
ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਨੂੰ ਦੱਸਿਆ ਸਾਜਿਸ਼
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੇ ਪੰਜਾਬ ਸੂਬੇ ਦੇ ਹਸਨ ਅਬਦਾਲ ਸਥਿਤ ਗੁਰਦੁਆਰਾ ਪੰਜਾ ਸਾਹਿਬ ਦੇ ਦੀਵਾਨ ਹਾਲ ਵਿਚ ਲੰਘੇ ਕੱਲ੍ਹ ਭਿਆਨਕ ਅੱਗ ਲੱਗ ਗਈ। ਦੱਸਿਆ ਜਾ ਰਿਹਾ ਹੈ ਕਿ ਨਿਰਮਾਣ ਕਾਰਜ ਦੇ ਚੱਲਦਿਆਂ ਸ਼ਾਰਟ ਸਰਕਟ ਹੋਣ ਨਾਲ ਇਹ ਅੱਗ ਲੱਗੀ। ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਵਿਚ ਨਿਰਮਾਣ ਕਾਰਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਕੀਤੇ ਜਾ ਰਹੇ ਹਨ। ਅੱਗ ਨਾਲ ਕੁਝ ਬਿਸਤਰੇ ਅਤੇ ਦਰੀਆਂ ਵੀ ਸੜ ਗਈਆਂ।
ਇਸ ਦੇ ਚੱਲਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਘਟਨਾ ‘ਤੇ ਅਫਸੋਸ ਪ੍ਰਗਟਾਇਆ ਅਤੇ ਕਿਹਾ ਕਿ ਪ੍ਰਬੰਧਕਾਂ ਨੂੰ ਕੰਮ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਸੀ। ਉਧਰ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਸਬੰਧੀ ਜਵਾਬ ਦੇਣਾ ਚਾਹੀਦਾ ਹੈ ਕਿ ਕਿਤੇ ਕੋਈ ਸਾਜਿਸ਼ ਤਾਂ ਨਹੀਂ ਹੈ।