ਰੋਸ ਕਾਰਨ ਪੰਜਾਬ ਸਰਕਾਰ ਨੇ ਬੇਅਦਬੀ ਕਾਂਡ ਵਿੱਚ ਕੋਈ ਵੱਡਾ ਖ਼ੁਲਾਸਾ ਕਰਨ ਦੀ ਥਾਂ ਇਸ ਮਾਮਲੇ ਨੂੰ ਸੀਬੀਆਈ ਹਵਾਲੇ ਕਰ ਦਿੱਤਾ। ਸੀਬੀਆਈ ਦੀ ਕਾਰਵਾਈ ਤੋਂ ਨਿਰਾਸ਼ ਪੰਜਾਬ ਸਰਕਾਰ ਨੇ ਹੁਣ ਇਸ ਮਾਮਲੇ ਨੂੰ ਆਪਣੇ ਪੱਧਰ ‘ਤੇ ਨਜਿੱਠਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਪੁਲਿਸ ਦੀਆਂ ਦੋ ਵਿਸ਼ੇਸ਼ ਟੀਮਾਂ ਬਹਿਬਲ ਕਾਂਡ ਤੇ ਬਰਗਾੜੀ ਕਾਂਡ ਦੀ ਪੜਤਾਲ ਕਰ ਚੁੱਕੀਆਂ ਹਨ ਅਤੇ ਇਸ ਮਾਮਲੇ ਵਿੱਚ ਪੰਜ ਪੁਲਿਸ ਅਧਿਕਾਰੀਆਂ ਨੂੰ ਦੋਸ਼ੀਆਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੰਜਾਬ ਪੁਲਿਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਜੇਕਰ ਬੇਅਦਬੀ ਕਾਂਡ ਦੀ ਪੜਤਾਲ ਪੰਜਾਬ ਪੁਲਿਸ ਨੂੰ ਦਿੱਤੀ ਜਾਂਦੀ ਹੈ ਤਾਂ ਸੱਚਾਈ ਜਲਦੀ ਲੋਕਾਂ ਸਾਹਮਣੇ ਆ ਜਾਵੇਗੀ। 14 ਅਕਤੂਬਰ ਨੂੰ ਬੇਅਦਬੀ ਕਾਂਡ ਤੋਂ ਬਾਅਦ ਵਾਪਰੇ ਬਹਿਬਲ ਕਾਂਡ ਵਿੱਚ ਸ਼ਹੀਦ ਹੋਏ ਦੋ ਸਿੱਖ ਨੌਜਵਾਨਾਂ ਦੀ ਚੌਥੀ ਬਰਸੀ ਬਰਗਾੜੀ ਵਿਚ ਮਨਾਈ ਜਾ ਰਹੀ ਹੈ, ਜਿਸ ਵਿੱਚ ਸਰਕਾਰ ਨੂੰ ਸੰਗਤ ਦੇ ਵੱਡੇ ਇਕੱਠ ਹੋਣ ਦੀ ਸੰਭਾਵਨਾ ਹੈ।

RELATED ARTICLES
POPULAR POSTS