Breaking News
Home / ਪੰਜਾਬ / ਪੰਜਾਬ ਸਰਕਾਰ ਦੀ ਸਿਫਾਰਸ਼ ‘ਤੇ ਕੇਂਦਰ ਨੇ ਪੰਜਾਬ ਦੇ 5 ਪੁਲਿਸ ਅਫ਼ਸਰਾਂ ਦੀਆਂ ਸਜ਼ਾਵਾਂ ਕੀਤੀਆਂ ਮੁਆਫ

ਪੰਜਾਬ ਸਰਕਾਰ ਦੀ ਸਿਫਾਰਸ਼ ‘ਤੇ ਕੇਂਦਰ ਨੇ ਪੰਜਾਬ ਦੇ 5 ਪੁਲਿਸ ਅਫ਼ਸਰਾਂ ਦੀਆਂ ਸਜ਼ਾਵਾਂ ਕੀਤੀਆਂ ਮੁਆਫ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੀਆਂ ਸਿਫਾਰਿਸ਼ਾਂ ‘ਤੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਸੂਬੇ ਦੇ ਪੰਜ ਪੁਲਿਸ ਅਫ਼ਸਰਾਂ/ਮੁਲਾਜ਼ਮਾਂ ਦੀਆਂ ਸਜ਼ਾਵਾਂ ਮੁਆਫ਼ ਕਰਕੇ ਉਨ੍ਹਾਂ ਨੂੰ ਰਿਹਾਅ ਕਰਨ ਦਾ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਪੁਲਿਸ ਅਫ਼ਸਰਾਂ ਦੀ ਸਜ਼ਾ ਮੁਆਫ਼ੀ ਦੇ ਫੈਸਲੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਗੈਰ ਰਸਮੀ ਤੌਰ ‘ਤੇ ਰਾਜ ਸਰਕਾਰ ਨੂੰ ਇਸ ਸਬੰਧੀ ਸੂਚਨਾ ਦਿੱਤੀ ਜਾ ਚੁੱਕੀ ਹੈ ਪਰ ਰਸਮੀ ਤੌਰ ‘ਤੇ ਸਜ਼ਾ ਮੁਆਫ਼ੀ ਵਾਲੇ ਪੁਲਿਸ ਅਫ਼ਸਰਾਂ ਬਾਰੇ ਹਾਲ ਦੀ ਘੜੀ ਸੂਚਿਤ ਨਹੀਂ ਕੀਤਾ ਗਿਆ ਹੈ। ਗ੍ਰਹਿ ਵਿਭਾਗ ਦੇ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨੂੰ 45 ਅਜਿਹੇ ਪੁਲਿਸ ਅਫ਼ਸਰਾਂ ਅਤੇ ਮੁਲਾਜ਼ਮਾਂ ਦੀ ਸੂਚੀ ਭੇਜੀ ਗਈ ਸੀ ਜਿਹੜੇ ਖਾੜਕੂਵਾਦ ਨਾਲ ਸਬੰਧਤ ਮਾਮਲਿਆਂ ਵਿੱਚ ਕਤਲ ਜਾਂ ਹੋਰ ਸੰਗੀਨ ਅਪਰਾਧਾਂ ਤਹਿਤ ਸਜ਼ਾਵਾਂ ਭੁਗਤ ਰਹੇ ਹਨ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਲੰਘੇ ਹਫ਼ਤੇ ਹੀ ਸੂਚੀ ਵਿਚਲੇ 45 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਵਿੱਚੋਂ 15 ਬਾਰੇ ਪੁਖ਼ਤਾ ਜਾਣਕਾਰੀ ਭੇਜਣ ਲਈ ਕਿਹਾ ਸੀ ਤੇ ਰਾਜ ਸਰਕਾਰ ਵੱਲੋਂ ਪਿਛਲੇ ਦਿਨੀਂ ਇਹ ਜਾਣਕਾਰੀ ਭੇਜੀ ਗਈ ਸੀ। ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਸਜ਼ਾਵਾਂ ਭੁਗਤ ਰਹੇ ਜਿਨ੍ਹਾਂ ਪੁਲਿਸ ਅਫ਼ਸਰਾਂ ਜਾਂ ਮੁਲਾਜ਼ਮਾਂ ਨੂੰ ਇਹ ਵੱਡੀ ਰਾਹਤ ਦਿੱਤੀ ਗਈ ਹੈ ਉਹ ਇਸ ਸਮੇਂ ਨਾਭਾ ਜੇਲ੍ਹ ਵਿੱਚ ਬੰਦ ਹਨ। ਉੱਧਰ, ਜੇਲ੍ਹ ਵਿਭਾਗ ਦੇ ਸੂਤਰਾਂ ਮੁਤਾਬਕ ਨਾਭਾ ਜੇਲ੍ਹ ‘ਚ ਡੀਐੱਸਪੀ ਰੈਂਕ ਦਾ ਸਿਰਫ਼ ਇੱਕ ਹੀ ਸਾਬਕਾ ਪੁਲਿਸ ਅਫ਼ਸਰ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਗ੍ਰਹਿ ਵਿਭਾਗ ਤੋਂ ਮਿਲੀ ਇੱਕ ਹੋਰ ਜਾਣਕਾਰੀ ਮੁਤਾਬਕ ਸੀਬੀਆਈ ਦੀਆਂ ਵਿਸ਼ੇਸ਼ ਅਦਾਲਤਾਂ ਜਾਂ ਹੋਰਨਾਂ ਅਦਾਲਤਾਂ ਵੱਲੋਂ ਪਿਛਲੇ ਸਮੇਂ ਦੌਰਾਨ ਖਾੜਕੂਵਾਦ ਨਾਲ ਸਬੰਧਤ ਕੇਸਾਂ ਵਿੱਚ 45 ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਨੂੰ ਉਮਰ ਕੈਦ ਜਾਂ ਹੋਰ ਸਜ਼ਾਵਾਂ ਸੁਣਾਈਆਂ ਗਈਆਂ ਸਨ। ਇਨ੍ਹਾਂ ਵਿੱਚੋਂ 22 ਪੁਲਿਸ ਅਧਿਕਾਰੀ/ਮੁਲਾਜ਼ਮ ਤਾਂ ਜੇਲ੍ਹਾਂ ਵਿੱਚ ਬੰਦ ਹਨ ਜਦੋਂ ਕਿ 23 ਨੂੰ ਉੱਚ ਅਦਾਲਤਾਂ ਨੇ ਜ਼ਮਾਨਤ ‘ਤੇ ਰਿਹਾਅ ਕੀਤਾ ਹੋਇਆ ਹੈ ਜਾਂ ਸਜ਼ਾ ਮੁਲਤਵੀ ਕਰ ਕੇ ਰਾਹਤ ਦਿੱਤੀ ਹੋਈ ਹੈ। ਪੁਲਿਸ ਵਿਭਾਗ ਵਿੱਚ ਚਰਚਾ ਹੈ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਲੜਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਕਤਲ ਕੇਸ ਨਾਲ ਸਬੰਧਤ ਪੁਲਿਸ ਅਫ਼ਸਰਾਂ ਤੇ ਮੁਲਾਜ਼ਮਾਂ ਦੇ ਨਾਂ ਵੀ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ ਰਾਹਤ ਵਾਲੀ ਸੂਚੀ ਵਿੱਚ ਸ਼ਾਮਲ ਹਨ। ਸੂਤਰਾਂ ਦਾ ਇਹ ਵੀ ਦੱਸਣਾ ਹੈ ਕਿ ਕੇਂਦਰ ਸਰਕਾਰ ਨੇ ਗਰਮਦਲੀਏ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਅਤੇ ਸਿੱਖਾਂ ਦੀਆਂ ਕਾਲੀਆਂ ਸੂਚੀਆਂ ਖ਼ਤਮ ਕਰਨ ਦੇ ਫ਼ੈਸਲੇ ਤੋਂ ਬਾਅਦ ਰਾਜ ਸਰਕਾਰ ਨੂੰ ਸੂਚਿਤ ਕਰ ਦਿੱਤਾ ਸੀ ਕਿ ਖਾੜਕੂਵਾਦ ਨਾਲ ਸਬੰਧਤ ਸਾਰੇ ਮਾਮਲਿਆਂ ਦਾ ਖ਼ਾਤਮਾ ਕਰਨ ਲਈ ਪੁਲਿਸ ਮੁਲਾਜ਼ਮਾਂ ਨੂੰ ਰਾਹਤ ਦੇਣ ਦਾ ਮਾਮਲਾ ਵੀ ਭੇਜਿਆ ਜਾਵੇ ਤੇ ਕੇਂਦਰ ਸਰਕਾਰ ਦੋਹਾਂ ਧਿਰਾਂ (ਗਰਮਦਲੀਏ ਤੇ ਪੁਲਿਸ) ਨੂੰ ਰਾਹਤ ਦੇਣਾ ਚਾਹੁੰਦੀ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਫ਼ੈਸਲੇ ਦਾ ਸਵਾਗਤ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਾੜਕੂਵਾਦ ਦੇ ਦੌਰ ਦੌਰਾਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਸੂਬੇ ਦੀਆਂ ਵੱਖ ਵੱਖ ਜੇਲ੍ਹਾਂ ਵਿੱਚ ਬੰਦ ਪੁਲਿਸ ਦੇ ਪੰਜ ਮੁਲਾਜ਼ਮਾਂ ਨੂੰ ਮਾਨਵੀ ਆਧਾਰ ‘ਤੇ ਰਿਹਾਅ ਕਰਨ ਬਾਰੇ ਕੇਂਦਰ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦਾ ਸਵਾਗਤ ਕੀਤਾ ਹੈ।

Check Also

ਸ਼ਿਕਾਇਤ ਕਰਨ ’ਤੇ 24 ਘੰਟਿਆਂ ’ਚ ਵਾਪਸ ਮਿਲੇਗੀ ਜ਼ਬਤ ਰਾਸ਼ੀ : ਚੋਣ ਕਮਿਸ਼ਨ ਦਾ ਫੈਸਲਾ

ਪੰਜਾਬ ’ਚ ਜ਼ਿਲ੍ਹਾ ਪੱਧਰ ’ਤੇ ਕਮੇਟੀਆਂ ਦਾ ਗਠਨ ਚੰਡੀਗੜ੍ਹ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਨੂੰ ਲੈ …